ਲਹਿੰਦੇ ਪੰਜਾਬ ਦੇ ਸਕੂਲਾਂ ’ਚ ਪੰਜਾਬੀ ਪੜ੍ਹਾਉਣ ਦੇ ਫ਼ੈਸਲੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 13 ਮਾਰਚ
ਪਾਕਿਸਤਾਨ ’ਚ ਲਹਿੰਦੇ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਫੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਸਵਾਗਤ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਦੀ ਮਾਂ ਬੋਲੀ ਹੈ ਜੋ ਨਵੀਂ ਪੀੜ੍ਹੀ ਨੂੰ ਪੜ੍ਹਾਈ ਜਾਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਪਣੀ ਮਾਂ ਬੋਲੀ ਤੋਂ ਟੁੱਟ ਕੇ ਕੋਈ ਵੀ ਕੌਮ ਕਾਮਯਾਬ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ 9 ਮਾਰਚ ਨੂੰ ਪੰਜਾਬ ਸੱਭਿਆਚਾਰ ਦਿਵਸ ਸਮਾਗਮ ਤਹਿਤ ਪਾਕਿਸਤਾਨ ਵਿੱਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇਹ ਐਲਾਨ ਕੀਤਾ ਹੈ ਕਿ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਨੂੰ ਵਿਸ਼ੇ ਵਜੋਂ ਪੜ੍ਹਾਉਣਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਹਿੰਦੇ ਪੰਜਾਬ ਵਿੱਚ ਪੰਜਾਬੀ ਨੂੰ ਸਕੂਲਾਂ ਅੰਦਰ ਮੁੱਢਲੀ ਜਮਾਤ ਤੋਂ ਹੀ ਇਕ ਵਿਸ਼ੇ ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਲਹਿੰਦੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਪੰਜਾਬੀ ਪੜ੍ਹਾਉਣ ਦਾ ਮਸਲਾ ਚਲਦਾ ਆ ਰਿਹਾ ਹੈ ਅਤੇ ਹੁਣ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਕੀਤਾ ਗਿਆ ਐਲਾਨ ਸ਼ਲਾਘਾਯੋਗ ਹੈ ਜਿਸ ਨੂੰ ਸੰਜੀਦਗੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਲਹਿੰਦੇ ਪੰਜਾਬ ਵਿਚ ਪੰਜਾਬੀ ਨੌਵੀਂ ਅਤੇ ਦਸਵੀਂ ਜਮਾਤਾਂ ਤੋਂ ਪੜ੍ਹਾਉਣੀ ਸ਼ੁਰੂ ਕੀਤੀ ਜਾਂਦੀ ਹੈ ਜਿਸ ਨਾਲ ਪੰਜਾਬੀ ਮੂਲ ਦੇ ਬੱਚੇ ਲੰਮਾ ਸਮਾਂ ਮਾਂ ਬੋਲੀ ਦੀ ਸਿੱਖਿਆ ਤੋਂ ਦੂਰ ਰਹਿੰਦੇ ਹਨ।