ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਕਾਰਪੋਰੇਟ ਵਿਰੋਧੀ ਦਿਹਾੜੇ ਵਜੋਂ ਮਨਾਉਣ ਦਾ ਫ਼ੈਸਲਾ
ਪੱਤਰ ਪ੍ਰੇਰਕ
ਅਜਨਾਲਾ, 21 ਸਤੰਬਰ
ਸੰਯੁਕਤ ਕਿਸਾਨ ਮੋਰਚਾ ਦੇ ਫ਼ੈਸਲੇ ਅਨੁਸਾਰ ਕਿਸਾਨਾਂ, ਮਜ਼ਦੂਰਾਂ ਤੇ ਹੋਰ ਮਿਹਨਤਕਸ਼ ਲੋਕਾਂ ਦੀ ਆਵਾਜ਼ ਬੁਲੰਦ ਕਰਨ ਹਿੱਤ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ 28 ਸਤੰਬਰ ਨੂੰ ਕਾਰਪੋਰੇਟ ਵਿਰੋਧੀ ਦਿਹਾੜੇ ਵਜੋਂ ਪੰਜਾਬ ਭਰ ਦੇ ਤਹਿਸੀਲ ਕੇਂਦਰਾਂ ਤੇ ਕਸਬਿਆਂ ਆਦਿ ਵਿੱਚ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਪਿੰਡ ਪੰਜੂਕਰਾਲ ਵਿੱਚ ਕਿਸਾਨਾਂ ਦੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਇਸ ਕੜੀ ਤਹਿਤ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਕਾਰਪੋਰੇਟੀ ਵਿਰੋਧੀ ਦਿਵਸ ਵਜੋਂ ਮਨਾਉਣ ਲਈ ਅਜਨਾਲਾ ਵਿੱਚ ਹੋਰ ਪ੍ਰੋਗਰਾਮਾਂ ਤੋਂ ਇਲਾਵਾ ਸੈਮੀਨਾਰ ਵੀ ਕਰਵਾਇਆ ਜਾ ਜਾਵੇਗਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਆਗੂ ਤੇ ਕਾਰਕੁਨ ਹਿੱਸਾ ਲੈਣਗੇ। ਇਸ ਇਕੱਠ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ 23 ਸਤੰਬਰ ਨੂੰ ਟਰੇਡ ਯੂਨੀਅਨਾਂ ਵੱਲੋਂ ਮਨਾਏ ਜਾ ਰਹੇ ਕਾਲਾ ਦਿਵਸ ਸਮਾਗਮ ਨੂੰ ਸਹਿਯੋਗ ਦਿੱਤਾ ਜਾਵੇਗਾ।