ਵਫ਼ਦ ਵੱਲੋਂ ਪਾਵਰਕੌਮ ਅਧਿਕਾਰੀ ਨਾਲ ਮੁਲਾਕਾਤ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਸਤੰਬਰ
ਜਮਹੂਰੀ ਕਿਸਾਨ ਸਭਾ ਪੰਜਾਬ ਦੇ ਵਫ਼ਦ ਨੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਸੁਰਜੀਤ ਸਿੰਘ ਸੀਲੋਂ ਦੀ ਅਗਵਾਈ ਹੇਠ ਪਾਵਰਕੌਮ ਦੇ ਉਪ ਮੰਡਲ ਮੁੱਖ ਇੰਜਨੀਅਰ ਜਸਵਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਵਫ਼ਦ ’ਚ ਸ਼ਾਮਲ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਅਮਰੀਕ ਸਿੰਘ ਜੜਤੌਲੀ ਨੇ ਦੋਸ਼ ਲਾਇਆ ਕਿ ਬਿਜਲੀ ਦਫ਼ਤਰ ਨਾਰੰਗਵਾਲ ਵਿੱਚ ਤਾਇਨਾਤ ਇੱਕ ਮੁਲਾਜ਼ਮ ਵੱਲੋਂ ਦਫ਼ਤਰ ਵਿੱਚ ਆਪਣੇ ਕੰਮ ਕਰਵਾਉਣ ਆਏ ਲੋਕਾਂ ਨਾਲ ਮਾੜਾ ਵਿਹਾਰ ਕਰ ਕੇ ਕਾਗਜ਼ਾਂ ਵਿੱਚ ਬੇਲੋੜੀਆਂ ਗਲਤੀਆਂ ਕੱਢੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਕੇ ਜਾਇਜ਼ ਕੰਮਾਂ ਲਈ ਪੈਸੇ ਮੰਗੇ ਜਾਂਦੇ ਹਨ। ਉਨ੍ਹਾਂ ਮੰਗ ਕੀਤੀ ਕਿ ਮਾੜਾ ਵਿਹਾਰ ਤੇ ਭ੍ਰਿਸ਼ਟਾਚਾਰ ਕਰਨ ਵਾਲੇ ਮੁਲਾਜ਼ਮਾਂ ਦੀ ਜਾਂਚ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਬਿਜਲੀ ਮਹਿਕਮੇ ਨਾਲ ਸਬੰਧਤ ਮੁਸ਼ਕਲਾਂ ਦੇ ਹੱਲ ਦੀ ਵੀ ਮੰਗ ਕੀਤੀ। ਪਾਵਰਕੌਮ ਦੇ ਐੱਸਈ ਜਸਵਿੰਦਰ ਸਿੰਘ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਮੁਲਾਜ਼ਮ ਨੂੰ ਭ੍ਰਿਸ਼ਟਾਚਾਰ ਅਤੇ ਲੋਕਾਂ ਨਾਲ ਮਾੜਾ ਵਿਹਾਰ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸ਼ਿਕਾਇਤ ਦੀ ਨਿਰਪੱਖ ਜਾਂਚ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।