ਜਿਸਤ-ਟਾਂਕ ਯੋਜਨਾ ਲਾਗੂ ਕਰਨ ਦਾ ਫ਼ੈਸਲਾ ਸਰਕਾਰ ਹੱਥ: ਸੁਪਰੀਮ ਕੋਰਟ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਇੱਥੇ ਕਿਹਾ ਕਿ ਕੌਮੀ ਰਾਜਧਾਨੀ ਵਿੱਚ ਜਿਸਤ-ਟਾਂਕ ਯੋਜਨਾ ਲਾਗੂ ਕਰਨ ਦਾ ਫ਼ੈਸਲਾ ਦਿੱਲੀ ਸਰਕਾਰ ਨੇ ਲੈਣਾ ਹੈ ਪਰ ਇਸ ਦਾ ਬੋਝ ਅਦਾਲਤ ’ਤੇ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਇਸ ਸਬੰਧੀ ਕੋਈ ਨਿਰਦੇਸ਼ ਜਾਰੀ ਨਹੀਂ ਕਰੇਗੀ। ਇਸ ਦਾ ਅਦਾਲਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਦਿੱਲੀ-ਕੌਮੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ ਹਵਾ ਦੀ ਵਿਗੜਦੀ ਗੁਣਵੱਤਾ ਨਾਲ ਸਬੰਧਤ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਜਸਟਿਸ ਸੰਜੈ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਅਦਾਲਤ ਦਾ ਜਿਸਤ-ਟਾਂਕ ਯੋਜਨਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਸ ਨੇ ਕਦੇ ਨਹੀਂ ਕਿਹਾ ਕਿ ਗੁਆਂਡੀ ਰਾਜਾਂ ਤੋਂ ਦਿੱਲੀ ਵਿੱਚ ਦਾਖਲ ਹੋਣ ਵਾਲੀਆਂ ਟਾਕਸੀਆਂ ’ਤੇ ਵੀ ਇਸ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ। ਦਿੱਲੀ ਸਰਕਾਰ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਦੀਵਾਲੀ ਤੋਂ ਅਗਲੇ ਦਿਨ 13 ਨਵੰਬਰ ਤੋਂ 20 ਨਵੰਬਰ ਤੱਕ ਜਿਸਤ-ਟਾਂਕ ਯੋਜਨਾ ਲਾਗੂ ਕਰੇਗੀ। 7 ਨਵੰਬਰ ਨੂੰ ਦਿੱਲੀ-ਐੱਨਸੀਆਰ ’ਚ ਹਵਾ ਪ੍ਰਦੂਸ਼ਣ ਦੇ ਮੁੱਦੇ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਸ ਯੋਜਨਾ ਦੇ ਪ੍ਰਭਾਵ ’ਤੇ ਸਵਾਲ ਚੁੱਕੇ, ਜਿਸ ਤੋਂ ਬਾਅਦ ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਇਸ ਮਾਮਲੇ ’ਤੇ ਸੁਣਵਾਈ ਕਰੇਗੀ ਅਤੇ ਹੁਕਮਾਂ ਮਗਰੋਂ ਹੀ ਇਸ ਨੂੰ ਲਾਗੂ ਕੀਤਾ ਜਾਵੇਗਾ। -ਪੀਟੀਆਈ