ਠੇਕਾ ਮੁਲਾਜ਼ਮਾਂ ਨੇ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ
ਸ਼ਗਨ ਕਟਾਰੀਆ
ਬਠਿੰਡਾ, 29 ਅਗਸਤ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਅੱਜ ਇੱਥੇ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2’ ਦੇ ਉਦਘਾਟਨ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ। ਬੀਬੀ ਵਾਲਾ ਚੌਕ ਤੋਂ ਵਿਰੋਧ ਕਰਦੇ ਹੋਏ ਜਿਉਂ ਹੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਵਰਕਰ ਪ੍ਰੋਗਰਾਮ ਵਾਲੀ ਥਾਂ ਵੱਲ ਤੁਰੇ ਤਾਂ ਪੁਲੀਸ ਨੇ ਉਨ੍ਹਾਂ ਨੂੰ ਡੀਏਵੀ ਕਾਲਜ ਦੇ ਗੇਟ ਅੱਗੇ ਬੈਰੀਕੇਡ ਲਾ ਕੇ ਘੇਰ ਲਿਆ। ਮਾਰਚ ’ਚ ਸ਼ਾਮਲ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ ਅਤੇ ਜਸਵੀਰ ਸਿੰਘ ਜੱਸੀ ਨੇ ਕਿਹਾ ਕਿ ‘ਆਪ’ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਬਣਾ ਕੇ ਸਮਾਂ ਲੰਘਾ ਰਹੀ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਨਿਗੂਣੀਆਂ ਤਨਖਾਹਾਂ ਦੇ ਰਹੀ ਹੈ। ਇਸ ਦੌਰਾਨ ਉਨ੍ਹਾਂ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ’ਤੇ ਵਿਭਾਗਾਂ ਵਿੱਚ ਮਰਜ ਕਰ ਕੇ ਪੱਕਾ ਕਰਨ ਦੀ ਮੰਗ ਕੀਤੀ।
ਖ਼ੁਸ਼ਹਾਲੀ ਦੇ ਰਾਖੇ ਅਤੇ ਪਾਵਰਕੌਮ ਕਾਮੇ ਗ੍ਰਿਫ਼ਤਾਰ
ਪੁਲੀਸ ਨੇ ਮੁੱਖ ਮੰਤਰੀ ਦੀ ਬਠਿੰਡਾ ਫੇਰੀ ਮੌਕੇ ਭਗਵੰਤ ਮਾਨ ਦਾ ਵਿਰੋਧ ਕਰਨ ਪੁੱਜੇ ਖ਼ੁਸ਼ਹਾਲੀ ਦੇ ਰਾਖਿਆਂ ਅਤੇ ਪਾਵਰਕੌਮ ਕਾਮਿਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਸਾਬਕਾ ਸੈਨਿਕਾਂ ਨੇ ਉਨ੍ਹਾਂ ਦੀਆਂ ਸੇਵਾਵਾਂ ਬਹਾਲ ਕਰਨ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ 2018 ਵਿੱਚ ਕੈਪਟਨ ਸਰਕਾਰ ਨੇ ਇਨ੍ਹਾਂ ਨੂੰ ਬਤੌਰ ਖੁਸ਼ਹਾਲੀ ਦੇ ਰਾਖੇ ਭਰਤੀ ਕੀਤਾ ਸੀ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਬੀਤੇ ਵਰ੍ਹੇ ਦਸੰਬਰ ਮਹੀਨੇ ਇਨ੍ਹਾਂ ਦੀ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਸਨ।