ਅਕਾਲ ਤਖ਼ਤ ਵੱਲੋਂ ਕੀਤਾ ਫ਼ੈਸਲਾ ਇੰਨ-ਬਿੰਨ ਲਾਗੂ ਹੋਵੇ: ਜਥੇਦਾਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 11 ਜਨਵਰੀ
ਸ਼੍ੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰਨ ਅਤੇ ਜਥੇਬੰਦੀ ਦੀ ਨਵੀਂ ਭਰਤੀ ਦੀ ਪ੍ਰਕਿਰਿਆ 20 ਜਨਵਰੀ ਤੋਂ ਸ਼ੁਰੂ ਕਰਨ ਦੇ ਫੈਸਲੇ ਤੋਂ ਇੱਕ ਦਿਨ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਤੋਂ ਸ਼੍ੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਅੱਜ ਵੀ ਸਟੈਂਡ ਕਰਦੀ ਹੈ ਅਤੇ ਉਸ ਨੂੰ ਕਾਰਜਸ਼ੀਲ ਹੋਣਾ ਚਾਹੀਦਾ ਹੈ।
ਅਕਾਲੀ ਦਲ ਦੀ ਬੀਤੇ ਕੱਲ੍ਹ ਹੋਈ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਜਥੇਬੰਦੀ ਦੀ ਨਵੀਂ ਭਰਤੀ ਸਬੰਧੀ ਅਕਾਲ ਤਖ਼ਤ ਤੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਨੂੰ ਅਣਡਿੱਠਾ ਕਰ ਦਿੱਤਾ ਗਿਆ ਸੀ ਅਤੇ ਇਸ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸੀਨੀਅਰ ਆਗੂ ਆਬਜ਼ਰਵਰ ਵਜੋਂ ਤਾਇਨਾਤ ਕੀਤੇ ਗਏ ਹਨ।
ਅੱਜ ਇਥੇ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਜੇ ਅਕਾਲ ਤਖ਼ਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦਾ ਜ਼ਿਕਰ ਅਤੇ ਉਸ ਨੂੰ ਕਾਰਜਸ਼ੀਲ ਨਹੀਂ ਕੀਤਾ ਗਿਆ ਤਾਂ ਇਹ ਆਨਾਕਾਨੀ ਕਰਨ ਵਾਲੇ ਰਵੱਈਏ ਦਾ ਹੀ ਇੱਕ ਹਿੱਸਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਅਸਿੱਧੇ ਰੂਪ ਵਿੱਚ ਅਕਾਲੀ ਦਲ ਦੇ ਇਸ ਸਬੰਧੀ ਫੈਸਲੇ ਨਾਲ ਨਾਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਆਖਿਆ ਕਿ ਅਕਾਲ ਤਖ਼ਤ ਵੱਲੋਂ ਕੀਤੇ ਗਏ ਫੈਸਲੇ ਨੂੰ ਹੂਬਹੂ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਮੀਡੀਆ ਵਿੱਚ ਇਸ ਬਾਰੇ ਕਹਿ ਚੁੱਕੇ ਹਨ ਕਿ 2 ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਕੀਤੇ ਗਏ ਆਦੇਸ਼ ਇਨ ਬਿਨ ਅਤੇ ਹੂਬਹੂ ਲਾਗੂ ਹੋਣੇ ਚਾਹੀਦੇ ਹਨ। ਇਸ ਮਾਮਲੇ ਵਿੱਚ ਆਨਾਕਾਨੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ, ਜੋ ਕਿ ਸਵਾਗਤਯੋਗ ਹੈ। ਜ਼ਿਕਰਯੋਗ ਹੈ ਕਿ ਗਠਿਤ ਕੀਤੀ ਗਈ ਸੱਤ ਮੈਂਬਰੀ ਕਮੇਟੀ ਵਿੱਚ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਇਕਬਾਲ ਸਿੰਘ ਝੂੰਦਾ, ਗੁਰ ਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਆਲੀ, ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਪੁੱਤਰੀ ਸ਼ਹੀਦ ਭਾਈ ਅਮਰੀਕ ਸਿੰਘ ਨੂੰ ਸ਼ਾਮਲ ਕੀਤਾ ਗਿਆ ਸੀ।
ਸ਼੍ੋਮਣੀ ਅਕਾਲੀ ਦਲ ਵੱਲੋਂ ਬੀਤੇ ਕੱਲ੍ਹ ਕੀਤੀ ਗਈ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਸੱਤ ਮੈਂਬਰੀ ਕਮੇਟੀ ਨੂੰ ਭਾਵੇਂ ਅਣਡਿੱਠਾ ਕੀਤਾ ਗਿਆ ਹੈ ਪਰ ਇਸ ਕਮੇਟੀ ਦੇ ਪੰਜ ਮੈਂਬਰ ਵੱਖ-ਵੱਖ ਸੂਬਿਆਂ ਅਤੇ ਥਾਵਾਂ ’ਤੇ ਭਰਤੀ ਸਬੰਧੀ ਚੋਣ ਆਬਜ਼ਰਵਰ ਲਾਏ ਹਨ ਪਰ ਬਾਗੀ ਧਿਰ ਵੱਲੋਂ ਕਿਸੇ ਨੂੰ ਵੀ ਸ਼ਾਮਲ ਨਹੀਂ ਕੀਤਾ ਗਿਆ।