For the best experience, open
https://m.punjabitribuneonline.com
on your mobile browser.
Advertisement

ਪੰਜਾਬ ਮੰਤਰੀ ਮੰਡਲ ਵੱਲੋਂ ਰਜਿਸਟਰੀ ਲਈ ਐੱਨਓਸੀ ਦੀ ਸ਼ਰਤ ਖ਼ਤਮ

08:05 AM Aug 15, 2024 IST
ਪੰਜਾਬ ਮੰਤਰੀ ਮੰਡਲ ਵੱਲੋਂ ਰਜਿਸਟਰੀ ਲਈ ਐੱਨਓਸੀ ਦੀ ਸ਼ਰਤ ਖ਼ਤਮ
ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 14 ਅਗਸਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲੀ ਦੀ ਮੀਟਿੰਗ ਦੌਰਾਨ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਤਿੰਨ ਰੋਜ਼ਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮੌਨਸੂਨ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਿਆ ਗਿਆ ਹੈ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ਵਿੱਚ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਇਤਰਾਜ਼ਹੀਣਤਾ ਸਰਟੀਫਿਕੇਟ (ਐੱਨਓਸੀ) ਦੀ ਸ਼ਰਤ ਨੂੰ ਸਿਧਾਂਤਕ ਤੌਰ ’ਤੇ ਖ਼ਤਮ ਕਰਨ ਦੀ ਸਹਿਮਤੀ ਵੀ ਦਿੱਤੀ ਗਈ।
ਮੰਤਰੀ ਮੰਡਲ ਦੀ ਮੀਟਿੰਗ ਬਾਰੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਬਿਨਾਂ ਪ੍ਰਵਾਨਗੀ ਵਾਲੀਆਂ ਜ਼ਮੀਨਾਂ ਦੀ ਖਰੀਦੋ-ਫਰੋਖਤ ’ਤੇ ਪਾਬੰਦੀ ਲਾਉਣ ਲਈ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਲਈ ਵੱਖ-ਵੱਖ ਵਿਭਾਗਾਂ ਤੋਂ ਐੱਨਓਸੀ ਲੈਣੀ ਲਾਜ਼ਮੀ ਸੀ, ਜਿਸ ਕਾਰਨ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਅੱਧ ਵਿਚਾਲੇ ਅਟਕੀਆਂ ਹੋਈਆਂ ਹਨ। ਅੱਜ ਮੰਤਰੀ ਮੰਡਲ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਐੱਨਓਸੀ ਦੀ ਸ਼ਰਤ ਸਿਧਾਂਤਕ ਤੌਰ ’ਤੇ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿਨ੍ਹਾਂ ਜਾਇਦਾਦਾਂ ਦੇ ਰਜਿਸਟਰਡ ਬਿਆਨੇ 31 ਜੁਲਾਈ 2024 ਤੱਕ ਹੋ ਚੁੱਕੇ ਹਨ, ਉਨ੍ਹਾਂ ਜਾਇਦਾਦਾਂ ਦੀ ਰਜਿਸਟਰੀ 30 ਨਵੰਬਰ 2024 ਤੱਕ ਬਿਨਾਂ ਕਿਸੇ ਐੱਨਓਸੀ ਤੋਂ ਕਰਵਾਈ ਜਾ ਸਕੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਕੁਦਰਤੀ ਆਫ਼ਤਾਂ ਦੀ ਸੂਰਤ ਵਿੱਚ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਐੱਸਡੀਆਰਐੱਫ ਅਤੇ ਸੂਬਾਈ ਬਜਟ ’ਚੋਂ ਸਾਂਝੇ ਤੌਰ ’ਤੇ ਇਕ ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕਰਨ ਲਈ ਸਮਰੱਥ ਅਥਾਰਟੀ ਵਜੋਂ ਸਟੇਟ ਐਗਜ਼ੀਕਿਊਟਿਵ ਕਮੇਟੀ ਨੂੰ ਨਾਮਜ਼ਦ ਕਰਨ ਦੀ ਮਨਜ਼ੂਰੀ ਵੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਪੰਜਾਬ ਫਾਇਰ ਸੇਫ਼ਟੀ ਤੇ ਐਮਰਜੈਂਸੀ ਸੇਵਾਵਾਂ ਬਿੱਲ, 2024 ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸਾਲਾਨਾ ਫਾਇਰ ਸੇਫ਼ਟੀ ਸਰਟੀਫਿਕੇਟ ਹੁਣ ਤਿੰਨ ਸਾਲਾਂ ਮਗਰੋਂ ਲੈਣਾ ਪਵੇਗਾ। ਇਸ ਮੌਕੇ ਸੱਤ ਗ੍ਰਾਮ ਨਿਆਲਿਆ ਪਾਤੜਾਂ (ਪਟਿਆਲਾ), ਤਪਾ (ਬਰਨਾਲਾ), ਬੱਸੀ ਪਠਾਣਾਂ (ਫਤਹਿਗੜ੍ਹ ਸਾਹਿਬ), ਡੇਰਾ ਬਾਬਾ ਨਾਨਕ (ਗੁਰਦਾਸਪੁਰ), ਧਾਰ ਕਲਾਂ (ਪਠਾਨਕੋਟ), ਰਾਏਕੋਟ (ਲੁਧਿਆਣਾ) ਤੇ ਚਮਕੌਰ ਸਾਹਿਬ (ਰੂਪਨਗਰ) ਲਈ 49 ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ।
ਕੈਬਨਿਟ ਨੇ ਪੰਜਾਬ ’ਚ ਰਜਿਸਟਰਡ ਟੂਰਿਸਟ ਵਾਹਨਾਂ ’ਤੇ ਮੋਟਰ ਵਾਹਨ ਟੈਕਸ ਘਟਾ ਦਿੱਤਾ ਹੈ। ਲਗਜ਼ਰੀ ਵਾਹਨਾਂ ਦੀ ਇਕ ਹੋਰ ਸ਼੍ਰੇਣੀ ’ਤੇ ਵਾਧੂ ਰੋਡ ਟੈਕਸ ਲਾਉਣ ਦੀ ਵੀ ਸਹਿਮਤੀ ਦਿੱਤੀ ਅਤੇ ਵਾਤਾਵਰਨ ਪ੍ਰਦੂਸ਼ਣ ਦੀ ਰੋਕਥਾਮ ਲਈ ਪੰਜਾਬ ’ਚ ਰਜਿਸਟਰਡ ਪੁਰਾਣੇ ਟਰਾਂਸਪੋਰਟ ਤੇ ਗ਼ੈਰ ਟਰਾਂਸਪੋਰਟ ਵਾਹਨਾਂ ’ਤੇ ਗਰੀਨ ਟੈਕਸ ਲਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਨੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਤਿਆਰ ਕੀਤੀ ਯੁਵਕ ਸੇਵਾਵਾਂ ਨੀਤੀ-2024 ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸੇ ਦੌਰਾਨ ਖੇਡ ਵਿਭਾਗ ਦੇ ‘ਦਿ ਆਊਟਸਟੈਂਡਿਗ ਸਪੋਰਟਸ ਪਰਸਨਜ਼ ਸਰਵਿਸ ਰੂਲਜ਼’ ਤਿਆਰ ਕਰਕੇ ਇਸ ਰਾਹੀਂ ਸਪੋਰਟਸ ਰੈਗੂਲਰ ਕਾਡਰ ਸਰਵਿਸ ਰੂਲਜ਼ ਵਿੱਚ ਸੋਧ ਕਰਨ ਤੇ ‘ਪੰਜਾਬ ਸਪੋਰਟਸ ਮੈਡੀਕਲ ਕਾਡਰ ਸਰਵਿਸ ਰੂਲਜ਼’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਗ਼ੈਰ-ਜੰਗਲਾਤ ਵਾਲੀ ਸਰਕਾਰੀ ਤੇ ਜਨਤਕ ਜ਼ਮੀਨ-2024 ਲਈ ਰੁੱਖ ਸੰਭਾਲ ਨੀਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਲ 2030 ਤੱਕ ਇਹ ਰਕਬਾ ਵਧਾ ਕੇ 7.5 ਫੀਸਦੀ ਕਰਨ ਦਾ ਟੀਚਾ ਮਿਥਿਆ ਹੈ। ਕੈਬਨਿਟ ਨੇ ਜਾਪਾਨ ਦੇ ਸਹਿਯੋਗ ਨਾਲ 792.88 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ’ਚ ਖੇਤੀ ਜੰਗਲਾਤ ਨੂੰ ਉਤਸ਼ਾਹਤ ਕਰਨ ਤੇ ਜੈਵਿਕ ਵਿਭਿੰਨਤਾ ਦੀ ਸੰਭਾਲ ਲਈ ਪ੍ਰਾਜੈਕਟ ਸ਼ੁਰੂ ਕਰਨ ਦੀ ਵੀ ਪ੍ਰਵਾਨਗੀ ਦਿੱਤੀ।
ਮੰਤਰੀ ਮੰਡਲ ਨੇ ਪਸ਼ੂਆਂ ਦੀਆਂ ਬਿਹਤਰ ਸਿਹਤ ਸਹੂਲਤਾਂ ਲਈ ਮੰਤਰੀ ਮੰਡਲ ਨੇ ਸੂਬੇ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਕੰਮ ਕਰਦੇ 479 ਵੈਟਰਨਰੀ ਫਾਰਮਾਸਿਸਟਾਂ ਅਤੇ 472 ਸਫਾਈ ਸੇਵਕਾਂ ਦੀਆਂ ਸੇਵਾਵਾਂ 31 ਮਾਰਚ 2025 ਤੱਕ ਸਰਵਿਸ ਪ੍ਰੋਵਾਈਡਰ ਵਜੋਂ ਵਧਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਮੌਕੇ ਕਾਨੂੰਨੀ ਤੇ ਵਿਧਾਨਿਕ ਮਾਮਲਿਆਂ ਵਿਭਾਗ ਦੇ ਪੁਨਰਗਠਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।

ਮਾਰਕੀਟ ਕਮੇਟੀਆਂ ਭੰਗ ਕਰਨ ਦੀ ਮਿਆਦ ਦੋ ਸਾਲ ਵਧਾਈ

ਮੰਤਰੀ ਮੰਡਲ ਨੇ ਮਾਰਕੀਟ ਕਮੇਟੀਆਂ ਨੂੰ ਭੰਗ ਕਰਨ ਦੀ ਸਮਾਂ-ਸੀਮਾ ਇੱਕ ਸਾਲ ਤੋਂ ਵਧਾ ਕੇ ਦੋ ਸਾਲ ਯਾਨੀ 26 ਜੁਲਾਈ 2025 ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜੇ ਇਨ੍ਹਾਂ ਮਾਰਕੀਟ ਕਮੇਟੀਆਂ ਦਾ ਇਸ ਵਧੇ ਹੋਏ ਸਮੇਂ ਵਿੱਚ ਮੁੜ ਗਠਨ ਨਹੀਂ ਕੀਤਾ ਜਾਂਦਾ ਹੈ ਤਾਂ ਇਨ੍ਹਾਂ ਦੇ ਪੁਨਰਗਠਨ ਤੱਕ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਪ੍ਰਸਾਸ਼ਕ ਵੱਲੋਂ ਇਨ੍ਹਾਂ ਕਮੇਟੀਆਂ ਦਾ ਕੰਮ ਦੇਖਿਆ ਜਾਵੇਗਾ।

Advertisement

Advertisement
Author Image

joginder kumar

View all posts

Advertisement
×