ਮੁੱਖ ਸਕੱਤਰ ਨੇ ਰਾਹਤ ਕੰਮਾਂ ਲਈ 33.50 ਕਰੋੜ ਦੇ ਫ਼ੰਡ ਜਾਰੀ ਕੀਤੇ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੁਲਾਈ
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਗੱਲਬਾਤ ਕਰਕੇ ਮੀਂਹ ਕਾਰਨ ਪੈਦਾ ਹੋਏ ਹਾਲਾਤ ਅਤੇ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸੂਬੇ ਦੇ ਆਫ਼ਤ ਰਾਹਤ ਫ਼ੰਡ ਵਿੱਚੋਂ 33.50 ਕਰੋੜ ਰੁਪਏ ਤੁਰੰਤ ਜਾਰੀ ਕਰਦਿਆਂ ਕਿਹਾ ਕਿ ਰਾਹਤ ਤੇ ਬਚਾਅ ਕਾਰਜਾਂ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਵਿਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਡੀਜੀਪੀ ਗੌਰਵ ਯਾਦਵ ਅਤੇ ਫ਼ੌਜ ਤੇ ਐੱਨਡੀਆਰਐੱਫ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਮੁੱਖ ਸਕੱਤਰ ਨੇ ਕਿਹਾ ਕਿ ਫ਼ੀਲਡ ਅਧਿਕਾਰੀ, ਲੋਕ ਨੁਮਾਇੰਦਿਆਂ ਨਾਲ ਤਾਲਮੇਲ ਬਿਠਾ ਕੇ ਲੋਕਾਂ ਨਾਲ ਨਿਰੰਤਰ ਰਾਬਤਾ ਬਣਾ ਕੇ ਰੱਖਣ। ਜਲ ਸਰੋਤ ਵਿਭਾਗ ਵੱਲੋਂ ਸੂਬੇ ਵਿੱਚ ਜਲ ਭੰਡਾਰਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਵਰਮਾ ਨੇ ਕਿਹਾ ਕਿ ਨੀਵੇਂ ਪਾਣੀ ਵਾਲੇ ਖੇਤਰਾਂ ਅਤੇ ਹੜ੍ਹਾਂ ਦੇ ਸੰਭਾਵੀ ਖ਼ਤਰੇ ਵਾਲੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਨੂੰ ਪਹਿਲ ਦਿੱਤੀ ਜਾਵੇ। ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਲੋੜ ਪੈਣ ਉੱਤੇ ਖਾਣ ਵਾਲੇ ਪੈਕਟ ਤਿਆਰ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਤਾਲਮੇਲ ਬਣਾ ਕੇ ਲੋੜੀਂਦੇ ਸਰਕਾਰੀ ਫ਼ੰਡਾਂ ਦੀ ਵਰਤੋਂ ਕੀਤੀ ਜਾਵੇ। ਬਿਜਲੀ ਅਤੇ ਟੈਲੀਕਾਮ ਵਿਭਾਗ ਨੂੰ ਆਪਣੀਆਂ ਸੇਵਾਵਾਂ ਨਿਰਵਿਘਨ ਜਾਰੀ ਰੱਖਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਤਿਆਰ ਰਹਿਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਕਲੋਰੀਨ ਦੀਆਂ ਗੋਲੀਆਂ ਲਈ ਤੁਰੰਤ ਫ਼ੰਡ ਜਾਰੀ ਕਰਨ ਲਈ ਕਿਹਾ। ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਮੀਟਿੰਗ ਕਰਕੇ ਜਲ ਭੰਡਾਰਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਮੰਤਰੀ ਨੇ ਇਸ ਤੋਂ ਪਹਿਲਾਂ ਰਾਜਪੁਰਾ-ਬਨੂੜ ਰੋਡ ਉੱਤੇ ਚਿਤਕਾਰਾ ਯੂਨੀਵਰਸਿਟੀ ਨੇੜੇ ਐੱਸਵਾਈਐੱਲ ਦਾ ਵੀ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ (ਜਲ ਸਰੋਤ) ਕ੍ਰਿਸ਼ਨ ਕੁਮਾਰ ਅਤੇ ਚੀਫ਼ ਇੰਜਨੀਅਰ (ਨਹਿਰਾਂ) ਐੱਨ ਕੇ ਜੈਨ ਵੀ ਹਾਜ਼ਰ ਸਨ।