For the best experience, open
https://m.punjabitribuneonline.com
on your mobile browser.
Advertisement

ਪੰਜਾਬ ਵਿੱਚ ਬਿਜਲੀ ਦੀ ਮੰਗ 15,471 ਮੈਗਾਵਾਟ ’ਤੇ ਪੁੱਜੀ

09:23 AM Jun 18, 2024 IST
ਪੰਜਾਬ ਵਿੱਚ ਬਿਜਲੀ ਦੀ ਮੰਗ 15 471 ਮੈਗਾਵਾਟ ’ਤੇ ਪੁੱਜੀ
ਰੋਪੜ ਥਰਮਲ ਪਲਾਂਟ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੂਨ
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਤੇ ਝੋਨੇ ਦੀ ਲੁਆਈ ਕਾਰਨ ਬਿਜਲੀ ਦੀ ਮੰਗ ਵਧਦੀ ਜਾ ਰਹੀ ਹੈ। ਅੱਜ ਪੰਜਾਬ ਵਿੱਚ ਦੁਪਹਿਰੇ ਬਿਜਲੀ ਦੀ ਮੰਗ 15,471 ਮੈਗਾਵਾਟ ’ਤੇ ਪਹੁੰਚ ਗਈ ਜੋ ਪਿਛਲੇ ਸਾਲ ਨਾਲੋਂ 3400 ਮੈਗਾਵਾਟ ਵੱਧ ਹੈ। 2023 ਵਿੱਚ ਅੱਜ ਦੇ ਦਿਨ ਹੀ ਬਿਜਲੀ ਦੀ ਵੱਧ ਤੋਂ ਵੱਧ ਮੰਗ 11,964 ਮੈਗਾਵਾਟ ਦਰਜ ਕੀਤੀ ਗਈ ਸੀ। ਸੂਬੇ ਵਿੱਚ ਲਗਾਤਾਰ ਵਧ ਰਹੀ ਬਿਜਲੀ ਦੀ ਮੰਗ ਨੇ ਪਾਵਰਕੌਮ ਅਧਿਕਾਰੀਆਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।
ਇਸ ਵੇਲੇ ਸੂਬੇ ਵਿਚਲੇ ਸਰਕਾਰੀ ਤੇ ਨਿੱਜੀ ਖੇਤਰ ਦੇ ਪੰਜ ਥਰਮਲ ਪਲਾਟਾਂ ਦੀਆਂ 15 ’ਚੋਂ 14 ਯੂਨਿਟਾਂ ਚੱਲ ਰਹੀਆਂ ਹਨ। ਇਸ ’ਚੋਂ ਲਹਿਰਾ ਮੁਹੱਬਤ ਥਰਮਲ ਪਲਾਂਟ ਦੀਆਂ ਚਾਰ ਯੂਨਿਟਾਂ ’ਚੋਂ ਇਕ ਯੂਨਿਟ ਬੰਦ ਹੈ। ਇੱਥੇ ਦੀਆਂ ਬਾਕੀ ਤਿੰਨ ਯੂਨਿਟਾਂ ਵੱਲੋਂ 636 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਰੋਪੜ ਥਰਮਲ ਪਲਾਂਟ ਦੇ ਚਾਰ ਯੂਨਿਟ 693 ਮੈਗਾਵਾਟ ਅਤੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦੇ ਦੋਵੇਂ ਯੂਨਿਟ 409 ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ। ਦੂਜੇ ਪਾਸੇ ਨਿੱਜੀ ਖੇਤਰ ਦੇ ਰਾਜਪੁਰਾ ਥਰਮਲ ਪਲਾਂਟ ਦੇ ਦੋਵੇਂ ਯੂਨਿਟ 1,312 ਮੈਗਾਵਾਟ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਤਿੰਨ ਯੂਨਿਟ 1,784 ਮੈਗਾਵਾਟ ਬਿਜਲੀ ਪੈਦਾ ਕਰ ਰਹੇ ਹਨ।
ਪੰਜਾਬ ਵਿੱਚ ਸਰਕਾਰੀ ਤੌਰ ’ਤੇ ਭਾਵੇਂ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ ਪਰ ਵੱਡੀ ਗਿਣਤੀ ਕਿਸਾਨਾਂ ਨੇ ਹਾਲੇ ਝੋਨਾ ਲਾਉਣਾ ਸ਼ੁਰੂ ਨਹੀਂ ਕੀਤਾ ਜਿਸ ਦਾ ਮੁੱਖ ਕਾਰਨ ਅਤਿ ਦੀ ਗਰਮੀ ਦੱਸੀ ਜਾ ਰਹੀ ਹੈ। ਇਸ ਬਾਰੇ ਜ਼ਿਲ੍ਹਾ ਬਠਿੰਡਾ ਦੇ ਕਿਸਾਨ ਬਲਦੇਵ ਸਿੰਘ ਬਾਜਕ ਨੇ ਕਿਹਾ ਕਿ ਗਰਮੀ ਕਰਕੇ ਝੋਨੇ ਦੀ ਲੁਆਈ ਹਾਲੇ ਸ਼ੁਰੂ ਨਹੀਂ ਕੀਤੀ ਗਈ। 20 ਜੂਨ ਤੋਂ ਬਾਅਦ ਮੌਸਮ ਦੇਖ ਕੇ ਝੋਨੇ ਦੀ ਲੁਆਈ ਸ਼ੁਰੂ ਕੀਤੀ ਜਾਵੇਗੀ। ਇਸ ਤਰ੍ਹਾਂ ਪਾਵਰਕੌਮ ਲਈ ਅਸਲ ਪ੍ਰੀਖਿਆ ਦੀ ਘੜੀ 20 ਜੂਨ ਤੋਂ ਬਾਅਦ ਸ਼ਰੂ ਹੋਵੇਗੀ। ਉਸ ਦੌਰਾਨ ਸੂਬੇ ਵਿੱਚ ਬਿਜਲੀ ਦੀ ਮੰਗ ਨੂੰ ਪੂਰਾ ਕਰਨਾ ਪਾਵਰਕੌਮ ਲਈ ਵੱਡੀ ਚੁਣੌਤੀ ਬਣ ਸਕਦਾ ਹੈ। ਜ਼ਿਕਰਯੋਗ ਹੈ ਕਿ ਪੂਰੇ ਸੂਬੇ ਵਿੱਚ 15 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਸੀ।

Advertisement

ਮੁਫ਼ਤ ਬਿਜਲੀ ਦੇਣ ਬਾਰੇ ਸਰਕਾਰ ਨੂੰ ਮੁੜ ਵਿਚਾਰ ਕਰਨ ਦੀ ਅਪੀਲ

ਚੰਡੀਗੜ੍ਹ (ਟਨਸ): ਸੂਬੇ ਵਿੱਚ ਬਿਜਲੀ ਦੀ ਮੰਗ ਵਧਣ ’ਤੇ ਆਲ ਇੰਡੀਆ ਪਾਵਰ ਇੰਜਨੀਅਰਜ਼ ਫੈਡਰੇਸ਼ਨ (ਏਆਈਪੀਈਐੱਫ) ਨੇ ਚਿੰਤਾ ਪ੍ਰਗਟਾਈ ਹੈ। ਇਸ ਬਾਰੇ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਿਜਲੀ ਦੀ ਵਧ ਰਹੀ ਮੰਗ ਵੱਲ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਿਜਲੀ ਦੀ ਮੰਗ ਪਿਛਲੇ ਸਾਲ ਨਾਲੋਂ 43 ਫ਼ੀਸਦ ਵਧ ਗਈ ਹੈ। ਫੈਡਰੇਸ਼ਨ ਦੇ ਚੇਅਰਮੈਨ ਸ਼ੈਲੇਂਦਰ ਦੂਬੇ ਨੇ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਦਿੱਤੀ ਜਾਣ ਵਾਲੀ ਮੁਫ਼ਤ ਬਿਜਲੀ ਸਬੰਧੀ ਪਾਲਿਸੀ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੀ ਮੰਗ ਘਟਾਉਣ ਲਈ ਸੂਬੇ ਦੇ ਦਫ਼ਤਰਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤਾ ਜਾਵੇ। ਇਸ ਤੋਂ ਇਲਾਵਾ ਸ਼ਾਪਿੰਗ ਮਾਲ ਤੇ ਦੁਕਾਨਾਂ ਦਾ ਸਮਾਂ ਸ਼ਾਮ 7 ਵਜੇ ਤੱਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦੁਪਹਿਰ ਸਮੇਂ ਇੰਡਸਟਰੀ ਚਲਾਉਣ ’ਤੇ ਪਾਬੰਦੀ ਲਾਈ ਜਾਵੇ ਅਤੇ ਬਿਜਲੀ ਚੋਰੀ ਦੇ ਮਾਮਲਿਆਂ ਨੂੰ ਐੱਨਐੱਸਏ ਅਧੀਨ ਲਿਆਂਦਾ ਜਾਵੇ। ਫੈਡਰੇਸ਼ਨ ਨੇ ਸੂਬੇ ਵਿੱਚ ਝੋਨੇ ਦੀ ਲੁਆਈ ਵੀ 25 ਜੂਨ ਤੱਕ ਟਾਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਫੈਡਰੇਸ਼ਨ ਨੇ ਕੇਂਦਰ ਸਰਕਾਰ ਤੋਂ ਵੀ ਪੰਜਾਬ ਵਿੱਚ ਬਿਜਲੀ ਦੀ ਵਧ ਰਹੀ ਮੰਗ ਨੂੰ ਦੇਖਦਿਆਂ ਕੇਂਦਰੀ ਪੂਲ ’ਚੋਂ ਇਕ ਹਜ਼ਾਰ ਮੈਗਾਵਾਟ ਵਾਧੂ ਬਿਜਲੀ ਸਪਲਾਈ ਕਰਨ ਦੀ ਮੰਗ ਕੀਤੀ ਹੈ।

Advertisement
Author Image

Advertisement
Advertisement
×