ਮੁੱਖ ਮੰਤਰੀ ਵੱਲੋਂ ਕਿਸਾਨੀ ਮਸਲਿਆਂ ਦੇ ਹੱਲ ਲਈ ਕਮੇਟੀ ਕਾਇਮ
ਦਵਿੰਦਰ ਪਾਲ
ਚੰਡੀਗੜ੍ਹ, 19 ਦਸੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ੇ ਤੇ ਨੌਕਰੀਆਂ ਸਮੇਤ ਹੋਰ ਲਟਕਦੇ ਮਸਲਿਆਂ ਦੇ ਹੱਲ ਲਈ ਇੱਕ ਕਮੇਟੀ ਦਾ ਗਠਨ ਕਰ ਦਿੱਤਾ ਹੈ। ਅੱਜ ਇੱਥੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਮੇਟੀ ਦੀ ਅਗਵਾਈ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ, ਜਦੋਂਕਿ ਸੀਨੀਅਰ ਆਈਏਐੱਸ ਅਧਿਕਾਰੀ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਤੇ ਖੇਤੀਬਾੜੀ ਮਾਹਿਰ ਮੈਂਬਰਾਂ ਵਜੋਂ ਸ਼ਾਮਲ ਹੋਣਗੇ। ਕਿਸਾਨਾਂ ਖਿਲਾਫ਼ ਪੁਲੀਸ ਕੇਸਾਂ ਦੇ ਨਿਪਟਾਰੇ ਲਈ ਵਧੀਕ ਡੀਜੀਪੀ ਜਸਕਰਨ ਸਿੰਘ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਕਮੇਟੀ ਵਿੱਚ ਸ਼ਮੂਲੀਅਤ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੀਟਿੰਗ ਕਰਕੇ ਤੈਅ ਕਰਨ ਮਗਰੋਂ ਦਿੱਤੇ ਜਾਣਗੇ। ਮੀਟਿੰਗ ਵਿੱਚ ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ, ਰਮਿੰਦਰ ਸਿੰਘ ਪਟਿਆਲਾ, ਬਲਦੇਵ ਸਿੰਘ ਨਿਹਾਲਗੜ੍ਹ, ਡਾ. ਦਰਸ਼ਨ ਪਾਲ, ਜੋਗਿੰਦਰ ਸਿੰਘ ਉਗਰਾਹਾਂ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜ ਗਿੱਲ, ਗੁਰਦਰਸ਼ਨ ਸਿੰਘ, ਬੂਟਾ ਸਿੰਘ ਸ਼ਾਦੀਪੁਰ, ਸਤਿਨਾਮ ਸਿੰਘ ਬਹਿਰੂ, ਕਿਰਨਜੀਤ ਸਿੰਘ ਸੇਖੋਂ ਅਤੇ ਰਛਪਾਲ ਸਿੰਘ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਛੇਤੀ ਤੋਂ ਛੇਤੀ ਪੂਰੀਆਂ ਕਰਨੀਆਂ ਯਕੀਨੀ ਬਣਾਉਣ ਲਈ ਇਹ ਕਮੇਟੀ 31 ਮਾਰਚ 2024 ਤੱਕ ਆਪਣੀ ਰਿਪੋਰਟ ਨੂੰ ਅੰਤਿਮ ਰੂਪ ਦੇਵੇਗੀ। ਮੁੱਖ ਮੰਤਰੀ ਨੇ ਪੰਜਾਬ ਕੋਲ ਹੋਰ ਰਾਜਾਂ ਲਈ ਪਾਣੀ ਦੀ ਇਕ ਬੂੰਦ ਵੀ ਵਾਧੂ ਨਾ ਹੋਣ ਦੀ ਗੱਲ ਦੁਹਰਾਉਂਦਿਆਂ ਕਿਹਾ ਕਿ ਉਹ 28 ਦਸੰਬਰ ਨੂੰ ਕੇਂਦਰੀ ਜਲ ਸਰੋਤ ਮੰਤਰੀ ਵੱਲੋਂ ਸੱਦੀ ਮੀਟਿੰਗ ਵਿੱਚ ਜ਼ਰੂਰ ਸ਼ਾਮਲ ਹੋਣਗੇ। ਸ੍ਰੀ ਮਾਨ ਨੇ ਕਿਹਾ ਕਿ ਮੀਟਿੰਗ ਵਿੱਚ ਉਹ ਪੰਜਾਬ ਦਾ ਪੱਖ ਪੁਖ਼ਤਗੀ ਨਾਲ ਕੇਂਦਰ ਸਰਕਾਰ ਅੱਗੇ ਰੱਖਣਗੇ। ਮੁੱਖ ਮੰਤਰੀ ਨੇ ਪਹਿਲੀ ਜਨਵਰੀ ਤੋਂ 13 ਅਪਰੈਲ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਦੌਰਾਨ ਜ਼ਮੀਨ ਦੀ ਸਹਿਮਤੀ ਨਾਲ ਤਕਸੀਮ ਕਰਨ ਲਈ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਜੇ ਕਿਸਾਨਾਂ ਦਾ ਜ਼ਮੀਨ ਦੀ ਮਾਲਕੀ ਬਾਰੇ ਕੋਈ ਵਿਵਾਦ ਨਹੀਂ ਹੋਵੇਗਾ ਤਾਂ ਜ਼ਮੀਨ ਦੀ ਮਲਕੀਅਤ ਕਬਜ਼ੇ ਦੇ ਆਧਾਰ ’ਤੇ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਪਿੰਡਾਂ ਵਿੱਚ ਸਹਿਕਾਰੀ ਸਭਾਵਾਂ ਵਿੱਚ ਨਵੇਂ ਖਾਤੇ ਖੋਲ੍ਹਣ ਉਤੇ ਲੱਗੀ ਰੋਕ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਅੰਤ ਤੱਕ ਕਿਸਾਨਾਂ ਦਾ ਹਰ ਤਰ੍ਹਾਂ ਦਾ ਬਕਾਇਆ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਹਿੰਦ ਫੀਡਰ ਦੀਆਂ ਟੇਲਾਂ ਉੱਤੇ ਪਾਣੀ ਮੁਹੱਈਆ ਕਰਵਾਉਣ ਲਈ ਲਾਏ ਗਏ 242 ਲਿਫਟ ਪੰਪਾਂ ਨੂੰ ਪਹਿਲੀ ਜਨਵਰੀ ਤੋਂ ਮੁਫ਼ਤ ਬਿਜਲੀ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਵਾਰਾ ਅਤੇ ਜੰਗਲੀ ਜਾਨਵਰਾਂ ਨਾਲ ਨਜਿੱਠਣ ਲਈ ਸਰਕਾਰ ਕਿਸਾਨਾਂ ਨੂੰ ਪਰਮਿਟ ਦੇਣ ਉਤੇ ਵਿਚਾਰ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਬਿਜਲੀ ਦੀ ਵੰਡ ਦਾ ਕੰਮ ਕਿਸੇ ਪ੍ਰਾਈਵੇਟ ਏਜੰਸੀ ਨੂੰ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਦਾ ਹੱਕ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਦੀ ਸਹਾਇਤਾ ਲਈ ਹਰੇਕ ਕਦਮ ਚੁੱਕੇਗੀ।