ਮੁੱਖ ਮੰਤਰੀ ਵੱਲੋਂ ਪਾਣੀ ਸੰਕਟ ਦੇ ਟਾਕਰੇ ਲਈ ਅੰਦੋਲਨ ਵਿੱਢਣ ਦਾ ਸੱਦਾ
ਹਤਿੰਦਰ ਮਹਿਤਾ
ਜਲੰਧਰ, 16 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਵਿੱਚ ਪੈਦਾ ਹੋਏ ਪਾਣੀ ਦੇ ਸੰਕਟ ਨਾਲ ਨਜਿੱਠਣ ਲਈ ਅੰਦੋਲਨ ਸ਼ੁਰੂ ਕਰਨਾ ਪਵੇਗਾ। ‘ਆਪ’ ਸਰਕਾਰ ਨੇ ਇਸ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਰਾਣੀਆਂ ਨਹਿਰਾਂ, ਨਾਲਿਆਂ ਤੇ ਸਹਾਇਕ ਨਦੀਆਂ ਆਦਿ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ‘ਆਪ’ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਪੰਜਾਬੀਆਂ ਨੂੰ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੀ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਪ੍ਰਦੂਸ਼ਣ ਰੋਕਣਾ ਗੰਭੀਰ ਚੁਣੌਤੀ ਹੈ, ਜਿਸ ਕਰਕੇ ਹਰ ਪੰਜਾਬੀ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਵਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਪੰਜਾਬੀਆਂ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਦੀ ਸੁਰੱਖਿਆ ਲਈ ਵੀ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਕੀਮਤ ਤਾਰਨੀ ਪਾਈ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਆਰੰਭੀ ਹੋਈ ਹੈ। ਹੁਣ ਤੱਕ 14,381 ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਹੈ ਅਤੇ 10,393 ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।
ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਨਹਿਰੀ ਪਾਣੀ ਦੇ ਢਾਂਚੇ ਦੀ ਕਾਇਆ ਕਲਪ ਕਰਨ ਵੱਲ ਸਭ ਤੋਂ ਵੱਧ ਧਿਆਨ ਦਿੱਤਾ ਹੈ। ਜਦੋਂ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆਈ ਸੀ, ਉਦੋਂ ਸਿਰਫ਼ 21 ਫੀਸਦੀ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾਂਦਾ ਸੀ। ਹੁਣ 72 ਫੀਸਦ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਾਰ ਕਲਾਂ ਵਿੱਚ 206 ਮੈਗਾਵਾਟ ਦੀ ਸਮਰੱਥਾ ਵਾਲੇ ਡੈਮ ਦੀ ਸਥਾਪਨਾ ਕੀਤੀ ਜਾ ਰਹੀ ਹੈ। ਆਉਂਦੇ ਦਿਨਾਂ ਵਿੱਚ ਇਹ ਡੈਮ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਵੈਭਵ ਚੌਧਰੀ ਆਈਪੀਐੱਸ ਦੀ ਅਗਵਾਈ ਹੇਠ ਸੀਆਰਪੀਐੱਫ, ਪੰਜਾਬ ਪੁਲੀਸ (ਮਹਿਲਾ ਤੇ ਪੁਰਸ਼), ਪੰਜਾਬ ਹੋਮਗਾਰਡਜ਼, ਐੱਨਸੀਸੀ, ਪੀਏਪੀ ਦੇ ਪਾਈਪ ਐਂਡ ਬਰਾਸ ਬੈਂਡ ਦੀਆਂ ਟੁਕੜੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਦੌਰਾਨ ਮੁੱਖ ਮੰਤਰੀ ਨੇ ਦੋ ਆਜ਼ਾਦੀ ਘੁਲਾਟੀਆਂ ਪ੍ਰੇਮ ਸਾਗਰ ਅਤੇ ਦੇਵ ਵਰਤ ਸ਼ਰਮਾ ਤੋਂ ਇਲਾਵਾ ਹੋਰ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਵੀ ਕੀਤਾ।
ਮੁੱਖ ਮੰਤਰੀ ਦੇ ਭਾਸ਼ਣ ਲਈ ਖ਼ਰੀਦੀ 16 ਲੱਖ ਦੀ ਬੁਲੇਟਪਰੂਫ ਸਕਰੀਨ
ਜਲੰਧਰ (ਅਪਰਨਾ ਬੈਨਰਜੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿੱਚ ਸੂਬਾ ਪੱਧਰੀ ਸਮਾਗਮ ਦੌਰਾਨ ਸੰਬੋਧਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਬੁਲੇਟਪਰੂਫ ਸ਼ੀਸ਼ੇ ਪਿੱਛੇ ਖੜ੍ਹ ਕੇ ਸੰਬੋਧਨ ਕੀਤਾ। ਪੰਜਾਬ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਵਾਸਤੇ ਆਜ਼ਾਦੀ ਦਿਹਾੜੇ ਮੌਕੇ ਸੰਬੋਧਨ ਕਰਨ ਲਈ ਵਿਸ਼ੇਸ਼ ਉੱਚ ਸੁਰੱਖਿਆ ਬੁਲੇਟਪਰੂਫ ਸ਼ੀਸ਼ੇ ਦੀ ਸਕਰੀਨ ਲਾਈ ਗਈ। ਇਸ ਬੁਲੇਟਪਰੂਫ ਸਕਰੀਨ ਦੀ ਕੀਮਤ 16 ਲੱਖ ਰੁਪਏ ਹੈ ਅਤੇ ਇਸ ਨੂੰ ਪੰਜਾਬ ਪੁਲੀਸ ਨੇ ਸਮਾਗਮ ਤੋਂ ਪਹਿਲਾਂ ਖ਼ਰੀਦਿਆ ਸੀ। ਇਹ ਸਮਾਗਮ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਹੋਇਆ ਜਿੱਥੇ ਇੱਕ ਹਜ਼ਾਰ ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਸਨ। ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਇਸ ਸਮਾਗਮ ਤੋਂ ਪਹਿਲਾਂ ਗਰਮ ਖਿਆਲੀਆਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ ਸਨ ਜਿਸ ਕਾਰਨ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਸਟੇਡੀਅਮ ਖੇਤਰ ਦੇ ਨਾਲ-ਨਾਲ ਆਲੇ-ਦੁਆਲੇ ਦੀਆਂ ਇਮਾਰਤਾਂ ਦੀ ਜਾਂਚ ਕੀਤੀ ਗਈ ਅਤੇ ਸਮਾਗਮ ਵਾਲੀ ਥਾਂ ਵੱਲ ਜਾਣ ਵਾਲੀ ਆਵਾਜਾਈ ਨੂੰ 14 ਅਗਸਤ ਸ਼ਾਮ ਤੋਂ ਹੀ ਬਦਲਵੇਂ ਰਸਤੇ ਭੇਜਿਆ ਗਿਆ। ਏਡੀਜੀਪੀ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਏਕੇ ਪਾਂਡੇ ਨੇ ਕਿਹਾ ਕਿ ਮੁੱਖ ਮੰਤਰੀ ਦੀ ਸੁਰੱਖਿਆ ਸਭ ਤੋਂ ਅਹਿਮ ਹੈ ਅਤੇ ਅਜਿਹੇ ਸੂਬਾ ਪੱਧਰੀ ਸਮਾਗਮਾਂ ਵਿੱਚ ਹਮੇਸ਼ਾ ਖ਼ਤਰਾ ਹੁੰਦਾ ਹੈ ਤੇ ਸਮੇਂ ਦੀ ਨਜ਼ਾਕਤ ਅਨੁਸਾਰ ਬੁਲੇਟਪਰੂਫ ਸਕਰੀਨ ਲਾਈ ਗਈ। ਸਰਹੱਦੀ ਸੂਬਾ ਹੋਣ ਕਰ ਕੇ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਸਮਾਗਮ ਤੋਂ ਪਹਿਲਾਂ ਪੰਜਾਬ ਪੁਲੀਸ ਵੱਲੋਂ ਵਿਸ਼ੇਸ਼ ਤੌਰ ’ਤੇ ਬੁਲੇਟਪਰੂਫ ਸਕਰੀਨ ਮੰਗਵਾਈ ਗਈ ਸੀ। ਉਨ੍ਹਾਂ ਪੁਸ਼ਟੀ ਕੀਤੀ ਕਿ ਇਸ ਸਮਾਗਮ ਵਿੱਚ 16 ਲੱਖ ਰੁਪਏ ਦੀ ਲਾਗਤ ਵਾਲੀ ਬੁਲੇਟਪਰੂਫ ਸਕਰੀਨ ਲਾਈ ਗਈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਜ਼ਰੂਰੀ ਕਦਮ ਚੁੱਕੇ ਜਾਣੇ ਚਾਹੀਦੇ ਹਨ।