ਅਕਾਲੀ ਦਲ ਸੁਧਾਰ ਲਹਿਰ ਦੇ ਵਫ਼ਦ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ
ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 17 ਅਕਤੂਬਰ
ਅਕਾਲੀ ਦਲ ਤੋਂ ਕਿਨਾਰਾ ਕਰ ਚੁੱਕੇ ਵਿਰਸਾ ਸਿੰਘ ਵਲਟੋਹਾ ’ਤੇ ਗੰਭੀਰ ਦੋਸ਼ ਲਾਉਂਦਿਆਂ ਤਖ਼ਤ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ ਬੀਤੇ ਕੱਲ੍ਹ ਅਸਤੀਫ਼ਾ ਦੇਣ ਦਾ ਐਲਾਨ ਕਰ ਚੁੱਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅੱਜ ਸਿਆਸੀ ਅਤੇ ਧਾਰਮਿਕ ਆਗੂਆਂ ਦਾ ਤਾਂਤਾ ਲੱਗਿਆ ਰਿਹਾ। ਅੱਜ ਸਭ ਤੋਂ ਪਹਿਲਾਂ ਅਕਾਲੀ ਦਲ ਸੁਧਾਰ ਲਹਿਰ ਦਾ ਵਫ਼ਦ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗਗਨਦੀਪ ਸਿੰਘ ਬਰਨਾਲਾ ਸਣੇ ਜਥੇਦਾਰ ਹਰਪ੍ਰੀਤ ਸਿੰਘ ਦੀ ਰਿਹਾਇਸ਼ ’ਤੇ ਪੁੱਜਿਆ ਅਤੇ ਕੁੱਝ ਸਮੇਂ ਬਾਅਦ ਹੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਉੱਥੇ ਪੁੱਜੇ। ਮੁਲਾਕਾਤ ਤੋਂ ਪਹਿਲਾਂ ਹੀ ਗੱਲਬਾਤ ਦੌਰਾਨ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਇਸ ਲਈ ਕੀਤਾ ਸੀ ਕਿ ਉਹ ਪੰਥਕ ਹਿਤਾਂ ਦੀ ਪਹਿਰੇਦਾਰੀ ਕਰੇ ਪਰ ਹੁਣ ਵਾੜ ਹੀ ਖੇਤ ਨੂੰ ਖਾਣ ਲੱਗ ਪਈ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੇ ਜਿਵੇਂ ਭਾਵੁਕਤਾ ਨਾਲ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਪ੍ਰਤੀ ਇਖਲਾਕ ਤੋਂ ਗਿਰੀਆਂ ਗੱਲਾਂ ਕਹੀਆਂ ਅਤੇ ਉਨ੍ਹਾਂ ਦੀ ਜਾਤੀ ਨੂੰ ਪਰਖਿਆ ਗਿਆ, ਇਹ ਬਹੁਤ ਦੁਖਦਾਈ ਗੱਲ ਹੈ। ਉਨ੍ਹਾਂ ਦੱਸਿਆ ਕਿ ਵਫ਼ਦ ਨੇ ਸਿੰਘ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਉਹ ਅਸਤੀਫ਼ਾ ਦੇਣ ਦੀ ਬਜਾਏ ਸਿੱਖ ਕੌਮ ਦੀ ਅਗਵਾਈ ਕਰਨ।
ਵਫ਼ਦ ਵਿੱਚ ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਜਸਟਿਸ ਨਿਰਮਲ ਸਿੰਘ ਅਤੇ ਸੁਖਵਿੰਦਰ ਸਿੰਘ ਔਲਖ (ਦੋਵੇਂ ਸਾਬਕਾ ਵਿਧਾਇਕ), ਸੁਰਜੀਤ ਸਿੰਘ ਰੱਖੜਾ, ਪਰਮਜੀਤ ਕੌਰ ਲਾਂਡਰਾਂ, ਕਰਨੈਲ ਸਿੰਘ ਪੰਜੋਲੀ, ਮਿੱਠੂ ਸਿੰਘ ਕਾਹਨੇਕੇ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ, ਟਕਸਾਲੀ ਆਗੂ ਭੋਲਾ ਸਿੰਘ ਗਿੱਲਪੱਤੀ ਸ਼ਾਮਲ ਸਨ।
ਸ਼੍ਰੋਮਣੀ ਅਕਾਲੀ ਦਲ ਨੇ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ: ਵਡਾਲਾ
ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਅਕਾਲ ਤਖ਼ਤ ਸਾਹਿਬ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ’ਚੋਂ ਕੱਢਣ ਸਬੰਧੀ ਆਏ ਫੈਸਲੇ ਦੀ ਇੰਨ-ਬਿਨ ਪਾਲਣਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਦੀ ਜ਼ਿੰਮੇਵਾਰੀ ਨਹੀਂ ਸੀ ਕਿ ਉਹ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫ਼ਾ ਦੇਣ ਬਲਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਜ਼ਿੰਮੇਵਾਰੀ ਬਣਦੀ ਸੀ ਕਿ ਉਹ ਵਲਟੋਹਾ ਨੂੰ ਪਾਰਟੀ ’ਚੋਂ ਕੱਢ ਕੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਫੁੱਲ ਚੜ੍ਹਾਉਂਦੇ। ਉਨ੍ਹਾਂ ਨੇ ਅਜਿਹਾ ਨਾ ਕਰਕੇ ਅਕਾਲੀ ਦਲ ਨੂੰ ਕਟਿਹਰੇ ’ਚ ਖੜ੍ਹਾ ਕਰ ਦਿੱਤਾ। ਇਸ ਮੌਕੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਪਰਿਵਾਰ ਨੂੰ ਧਮਕਾਏ ਜਾਣ ਦੀਆਂ ਖ਼ਬਰਾਂ ਨੂੰ ਮੰਦਭਾਗਾ ਕਰਾਰ ਦਿੱਤਾ। ਵਡਾਲਾ ਨੇ ਕਿਹਾ ਕਿ ਉਨ੍ਹਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਬੇਨਤੀ ਕੀਤੀ ਕਿ ਉਹ ਕੌਮ ਦੀ ਅਗਵਾਈ ਇਸੇ ਤਰ੍ਹਾਂ ਕਰਦੇ ਰਹਿਣ।