ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਸਬੰਧੀ ਫ਼ੈਸਲਾ ਰਾਖਵਾਂ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 19 ਜੁਲਾਈ
ਦਿੱਲੀ ਦੀ ਇੱਕ ਅਦਾਲਤ ਨੇ ਅੱਜ ਸਿੱਖ ਵਿਰੋਧੀ ਦੰਗਿਆਂ ਸਬੰਧੀ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਬਾਰੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਸੀਬੀਆਈ ਮਾਮਲਿਆਂ ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਕੇਂਦਰੀ ਜਾਂਚ ਏਜੰਸੀ ਅਤੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣਨ ਮਗਰੋਂ ਫ਼ੈਸਲਾ ਸੁਰੱਖਿਅਤ ਰੱਖ ਲਿਆ। ਅਦਾਲਤ ਵੱਲੋਂ 2 ਅਗਸਤ ਨੂੰ ਹੁਕਮ ਸੁਣਾਏ ਜਾਣ ਦੀ ਸੰਭਾਵਨਾ ਹੈ। ਸੀਬੀਆਈ ਨੇ ਇੱਕ ਗਵਾਹ ਦਾ ਹਵਾਲਾ ਦਿੰਦਿਆਂ ਚਾਰਜਸ਼ੀਟ ਵਿੱਚ ਦੋਸ਼ ਲਾਇਆ ਸੀ ਕਿ ਟਾਈਟਲਰ ਨੇ 1 ਨਵੰਬਰ, 1984 ਨੂੰ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਇੱਕ ਚਿੱਟੇ ਰੰਗ ਦੀ ਅੰਬੈਸਡਰ ਕਾਰ ਵਿੱਚੋਂ ਉਤਰ ਕੇ ਭੀੜ ਨੂੰ ਸਿੱਖਾਂ ਦੀ ਹੱਤਿਆ ਕਰਨ ਲਈ ਉਕਸਾਇਆ ਸੀ। ਗਵਾਹਾਂ ਮੁਤਾਬਕ ਟਾਇਟਲਰ ਕਥਿਤ ਤੌਰ ’ਤੇ ਭੀੜ ਨੂੰ ਕਿਹਾ ਗਿਆ ਸੀ, ‘‘ਸਿੱਖਾਂ ਨੂੰ ਮਾਰੋ, ਉਨ੍ਹਾਂ ਨੇ ਸਾਡੀ ਮਾਂ ਨੂੰ ਮਾਰਿਆ ਹੈ।’’ ਜ਼ਿਕਰਯੋਗ ਹੈ ਕਿ ਪੁਲਬੰਗਸ਼ ਵਿਖੇ ਗੁਰਦੁਆਰੇ ਨੂੰ ਸਾੜਨ ਆਈ ਭੀੜ ਨੇ ਤਿੰਨ ਸਿੱਖਾਂ ਨੂੰ ਜਿਉਂਦਿਆਂ ਸਾੜ ਦਿੱਤਾ ਸੀ।