ਕਾਂਗਰਸ ਦਾ ਵਫ਼ਦ ਚੋਣ ਕਮਿਸ਼ਨਰ ਨੂੰ ਮਿਲਿਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਅਕਤੂਬਰ
ਪੰਜਾਬ ਕਾਂਗਰਸ ਦੇ ਵਫ਼ਦ ਨੇ ਅੱਜ ਪੰਚਾਇਤੀ ਚੋਣਾਂ ਦੇ ਸਬੰਧ ਵਿੱਚ ਚੰਡੀਗੜ੍ਹ ’ਚ ਰਾਜ ਚੋਣ ਕਮਿਸ਼ਨਰ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਕਾਂਗਰਸੀਆਂ ਨੇ ਚੋਣ ਕਮਿਸ਼ਨਰ ਕੋਲ ਪੰਚਾਇਤੀ ਚੋਣਾਂ ’ਚ ਕੀਤੀ ਜਾ ਰਹੀ ਗੜਬੜੀ ’ਤੇ ਨਾਰਾਜ਼ਗੀ ਜ਼ਾਹਰ ਕੀਤੀ। ਵਫ਼ਦ ਵਿੱਚ ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਵਿਕਰਮ ਸਿੰਘ ਬਾਜਵਾ, ਹੈਪੀ ਖੇੜਾ ਤੇ ਹੋਰ ਕਾਂਗਰਸੀ ਆਗੂ ਸ਼ਾਮਲ ਸਨ। ਇਸ ਮੌਕੇ ਵਫ਼ਦ ਨੇ ਚੋਣ ਕਮਿਸ਼ਨਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਅਤੇ ਗਿੱਦੜਬਾਹਾ ਦੇ ਉਪ ਮੰਡਲ ਮੈਜਿਸਟਰੇਟ ਦਾ ਤਬਾਦਲਾ ਕਰਨ ਲਈ ਮੰਗ ਪੱਤਰ ਵੀ ਸੌਂਪਿਆ। ਉਨ੍ਹਾਂ ਕਿਹਾ ਕਿ ਅਧਿਕਾਰੀਆਂਵੱਲੋਂ ਗਲਤ ਢੰਗ ਨਾਲ ਪੰਚਾਇਤੀ ਚੋਣਾਂ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੇ ਸਾਰੀਆਂ ਸ਼ਰਤਾਂ ਦੀ ਪਾਲਣਾ ਕੀਤੀ ਸੀ, ਉਨ੍ਹਾਂ ਨੂੰ ਵੀ ਚੋਣ ਲੜਨ ਤੋਂ ਰੋਕਿਆ ਜਾ ਰਿਹਾ ਹੈ।
ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਦੋਵਾਂ ਅਧਿਕਾਰੀਆਂ ਦੇ ਤੁਰੰਤ ਤਬਾਦਲੇ ਕੀਤੇ ਜਾਣ। ਇਸ ਤੋਂ ਇਲਾਵਾ ਪੰਜਾਬ ਭਰ ਵਿੱਚ ਪੰਚਾਇਤੀ ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।