ਦਿੱਲੀ ਕਮੇਟੀ ਨੇ ਸਿੰਘ ਸਾਹਿਬ ਦੀ ਚਿੱਠੀ ’ਤੇ ਕੀਤੀ ਕਾਰਵਾਈ
ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬੰਦੀ ਸਿੰਘਾਂ ਦੇ ਮਸਲੇ ਦੇ ਹੱਲ ਲਈ ਦਿੱਲੀ ਗੁਰਦੁਆਰਾ ਕਮੇਟੀ ਨੂੰ ਜ਼ਿੰਮੇਵਾਰੀ ਸੌਂਪਦਿਆਂ ਲਿਖੇ ਪੱਤਰ ਦੇ ਜਵਾਬ ਵਿਚ ਤੁਰੰਤ ਕਾਰਵਾਈ ਕਰਦਿਆਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਵਾਸਤੇ ਸਮਾਂ ਦੇਣ ਲਈ ਉਹਨਾਂ ਨੂੰ ਚਿੱਠੀ ਲਿਖੀ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਉਹ ਸਿੰਘ ਸਾਹਿਬ ਦੇ ਧੰਨਵਾਦੀ ਹਨ ਜਿਹਨਾਂ ਨੇ ਬੰਦੀ ਸਿੰਘਾਂ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਫੈਸਲਾ ਲਾਗੂ ਕਰਵਾਉਣ ਲਈ ਚਾਰਾਜੋਈ ਵਾਸਤੇ ਜ਼ਿੰਮੇਵਾਰੀ ਦਿੱਲੀ ਗੁਰਦੁਆਰਾ ਕਮੇਟੀ ਸਿਰ ਪਾਉਂਦਿਆਂ ਕਮੇਟੀ ਨੂੰ ਮਸਲਾ ਹੱਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਸ ਜ਼ਿੰਮੇਵਾਰੀ ਦੀ ਅਹਿਮੀਅਤ ਨੂੰ ਸਮਝਦਿਆਂ ਤੁਰੰਤ ਕਾਰਵਾਈ ਕੀਤੀ ਹੈ ਤੇ ਅੱਜ ਕਮੇਟੀ ਦਫਤਰ ਖੁੱਲ੍ਹਦੇ ਸਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਸਮਾਂ ਦੇਣ ਵਾਸਤੇ ਚਿੱਠੀ ਲਿਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਐਲਾਨ ਬੇਸ਼ੱਕ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਕੀਤਾ ਗਿਆ ਸੀ ਪਰ ਹਾਲੇ ਤੱਕ ਇਸ ਫ਼ੈਸਲੇ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਸਕਿਆ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਨੇ ਵੀ ਇਸ ਗੱਲ ਨੂੰ ਸਮਝਿਆ ਹੈ ਕਿ ਜਿਹੜੀਆਂ ਕਮੇਟੀਆਂ ਸਰਕਾਰ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਸੰਪਰਕ ’ਚ ਹਨ, ਉਨ੍ਹਾਂ ਦੀ ਡਿਊਟੀ ਸਿੰਘ ਸਾਹਿਬ ਨੇ ਲਗਾਈ ਹੈ।