ਦਿੱਲੀ ਗੁਰਦੁਆਰਾ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ
ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਉਹ ਦਿੱਲੀ ਦੇ ਝਿਲਮਿਲ ਰੇਲਵੇ ਸਟੇਸ਼ਨ ’ਤੇ ਅੰਮ੍ਰਿਤਧਾਰੀ ਸਿੱਖ ਨੂੰ ਕ੍ਰਿਪਾਨ ਧਾਰਨ ਕਰ ਕੇ ਮੈਟਰੋ ਵਿੱਚ ਸਵਾਰ ਨਾ ਹੋਣ ਦੇਣ ਦੀ ਘਟਨਾ ਦੀ ਜਾਂਚ ਦੇ ਹੁਕਮ ਦੇਣ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਉਹ ਸੁਰੱਖਿਆ ਬਲਾਂ ਨੂੰ ਪੰਜ ਸਿੱਖ ਕਕਾਰਾਂ ਤੇ ਅੰਮ੍ਰਿਤਧਾਰੀ ਸਿੰਘਾਂ ਵੱਲੋਂ ਇਨ੍ਹਾਂ ਨੂੰ ਧਾਰਨ ਕਰਨ ਦੀ ਜ਼ਰੂਰਤ ਬਾਰੇ ਜਾਣਕਾਰੀ ਦੇਣ ਲਈ ਵੀ ਲੋੜੀਂਦੇ ਹੁਕਮ ਜਾਰੀ ਕਰਨ। ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿੱਖ ਕਕਾਰ ਧਾਰਨ ਕਰਨਾ ਅੰਮ੍ਰਿਤਧਾਰੀ ਸਿੰਘਾਂ ਦਾ ਸੰਵਿਧਾਨਕ ਹੱਕ ਹੈ ਅਤੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਤਾਇਨਾਤ ਸੁਰੱਖਿਆ ਮੁਲਾਜ਼ਮ ਨੇ ਆਪਣੀ ਮਨਮਰਜ਼ੀ ਮੁਤਾਬਕ ਹੀ ਅੰਮ੍ਰਿਤਧਾਰੀ ਸਿੰਘ ਨੂੰ ਮੈਟਰੋ ਵਿਚ ਸਵਾਰ ਹੋਣ ਤੋਂ ਰੋਕਿਆ ਹੈ ਹਾਲਾਂਕਿ ਉਸ ਦਾ ਫਰਜ਼ ਬਣਦਾ ਸੀ ਕਿ ਉਹ ਨਾਗਰਿਕਾਂ ਦੇ ਸੰਵਿਧਾਨਕ ਹੱਕਾਂ ਦੀ ਰਾਖੀ ਕਰਦਾ। ਉਨ੍ਹਾਂ ਕਿਹਾ ਕਿ ਸੀਆਈਐੱਸਐੱਫ ਦੇ ਮੁਲਾਜ਼ਮ ਦੀ ਇਹ ਕਾਰਵਾਈ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਇਕ ਅੰਮ੍ਰਿਤਧਾਰੀ ਸਿੰਘ ਨੂੰ ਰੋਕਿਆ ਗਿਆ ਹੋਵੇ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਸਬੰਧਤ ਮੁਲਾਜ਼ਮ ਨੂੰ ਨਿਯਮਾਂ ਮੁਤਾਬਕ ਸਜ਼ਾ ਮਿਲਣੀ ਚਾਹੀਦੀ ਹੈ ਤੇ ਹਰ ਨਾਗਰਿਕ ਦੇ ਅਧਿਕਾਰਾਂ ਦਾ ਸਨਮਾਨ ਹੋਣਾ ਚਾਹੀਦਾ ਹੈ।