ਠੇਕਾ ਮੁਲਾਜ਼ਮਾਂ ਨੇ ਸਰਕਾਰ ਦੀ ਅਰਥੀ ਫੂਕੀ
ਗੁਰਦੀਪ ਸਿੰਘ ਲਾਲੀ
ਸੰਗਰੂਰ, 22 ਜੁਲਾਈ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ, ਠੇਕੇਦਾਰਾਂ ਸੁਸਾਇਟੀਆਂ ਤੇ ਕੰਪਨੀਆਂ ਅਧੀਨ ਰੱਖੇ ਠੇਕਾ ਮੁਲਾਜ਼ਮਾਂ ਵਲੋਂ ਰੋਸ ਮਾਰਚ ਕਰਨ ਤੋਂ ਬਾਅਦ ਲਾਲ ਬੱਤੀ ਚੌਕ ਵਿਚ ਆਵਾਜਾਈ ਠੱਪ ਕਰਕੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਠੇਕਾ ਮੁਲਾਜ਼ਮ ਸਥਾਨਕ ਡੀਸੀ ਦਫ਼ਤਰ ਅੱਗੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਲਾਲ ਬੱਤੀ ਚੌਕ ਪੁੱਜੇ ਜਿਥੇ ਆਵਾਜਾਈ ਠੱਪ ਕਰਕੇ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ। ਇਸ ਮੌਕੇ ਮੋਰਚੇ ਦੇ ਸੂਬਾ ਆਗੂ ਸ਼ੇਰ ਸਿੰਘ ਖੰਨਾ, ਜ਼ਿਲ੍ਹਾ ਆਗੂ ਸੰਦੀਪ ਸੈਣ , ਨਿਰਮਲ ਸਿੰਘ ਲਹਿਰਾ,ਅਸਵਨੀ ਕੁਮਾਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੰਗਰੂਰ ਅਵਲੋਂ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸਿਸ, ਇਨਲਿਸਟਮੈਂਟ, ਠੇਕੇਦਾਰਾਂ ਸੁਸਾਇਟੀਆਂ ਅਤੇ ਕੰਪਨੀਆਂ ਰਾਹੀਂ ਰੱਖੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਇਹ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਲਾਰੇ ਲੱਪੇ ਲਗਾ ਕੇ ਡੰਗ ਸਾਰ ਰਹੀ ਹੈ। ਇਸ ਮੌਕੇ ਰਾਜਵੀਰ ਸਿੰਘ, ਰਾਹੁਲ, ਪ੍ਰਮੋਦ ਕੁਮਾਰ ਖਨੋਰੀ, ਸਤਿਗੁਰ ਸਿੰਘ ,ਜਸਕਰਨ ਸਿੰਘ, ਮਨਦੀਪ ਸਿੰਘ, ਗੁਰਵਿੰਦਰ ਸਿੰਘ ਅਮਨਦੀਪ ਸਿੰਘ ਸੁਖਪਾਲ ਸਿੰਘ ਆਦਿ ਹਾਜਰ ਸਨ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 22 ਵਾਰ ਲਿਖਤੀ ਮੀਟਿੰਗਾਂ ਦੇ ਕੇ ਮੀਟਿੰਗ ਨਾ ਕਰਨ ਦੇ ਵਿਰੋਧ ਵਜੋਂ ਅੱਜ ਇੱਥੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ। ਇਸ ਮੌਕੇ ਜਲ ਸਪਲਾਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਖਾਕਟਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ ਕਮੇਟੀਆਂ ਦਾ ਗਠਨ ਕਰਕੇ ਲਾਰੇ ਲੱਪਿਆਂ ਨਾਲ ਆਪਣਾ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿਖੇ ਜ਼ਿਮਨੀ ਚੋਣ ਦੌਰਾਨ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਇਸ ਸਬੰਧੀ ਜਦੋਂ ਮੋਰਚੇ ਦੇ ਆਗੂਆਂ ਨੇ ਸਰਕਾਰ ਦੇ ਦਫਤਰ ਅਧਿਕਾਰੀਆਂ ਨਾਲ ਮੀਟਿੰਗ ਸਬੰਧੀ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਜ਼ਰੂਰੀ ਰੁਝੇਵੇਂ ਹਨ। ਇਸ ਲਈ ਹੁਣ 24 ਜੁਲਾਈ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਦੀ ਕੋਠੀ ਵਿੱਚ ਮੀਟਿੰਗ ਹੋਵੇਗੀ। ਇਸ ਵਾਅਦਾਖ਼ਿਲਾਫ਼ੀ ਦੇ ਵਿਰੋਧ ਵਿੱਚ ਠੇਕਾ ਮੁਲਾਜ਼ਮਾਂ ਵੱਲੋਂ ਪੂਰੇ ਪੰਜਾਬ ਵਿੱਚ ਸਰਕਾਰ ਦੇ ਪੁਤਲੇ ਫੂਕੇ ਗਏ।
ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਠਾਨਕੋਟ ਦੇ ਅਧਿਕਾਰੀਆਂ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਨੰ. 31 ਦੇ ਆਗੂਆਂ ਅਤੇ ਵਰਕਰਾਂ ’ਤੇ ਪਰਚੇ ਦਰਜ ਕਰਵਾਏ ਜਾ ਰਹੇ ਹਨ, ਉਹ ਬੰਦ ਕੀਤੇ ਜਾਣ ਨਹੀਂ ਤਾਂ ਮਜਬੂਰਨ ਸੰਘਰਸ਼ ਤਿੱਖਾ ਕਰਨਾ ਪਵੇਗਾ। ਇਸ ਮੌਕੇ ਗੁਰਜੀਤ ਸਿੰਘ ਮਾੜੂ, ਮੱਘਰ ਸਿੰਘ, ਰਣਜੀਤ ਸਿੰਘ, ਨਾਇਬ ਸਿੰਘ, ਕਰਮਜੀਤ ਸਿੰਘ ਹਾਜ਼ਰ ਸਨ।
ਸਮਾਣਾ (ਸੁਭਾਸ਼ ਚੰਦਰ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ ਤੇ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ‘ਆਪ ਸਰਕਾਰ‘ ਦੀ ਵਾਅਦਾਖਿਲਾਫ਼ੀ ਦੇ ਵਿਰੋਧ ਵਜੋਂ ਤਹਿਸੀਲ ਕੰਪਲੈਕਸ ਨੇੜੇ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਹਾਕਮ ਸਿੰਘ ਧਨੇਠਾ, ਬਲਕਾਰ ਸਿੰਘ ਨੇ ਸਰਕਾਰ ’ਤੇ ਵਾਰ ਵਾਰ ਮੀਟਿੰਗਾਂ ਕਰਕੇ ਲਾਰੇ ਲਾਉਣ ਦਾ ਦੋਸ਼ ਲਾਇਆ। ਉਨ੍ਹਾਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ।