For the best experience, open
https://m.punjabitribuneonline.com
on your mobile browser.
Advertisement

ਮੁੱਖ ਸਕੱਤਰ ਨੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ

07:48 AM Jul 12, 2023 IST
ਮੁੱਖ ਸਕੱਤਰ ਨੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੁਲਾਈ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਭਾਰੀ ਮੀਂਹ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ ’ਤੇ ਨਜ਼ਰ ਰੱਖਣ ਅਤੇ ਰਾਹਤ ਕਾਰਜਾਂ ਨੂੰ ਹੇਠਲੇ ਪੱਧਰ ਉੱਤੇ ਚਲਾਉਣ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐੱਸਐੱਸਪੀਜ਼ ਤੋਂ ਮੌਜੂਦਾ ਸਥਿਤੀ ਦੀ ਰਿਪੋਰਟ ਲਈ ਗਈ। ਮੁੱਖ ਸਕੱਤਰ ਨੇ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਲੋਕ ਫਸੇ ਹੋਏ ਹਨ, ਉਨ੍ਹਾਂ ਨੂੰ ਸੁਰੱਖਿਅਤ ਕੱਢਣ ਅਤੇ ਉਨ੍ਹਾਂ ਲਈ ਖਾਣ-ਪੀਣ ਅਤੇ ਰਹਿਣ ਦੇ ਬਦਲਵੇਂ ਪ੍ਰਬੰਧਾਂ ਨੂੰ ਜੰਗੀ ਪੱਧਰ ’ਤੇ ਕੀਤਾ ਜਾਵੇ। ਵਰਮਾ ਨੇ ਕਿਹਾ ਕਿ ਅਸੁਰੱਖਿਅਤ ਇਮਾਰਤਾਂ ਦੀ ਤੁਰੰਤ ਸ਼ਨਾਖ਼ਤ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਆਖਿਆ ਕਿ ਜ਼ਿਲ੍ਹਿਆਂ ਨੂੰ ਜ਼ਰੂਰਤ ਮੁਤਾਬਕ ਐਨਡੀਆਰਐੱਫ਼ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਪਾਣੀ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕਿਸ਼ਤੀਆਂ, ਲਾਈਫ਼ ਜੈਕੇਟਾਂ, ਪਾਣੀ ਕੱਢਣ ਵਾਲੀਆਂ ਮਸ਼ੀਨਾਂ ਅਤੇ ਖਾਣ ਵਾਲੇ ਪੈਕੇਟਾਂ ਦੀ ਲੋੜ ਪੁੱਛੀ ਗਈ। ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਅਗਾਊਂ ਪ੍ਰਬੰਧ ਕਰਨ ਲਈ ਕਿਹਾ। ਸਥਾਨਕ ਸਰਕਾਰਾਂ ਵਿਭਾਗ ਨੂੰ ਫੌਗਿੰਗ ਤੇ ਸਪਰੇਅ ਦੇ ਪ੍ਰਬੰਧ ਕਰਨ ਲਈ ਆਖਿਆ। ਬਿਜਲੀ ਵਿਭਾਗ ਵੱਲੋਂ ਦੱਸਿਆ ਗਿਆ ਕਿ ਜਿੱਥੇ ਵੀ ਕਿਤੇ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਉਸ ਨੂੰ ਤੁਰੰਤ ਠੀਕ ਕਰਕੇ ਬਹਾਲ ਕੀਤੀ ਜਾਵੇ।
ਜਲ ਸਰੋਤ ਵਿਭਾਗ ਵੱਲੋਂ ਦੱਸਿਆ ਗਿਆ ਕਿ ਭਾਖੜਾ ਡੈਮ ਵਿੱਚ ਇਸ ਵਾਲੇ ਪਾਣੀ ਦਾ ਪੱਧਰ 1624.14 ਫੁੱਟ ਹੈ ਜਦਕਿ ਸਮਰੱਥਾ 1680 ਫੁੱਟ ਹੈ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1360.04 ਫੁੱਟ ਹੈ ਜਦਕਿ ਸਮਰੱਥਾ 1390 ਫੁੱਟ ਹੈ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1712.64 ਫੁੱਟ ਹੈ ਜਦੋਂ ਕਿ ਸਮਰੱਥਾ 1731.99 ਫੁੱਟ ਹੈ।
ਮੌਸਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਆਉਣੇ ਵਾਲੇ 48 ਘੰਟੇ ਤੱਕ ਪੰਜਾਬ ਵਿੱਚ ਖਿੰਡਵੀਆਂ ਥਾਵਾਂ ਉੱਤੇ ਹਲਕੀ ਤੋਂ ਦਰਮਿਆਨੀ ਬਾਰਸ਼ ਪਵੇਗੀ ਜਦਕਿ 48 ਤੋਂ 72 ਘੰਟਿਆਂ ਤੱਕ ਕੁਝ ਥਾਵਾਂ ਉੱਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਵੇਗੀ। ਹਿਮਾਚਲ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿੱਚ ਆਉਂਦੇ 24 ਘੰਟਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਪੈਣ ਦੀ ਸੰਭਾਵਨਾ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਡੀਜੀਪੀ ਗੌਰਵ ਯਾਦਵ ਅਤੇ ਸੈਨਾ ਅਤੇ ਐਨਡੀਆਰਐੱਫ਼ ਦੇ ਨੁਮਾਇੰਦੇ ਵੀ ਹਾਜ਼ਰ ਸਨ।

Advertisement

Advertisement
Tags :
Author Image

sukhwinder singh

View all posts

Advertisement
Advertisement
×