ਮੰਗਾਂ ਨਾ ਮੰਨਣ ’ਤੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪਈ ਸੰਘਰਸ਼ ਦੇ ਰਾਹ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 19 ਅਗਸਤ
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ ਸਰਕਾਰ ਨੂੰ ਨੋਟਿਸ ਭੇਜ ਕੇ 16 ਅਗਸਤ ਤੱਕ ਮੰਗਾਂ ਦੀ ਪੂਰਤੀ ਕਰਨ ਲਈ ਲਿਖਿਆ ਗਿਆ ਸੀ ਪਰ ਸਰਕਾਰ ਵੱਲੋਂ ਨਾ ਤਾਂ ਜਥੇਬੰਦੀ ਨੂੰ ਮੀਟਿੰਗ ਲਈ ਸੱਦਿਆ ਗਿਆ ਤੇ ਨਾ ਹੀ ਮੰਗਾਂ ਦੀ ਪੂਰਤੀ ਕੀਤੀ ਗਈ। ਯੂਨੀਅਨ ਵੱਲੋਂ ਸਰਕਾਰ ਨੂੰ 4 ਸਤੰਬਰ ਤੱਕ ਦਾ ਸਮਾਂ ਦਿੰਦੇ ਹੋਏ ਇੱਕ ਹੋਰ ਨੋਟਿਸ ਭੇਜਿਆ ਜਾਵੇਗਾ।
ਯੂਨੀਅਨ ਦੇ ਪ੍ਰਧਾਨ ਸ਼ਰਨਵੀਰ ਸਿੰਘ ਅਤੇ ਜਨਰਲ ਸਕੱਤਰ ਸੰਦੀਪ ਸਿੰਘ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 23 ਅਗਸਤ ਨੂੰ ਪੰਜਾਬ ਦੇ ਸਮੂਹ ਡੀਸੀ ਦਫ਼ਤਰਾਂ ਦੇ ਕਰਮਚਾਰੀ ਸੂਬੇ ਭਰ ਵਿੱਚ ਡੀਸੀ ਦਫ਼ਤਰਾਂ ਦੇ ਮੇਨ ਗੇਟਾਂ ’ਤੇ ਗੇਟ ਰੈਲੀਆਂ ਕਰਨਗੇ।
26 ਅਤੇ 30 ਅਗਸਤ ਨੂੰ ਪੂਰੇ ਸੂਬੇ ਅੰਦਰ ਦੁਪਹਿਰ 12 ਤੋਂ 1.30 ਵਜੇ ਤੱਕ ਦਫ਼ਤਰਾਂ ਅੰਦਰ ਸੰਕੇਤਕ ਧਰਨੇ ਪ੍ਰਦਰਸ਼ਨ ਕਰਨਗੇ। ਜੇ ਫੇਰ ਵੀ ਮੰਗਾਂ ’ਤੇ ਕੋਈ ਕਾਰਵਾਈ ਨਾ ਹੋਈ ਤਾਂ 5 ਤੋਂ 10 ਸਤੰਬਰ ਤੱਕ ਸੂਬੇ ਦੇ ਸਮੂਹ ਡੀਸੀ ਦਫ਼ਤਰਾਂ, ਸਮੂਹ ਐੱਸਡੀਐਮ ਦਫ਼ਤਰਾਂ, ਸਮੂਹ ਤਹਿਸੀਲ ਅਤੇ ਉਪ ਤਹਿਸੀਲ ਦਫ਼ਤਰਾਂ ਦੇ ਸਾਰੇ ਕਰਮਚਾਰੀ ਦਫ਼ਤਰੀ ਕੰਮ ਬੰਦ ਰੱਖਣਗੇ।