ਸ਼੍ਰੋਮਣੀ ਕਮੇਟੀ ਵੱਲੋਂ ਪੀਯੂ ’ਚ ਸੈਨੇਟ ਚੋਣਾਂ ਕਰਵਾਉਣ ਦੀ ਮੰਗ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਅਕਤੂਬਰ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਨੇ ਵੀ ਸੈਨੇਟ ਦਾ ਮੌਜੂਦ ਸਰੂਪ ਬਹਾਲ ਰੱਖਣ ਲਈ ਜਲਦ ਹੀ ਚੋਣਾਂ ਕਰਵਾਉਣ ਦੀ ਮੰਗ ਕੀਤੀ। ਇਹ ਮੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਿਦਿਆ ਤੇ ਡਾਇਰੈਕਟੋਰੇਟ ਐਜੂਕੇਸ਼ਨ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਕੀਤੀ ਗਈ ਹੈ। ਦੂਜੇ ਪਾਸੇ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਡਾ. ਇੰਦਰਪਾਲ ਸਿੰਘ ਸਿੱਧੂ ਤੇ ਸ਼ਮਿੰਦਰ ਸੰਧੂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਅਕਾਦਮਿਕ ਤੇ ਸਮੁੱਚੇ ਪ੍ਰਬੰਧ ਲਈ ਸੈਨੇਟ ਬਣਾਈ ਗਈ ਸੀ, ਜਿਸ ਦੇ ਮੈਂਬਰਾਂ ਦੀ ਚੋਣ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਪੜ੍ਹੇ ਲਿਖੇ ਵਰਗ ਵੱਲੋਂ ਕੀਤੀ ਜਾਂਦੀ ਹੈ ਪਰ ਪਿਛਲੇ ਕੁਝ ਸਮੇਂ ਤੋਂ ਸੈਨੇਟ ਦੀਆਂ ਚੋਣਾਂ ਨਹੀਂ ਕਰਵਾਈ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸੈਨੇਟ ਚੋਣਾਂ ਸਮੇਂ ਸਿਰ ਕਰਵਾਈਆਂ ਜਾਣ ਤਾਂ ਕਿ ਯੂਨੀਵਰਸਿਟੀ ਦੇ ਹਿੱਤ ਵਿੱਚ ਚੰਗੇ ਫੈਸਲੇ ਲਏ ਜਾ ਸਕਣ।