ਪੰਜਾਬ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐੱਨਓਸੀ ਦੀ ਸ਼ਰਤ ਖ਼ਤਮ
ਚੰਡੀਗੜ੍ਹ (ਟਨਸ):
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ, 2024’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਵਿਧਾਨ ਸਭਾ ਵੱਲੋਂ ਮੌਨਸੂਨ ਸੈਸ਼ਨ ਦੌਰਾਨ ਤਿੰਨ ਸਤੰਬਰ ਨੂੰ ਇਹ ਬਿੱਲ ਪਾਸ ਕੀਤਾ ਗਿਆ ਸੀ। ਪੰਜਾਬ ਸਰਕਾਰ ਦਾ ਇਸ ਬਿੱਲ ’ਚ ਸੋਧ ਦਾ ਮਕਸਦ ਛੋਟੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦੇ ਨਾਲ-ਨਾਲ ਗੈਰ-ਕਾਨੂੰਨੀ ਕਾਲੋਨੀਆਂ ’ਤੇ ਸਖ਼ਤ ਕੰਟਰੋਲ ਨੂੰ ਯਕੀਨੀ ਬਣਾਉਣਾ ਹੈ। ਰਾਜਪਾਲ ਵੱਲੋਂ ਪ੍ਰਵਾਨਗੀ ਮਿਲਣ ਨਾਲ ਹੁਣ ਸੂਬੇ ਵਿਚ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐੱਨਓਸੀ ਦੀ ਸ਼ਰਤ ਖ਼ਤਮ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦਾ ਧੰਨਵਾਦ ਕਰਦਿਆਂ ਇਸ ਪ੍ਰਵਾਨਗੀ ਨੂੰ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ, ਜਿਸ ਕੋਲ 31 ਜੁਲਾਈ ਤੱਕ ਅਣਅਧਿਕਾਰਤ ਕਾਲੋਨੀ ਵਿੱਚ ਪੰਜ ਸੌ ਵਰਗ ਗਜ਼ ਤੱਕ ਦੇ ਪਲਾਟ ਲਈ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ’ਤੇ ਵੇਚਣ ਦਾ ਐਗਰੀਮੈਂਟ ਜਾਂ ਕੋਈ ਹੋਰ ਅਜਿਹਾ ਦਸਤਾਵੇਜ਼ ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਕਿਸੇ ਇਤਰਾਜ਼ਹੀਣਤਾ ਸਰਟੀਫਿਕੇਟ (ਐੱਨਓਸੀ) ਦੀ ਲੋੜ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੀ ਵਾਸਤੇ ਨੋ ਆਬਜੈਕਸ਼ਨ ਸਰਟੀਫਿਕੇਟ ਦੀ ਪ੍ਰਥਾ ਨੂੰ ਖ਼ਤਮ ਕਰਨ ਲਈ ਇਹ ਬਿੱਲ ਪਾਸ ਕੀਤਾ ਸੀ।