ਨਸ਼ਿਆਂ ਦੇ ਖ਼ਾਤਮੇ ਲਈ ਹਰ ਵਰਗ ਦਾ ਸਹਿਯੋਗ ਜ਼ਰੂਰੀ: ਵਿਧਾਇਕ ਮਾਨ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 17 ਜੂਨ
ਨਸ਼ਾ ਮੁਕਤ ਪੰਜਾਬ ਮੁਹਿੰਮ ਅਧੀਨ ਜ਼ਿਲ੍ਹਾ ਪੁਲੀਸ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿੱਚ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਨੁੱਕੜ ਨਾਟਕ ਪੇਸ਼ ਖੇਡਿਆ ਅਤੇ ਫਤਿਹ ਕੱਪ ਤਹਿਤ ਬਾਸਕਟਬਾਲ ਦਾ ਮੈਚ ਕਰਵਾਇਆ ਗਿਆ। ਇਸ ਮੌਕੇ ਨਾਭਾ ਦੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਦੇ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ।
ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਕਿਹਾ ਕਿ ਨਸ਼ਿਆਂ ਦਾ ਜੜ੍ਹ ਤੋਂ ਖ਼ਾਤਮਾ ਕਰਨ ਲਈ ਨੌਜਵਾਨ ਪੀੜ੍ਹੀ ਅੰਦਰ ਜਾਗਰੂਕਤਾ ਜ਼ਰੂਰੀ ਹੈ ਅਤੇ ਪੁਲੀਸ ਗੰਭੀਰਤਾ ਨਾਲ ਨਸ਼ਿਆਂ ਦਾ ਖਾਤਮਾ ਕਰਨ ਲਈ ਉਪਰਾਲੇ ਕਰ ਰਹੀ ਹੈ। ਪੰਜਾਬੀ ਗਾਇਕ ਪੰਮੀ ਬਾਈ ਨੇ ਕਿਹਾ ਕਿ ਹਰ ਨਾਗਰਿਕ ਨੂੰ ਨਸ਼ਿਆਂ ਖ਼ਿਲਾਫ਼ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਕੰਵਰਬੀਰ ਸਿੰਘ ਰਾਏ ਅਤੇ ਐਸਪੀ (ਡੀ) ਰਾਕੇਸ਼ ਕੁਮਾਰ ਯਾਦਵ ਆਦਿ ਹਾਜ਼ਰ ਸਨ।