ਕਾਂਗਰਸੀ ਆਗੂਆਂ ਨੇ ਆਵਾਜਾਈ ਠੱਪ ਕਰ ਕੇ ਧਰਨਾ ਦਿੱਤਾ
ਡਾ.ਹਿਮਾਂਸੂ ਸੂਦ
ਫ਼ਤਹਿਗੜ੍ਹ ਸਾਹਿਬ, 29 ਜੁਲਾਈ
ਸਾਬਕਾ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਪਾਰਟੀ ਵਰਕਰਾਂ ਨੇ ਆਵਾਜਾਈ ਠੱਪ ਕਰ ਕੇ ਧਰਨਾ ਦਿੱਤਾ ਅਤੇ ਹਲਕਾ ਵਿਧਾਇਕ ਖ਼ਿਲਾਫ਼ ਕਾਂਗਰਸੀ ਵਰਕਰਾਂ ਨਾਲ ਪੱਖਪਾਤੀ ਵਤੀਰਾ ਅਪਣਾਉਣ ਤੇ ਝੂਠੇ ਕੇਸ ਦਰਜ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੇਸ ਵਾਪਸ ਨਾ ਲਏ ਗਏ ਤਾਂ ਸੰਘਰਗ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਚਨਾਰਥਲ ਦੀ ਸਹਿਕਾਰੀ ਸਭਾ ਦੀ ਕਥਿਤ ਤੌਰ ’ਤੇ ਗਲਤ ਤਰੀਕੇ ਨਾਲ ਹੋਈ ਚੋਣ ਖਿਲਾਫ ਉਨ੍ਹਾਂ ਦੀ ਅਗਵਾਈ ਵਿੱਚ ਪਿਛਲੇ ਦਿਨੀਂ ਧਰਨਾ ਦਿੱਤਾ ਗਿਆ ਸੀ ਜੋ ਕਿ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਖ਼ਤਮ ਕਰ ਦਿੱਤਾ ਗਿਆ ਸੀ ਪ੍ਰੰਤੂ ਦੁੱਖ ਦੀ ਗੱਲ ਹੈ ਕਿ ਪੁਲੀਸ ਨੇ ਬਾਅਦ ਵਿੱਚ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਖਿਲਾਫ਼ ਕਥਿਤ ਤੌਰ ’ਤੇ ਝੂਠਾ ਕੇਸ ਦਰਜ ਕਰ ਦਿੱਤਾ।
ਅੱਜ ਕਰੀਬ ਦੋ ਘੰਟੇ ਦੇ ਧਰਨੇ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਪੱਤਰ ਦੇ ਕੇ ਕਿਸੇ ਉੱਚ ਅਧਿਕਾਰੀ ਤੋਂ ਮਾਮਲੇ ਦੀ ਪੜਤਾਲ ਕਰਵਾ ਕੇ ਦਰਜ ਕੀਤਾ ਕੇਸ ਰੱਦ ਕਰਵਾਉਣ ਦੀ ਮੰਗ ਕੀਤੀ। ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਵਫ਼ਦ ਨੂੰ ਮਾਮਲੇ ਦੀ ਪੜਤਾਲ ਲਈ ਸਿਟ ਬਣਾ ਕੇ ਸਹੀ ਤੱਥ ਸਾਹਮਣੇ ਲਿਆਉਣ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਡਾ. ਸਿਕੰਦਰ ਸਿੰਘ, ਸਰਹਿੰਦ ਕੌਂਸਲ ਦੇ ਪ੍ਰਧਾਨ ਅਸ਼ੋਕ ਸੂਦ, ਸਾਬਕਾ ਪ੍ਰਧਾਨ ਚਰਨਜੀਵ ਸ਼ਰਮਾ ਤੋਂ ਇਲਾਵਾ ਬਲਾਕ ਪ੍ਰਧਾਨ, ਜ਼ਿਲਾ ਪਰਿਸ਼ਦ, ਮਾਰਕੀਟ ਕਮੇਟੀ, ਬਲਾਕ ਸਮਿਤੀਆਂ ਦੇ ਸਾਬਕਾ ਚੇਅਰਮੈਨ, ਮੈਂਬਰ, ਕਾਂਗਰਸ, ਯੂਥ ਕਾਂਗਰਸ, ਮਹਿਲਾ ਕਾਂਗਰਸ ਦੇ ਅਹੁਦੇਦਾਰ ਅਤੇ ਮੈਂਬਰ, ਪਾਰਟੀ ਵਰਕਰ ਅਤੇ ਸਾਬਕਾ ਪੰਚ, ਸਰਪੰਚ ਹਾਜ਼ਰ ਸਨ।