ਮੁੱਖ ਮੰਤਰੀ ਵੱਲੋਂ ਰਾਜਪੁਰਾ ਦੇ ਮਿਨੀ ਸਕੱਤਰੇਤ ਦਾ ਦੌਰਾ
ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 5 ਅਗਸਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਵੀ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਹੋ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ ਅਤੇ ਉੱਥੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਨੌਜਵਾਨ ਤਹਿਸੀਲਦਾਰ ਜਸਪ੍ਰੀਤ ਸਿੰਘ ਨਾਲ ਪੰਜ ਮਿੰਟ ਤੱਕ ਗੱਲਬਾਤ ਕਰਦਿਆਂ ਆਪਣੇ ਸਾਹਮਣੇ ਦੋ ਰਜਿਸਟਰੀਆਂ ਕਰਵਾਈਆਂ। ਤਹਿਸੀਲਦਾਰ ਨੇ ਦੱਸਿਆ ਕਿ ਰੋਜ਼ਾਨਾ 35-40 ਰਜਿਸਟਰੀਆਂ ਹੁੰਦੀਆਂ ਹਨ, ਜਿਨ੍ਹਾਂ ਦੀ ਪਹਿਲਾਂ ਆਨਲਾਈਨ ਬੁਕਿੰਗ ਹੁੰਦੀ ਹੈ, ਬੁਕਿੰਗ ਵਾਲੀਆਂ ਸਾਰੀਆਂ ਰਜਿਸਟਰੀਆਂ ਦਾ ਕੰਮ ਉਸੇ ਦਿਨ ਹੀ ਸਮਾਪਤ ਕੀਤਾ ਜਾਂਦਾ ਹੈ। ਇਸ ਲਈ ਕਈ ਵਾਰ ਸ਼ਾਮ 5 ਵਜੇ ਤੋਂ ਵੱਧ ਦਾ ਸਮਾਂ ਵੀ ਹੋ ਜਾਂਦਾ ਹੈ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਕੰਮ ਦੀ ਤਾਰੀਫ਼ ਕੀਤੀ। ਸ੍ਰੀ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਅਧਿਕਾਰੀਆਂ ’ਚ ਕਿਸੇ ਕਿਸਮ ਦਾ ਨੁਕਸ ਕੱਢਣਾ ਨਹੀਂ ਹੈ ਸਗੋਂ ਉਨ੍ਹਾਂ ਦਾ ਮਕਸਦ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਸਰਕਾਰੀ ਅਧਿਕਾਰੀਆਂ ਨੂੰ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਨਸੀਹਤ ਵੀ ਦਿੱਤੀ।
ਮਾਨ ਨੇ ਸਪੱਸ਼ਟ ਕਿਹਾ ਕਿ ਉਹ ਕਿਸੇ ਵੀ ਸਮੇਂ ਕਿਸੇ ਵੀ ਸਰਕਾਰੀ ਦਫ਼ਤਰ, ਸਕੂਲ ਜਾਂ ਹਸਪਤਾਲ ਦਾ ਦੌਰਾ ਕਰ ਸਕਦੇ ਹਨ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਐੱਨਓਸੀ ਪ੍ਰਣਾਲੀ ਨੂੰ ਖ਼ਤਮ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਕਰ ਰਹੀ ਹੈ।
ਦਫਤਰੀ ਬਾਬੂਆਂ ਨੂੰ ਪਹਿਲਾਂ ਹੀ ਲੱਗ ਗਈ ਸੀ ਦੌਰੇ ਦੀ ਭਿਣਕ
ਅੱਜ ਮਿਨੀ ਸਕੱਤਰੇਤ ਰਾਜਪੁਰਾ ਵਿੱਚ ਮੁੱਖ ਮੰਤਰੀ ਦੀ ਆਮਦ ਦਾ ਭਾਵੇਂ ਪਾਰਟੀ ਵਰਕਰਾਂ ਨੂੰ ਤਾਂ ਪਤਾ ਨਹੀਂ ਲੱਗਿਆ ਪਰ ਮਿਨੀ ਸਕੱਤਰੇਤ ਦੇ ਸਰਕਾਰੀ ਬਾਬੂਆਂ ਨੂੰ ਇਸ ਦੀ ਭਿਣਕ ਪਹਿਲਾਂ ਹੀ ਲੱਗ ਗਈ ਸੀ। ਇਸ ਕਾਰਨ ਸਵੇਰ ਤੋਂ ਹੀ ਦਫ਼ਤਰਾਂ ਵਿੱਚ ਮਾਹੌਲ ਸੁਖਾਵਾਂ ਬਣਾਉਣ ਦੇ ਯਤਨ ਕੀਤੇ ਗਏ। ਸੂਤਰਾਂ ਅਨੁਸਾਰ ਸਰਕਾਰੀ ਬਾਬੂ ਗੁਪਤ ਸੁਨੇਹਿਆਂ ਰਾਹੀਂ ਇਕ ਦੂਜੇ ਨੂੰ ਆਪਣੀ ਸੀਟ ’ਤੇ ਹੀ ਬੈਠੇ ਰਹਿਣ ਦੀ ਨਸੀਹਤ ਦਿੰਦੇ ਰਹੇ। ਸਰਕਾਰੀ ਅਮਲਾ ਇਸ ਦੌਰੇ ਨੂੰ ਗੁਪਤ ਤੇ ਅਚਨਚੇਤ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਸੀ ਪਰ ਚੰਡੀਗੜ੍ਹ, ਪਟਿਆਲਾ ਤੇ ਰਾਜਪੁਰਾ ਦੇ ਮੀਡੀਆ ਕਰਮੀ ਮੁੱਖ ਮੰਤਰੀ ਦੇ ਆਉਣ ਤੋਂ ਕਾਫ਼ੀ ਸਮਾਂ ਪਹਿਲਾਂ ਮਿਨੀ ਸਕੱਤਰੇਤ ਦੇ ਗੇੜੇ ਕੱਢਦੇ ਦੇਖੇ ਗਏ। ਉੱਧਰ ਆਮ ਲੋਕਾਂ ਦਾ ਕਹਿਣਾ ਹੈ ਕਿ ਜੇ ਮੁੱਖ ਮੰਤਰੀ ਨੇ ਅਜਿਹੇ ਅਚਨਚੇਤ ਦੌਰੇ ਕਰਨੇ ਹੁੰਦੇ ਹਨ ਤਾਂ ਉਹ ਪੰਜ ਸੱਤ ਬੰਦਿਆਂ ਨਾਲ ਹੀ ਦੌਰਾ ਕਰਨ। ਇਸ ਵੇਲੇ ਆਮ ਆਦਮੀ ਨੂੰ ਉਨ੍ਹਾਂ ਦੇ ਨੇੜੇ ਫਟਕਣ ਨਹੀਂ ਦਿੱਤਾ ਜਾਂਦਾ ਸਗੋਂ ਪਾਰਟੀ ਦੇ ਵਰਕਰਾਂ ਨੂੰ ਹੀ ਆਮ ਆਦਮੀ ਬਣਾ ਕੇ ਉਨ੍ਹਾਂ ਦੇ ਅੱਗੇ ਪੇਸ਼ ਕੀਤਾ ਜਾਂਦਾ ਹੈ, ਜੋ ਕਿ ਮੁੱਖ ਮੰਤਰੀ ਨੂੰ ਸੱਚਾਈ ਦੱਸਣ ਦੀ ਬਜਾਏ, ਝੂਠ ਹੀ ਬਿਆਨਦੇ ਹਨ।
ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਪਾਰਟੀ ਦਫ਼ਤਰ ਖੋਲ੍ਹਣ ਦਾ ਦਿੱਤਾ ਭਰੋਸਾ
ਚੰਡੀਗੜ੍ਹ (ਟਨਸ):
ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਬਰਸਟ ਨੇ ਮੁੱਖ ਮੰਤਰੀ ਨੂੰ ਪੰਜਾਬ ਵਿੱਚ ‘ਆਪ’ ਦੀਆਂ ਕੀਤੀਆਂ ਜਾ ਰਹੀਆਂ ਗਤੀਵਿਧਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਦਿੱਤਾ ਗਿਆ ਮੰਗ ਪੱਤਰ ਮੁੱਖ ਮੰਤਰੀ ਨੂੰ ਸੌਂਪਦਿਆਂ ਸੂਬੇ ਦੇ ਸਾਰੇ ਜ਼ਿਲ੍ਹਿਆ ਵਿੱਚ ਪਾਰਟੀ ਦਫ਼ਤਰ ਖੋਲ੍ਹਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਹੈੱਡਕੁਆਰਟਰ ਬਣਾਉਣ ਦੇ ਸੁਝਾਅ ਦਾ ਸਵਾਗਤ ਕੀਤਾ। ਉਨ੍ਹਾਂ ‘ਆਪ’ ਦੇ ਸੂਬਾ ਜਨਰਲ ਸਕੱਤਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆ ਵਿੱਚ ਘੱਟੋ-ਘੱਟ 1000 ਵਰਗ ਗਜ਼ ਥਾਂ ਕੁਲੈਕਟਰ ਰੇਟਾਂ ’ਤੇ ਮੁਹੱਈਆ ਕਰਵਾਈ ਜਾਵੇਗੀ।