ਮਜ਼ਦੂਰਾਂ ਨੂੰ ਪਲਾਟ ਦੇਣ ਸਬੰਧੀ ਵਫ਼ਦ ਡੀਸੀ ਨੂੰ ਮਿਲਿਆ
ਪੱਤਰ ਪ੍ਰੇਰਕ
ਬਠਿੰਡਾ, 26 ਜੁਲਾਈ
ਪਿੰਡ ਦਿਉਣ ਦੇ ਮਜ਼ਦੂਰਾਂ ਨੂੰ ਪਲਾਟ ਦੇਣ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਦੀ ਅਗਵਾਈ ਹੇਠ ਡੀਸੀ ਨੂੰ ਮੰਗ ਪੱਤਰ ਦੇ ਕੇ ਪਲਾਟ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਮਜ਼ਦੂਰ ਆਗੂਆਂ ਨੇ ਨਾਅਰੇਬਾਜ਼ੀ ਵੀ ਕੀਤੀ। ਵਫ਼ਦ ਵਿਚ ਸੂਬਾ ਆਗੂ ਤੀਰਥ ਸਿੰਘ ਕੋਠਾ ਗੁਰੂ, ਮਨਦੀਪ ਸਿੰਘ ਸਬਿੀਆ, ਕਾਕਾ ਸਿੰਘ ਖੇਮੂਆਣਾ, ਹੰਸਾ ਸਿੰਘ, ਮੱਖਣ ਸਿੰਘ, ਅੰਗਰੇਜ਼ ਸਿੰਘ, ਗੁਰਪ੍ਰੀਤ ਕੌਰ, ਜਸਵੀਰ ਕੌਰ ਸ਼ਾਮਲ ਸਨ। ਡੀਸੀ ਬਠਿੰਡਾ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮਜ਼ਦੂਰਾਂ ਨੂੰ ਜਲਦੀ ਹੀ ਪਲਾਟ ਦਿੱਤੇ ਜਾਣਗੇ। ਉਨ੍ਹਾਂ ਐੱਸਡੀਐੱਮ ਨੂੰ ਫੋਨ ’ਤੇ ਮਜ਼ਦੂਰਾਂ ਨੂੰ ਪਲਾਟ ਦੇਣ ਅਤੇ ਇਨ੍ਹਾਂ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਘਰ ਬਨਾਉਣ ਲਈ ਗਰਾਂਟ ਦੇਣ ਵਾਲੀ ਲਿਸਟ ਵਿਚ ਸ਼ਾਮਿਲ ਕਰਨ ਦੀ ਹਦਾਇਤ ਕੀਤੀ। ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਕਿਹਾ ਕਿ ਕੱਲ੍ਹ ਨੂੰ ਏਡੀਸੀ ਵਿਕਾਸ ਨੂੰ ਮਿਲ ਕੇ ਪਲਾਟ ਦੇਣ ਦੀ ਤਰੀਕ ਨਿਸ਼ਚਿਤ ਕਰਵਾਉਣ ਬਾਰੇ ਮਿਲਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇ ਜ਼ਿਲ੍ਹਾ ਪ੍ਰਸ਼ਾਸਨ ਨੇ ਮਸਲੇ ਨੂੰ ਲਮਕਾਉਣ ਦੀ ਕੋਸ਼ਿਸ਼ ਕੀਤੀ ਤਾਂ ਯੂਨੀਅਨ ਵੱਲੋਂ ਏਡੀਸੀ ਵਿਕਾਸ ਦੇ ਦਫਤਰ ਅੱਗੇ ਲਗਾਤਾਰ ਧਰਨਾ ਲਾਇਆ ਜਾਵੇਗਾ।
ਖੇਤ ਮਜ਼ਦੂਰਾਂ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ
ਸ੍ਰੀ ਮੁਕਤਸਰ ਸਾਹਿਬ ( ਨਿੱਜੀ ਪੱਤਰ ਪ੍ਰੇਰਕ): ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਖੁੰਡੇ ਹਲਾਲ ਦੀ ਅਗਵਾਈ ਹੇਠ ਵਫ਼ਦ ਨੇ ਡੀਸੀ ਨਾਲ ਬੈਠਕ ਕੀਤੀ। ਇਸ ਮੌਕੇ ਆਗੂਆਂ ਨੇ ਡੀਸੀ ਨੂੰ ਦੱਸਿਆ ਕਿ 2015 ਵਿਚ ਬਿਜਲੀ ਮੀਟਰ ਘਰਾਂ ਤੋਂ ਬਾਹਰ ਕੱਢਣ ਸਮੇਂ ਕੇਸ ਦਰਜ ਕੀਤੇ ਗਏ ਹਨ। ਪ੍ਰਸ਼ਾਸਨ ਨੇ ਕੇਸ ਰੱਦ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਕੇਸ ਰੱਦ ਨਹੀਂ ਕੀਤੇ ਗਏ। ਪਿੰਡ ਸਿੰਘੇਵਾਲਾ ਅਤੇ ਕਿਲਿਆਂਵਾਲੀ ਸਣੇ ਹੋਰ ਕਈ ਪਿੰਡਾਂ ਵਿੱਚ ਮਕਾਨ ਬਣਾਉਣ ਲਈ ਪੰਚਾਇਤੀ ਜ਼ਮੀਨ ਵਿੱਚ ਪਲਾਟ ਕੱਟ ਕੇ ਉਨ੍ਹਾਂ ਦੇ ਅਲਾਟਮੈਂਟ ਪੱਤਰ ਵੀ ਜਾਰੀ ਕਰ ਦਿੱਤੇ ਪਰ ਕਬਜ਼ਾ ਨਹੀਂ ਦਿੱਤਾ ਗਿਆ। ਇਸੇ ਤਰ੍ਹਾਂ ਬਿਜਲੀ ਵਿਭਾਗ ਵੱਲੋਂ ਘਰਾਂ ’ਚ ਪੁੱਟੇ ਮੀਟਰ ਵੀ ਨਹੀਂ ਲਾਏ ਗਏ ਅਤੇ ਹੋਰ ਵੀ ਕਈ ਮੰਗਾਂ ਪੂਰੀਆਂ ਨਹੀਂ ਕੀਤੀਆਂ। ਡੀਸੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਮੰਗਾਂ ਸਬੰਧੀ ਜਲਦੀ ਹੀ ਬਣਦੀ ਕਾਰਵਾਈ ਕਰਨਗੇ।