ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਸਰਕਾਰ ਦਾ ਪੁਤਲਾ ਫੂਕਿਆ
ਜਗਮੋਹਨ ਸਿੰਘ
ਘਨੌਲੀ, 22 ਜੁਲਾਈ
ਇੱਥੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ ਅੱਗੇ ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਪ੍ਰਧਾਨ ਸਿਮਰਨਜੀਤ ਸਿੰਘ ਨੀਲੋਂ, ਸਕੱਤਰ ਬਲਵਿੰਦਰ ਸਿੰਘ ਸੈਣੀ, ਜਸਕਰਨਜੀਤ ਸਿੰਘ, ਪਰਗਟ ਸਿੰਘ, ਬਲਵੀਰ ਸਿੰਘ, ਹਰਭਜਨ ਸਿੰਘ, ਰਾਮਾ ਨੰਦ, ਜਸਵੀਰ ਸਿੰਘ ਨੇ ਸੰਬੋਧਨ ਕੀਤਾ। ਉਨ੍ਹਾਂ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰ ਕੇ ਪੱਕਾ ਕਰਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰ ਕੇ ਲਾਰੇ-ਲੱਪਿਆਂ ਨਾਲ਼ ਆਪਣਾ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋਂ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜਬੂਰ ਹਨ।
ਬੁਲਾਰਿਆਂ ਨੇ ਕਿਹਾ ਕਿ ਜਲੰਧਰ ਚੋਣ ਸਮੇਂ ਮੁੱਖ ਮੰਤਰੀ ਨੇ ਪੈਨਲ ਮੀਟਿੰਗ ਕਰ ਕੇ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਪਰ ਹੁਣ ਜਦੋਂ ਮੋਰਚੇ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਲਈ ਪੰਜਾਬ ਸਰਕਾਰ ਦੇ ਅਧਿਕਾਰੀ ਹਿਮਾਂਸ਼ੂ ਜੈਨ ਨਾਲ ਮੀਟਿੰਗ ਸਬੰਧੀ ਗੱਲਬਾਤ ਕੀਤੀ ਤਾਂ ਉਨ੍ਹਾਂ ਪਹਿਲਾਂ ਦੀ ਤਰ੍ਹਾਂ ਹੀ ਮੁੱਖ ਮੰਤਰੀ ਦੇ ਮਸ਼ਰੂਫ ਹੋਣ ਦਾ ਲਾਰਾ ਲਗਾ ਕੇ 20 ਜੁਲਾਈ ਨੂੰ ਮੀਟਿੰਗ ਨਹੀਂ ਕਰਵਾਈ, ਜਿਸ ਕਰ ਕੇ ਜਥੇਬੰਦੀ ਦੇ ਮੈਂਬਰਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਕਿਰਤੀ ਹਾਜ਼ਰ ਸਨ।