ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਜ਼ਿਲਾ ਪ੍ਰਸ਼ਾਸਨ ਜ਼ਿਲ੍ਹੇ ਵਿਚ ਬੁੱਢਾ ਦਰਿਆ ਅਤੇ ਸਤਲੁਜ ਦਰਿਆ ਦੇ ਸਾਰੇ ਪੁਲਾਂ ਦੀ ਸੁਰੱਖਿਆ ਦਾ ਮੁਲਾਂਕਣ ਕਰ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਇਥੇ ਕੀਤਾ ਗਿਆ। ਉਨ੍ਹਾਂ ਅੱਜ ਸਮਰਾਲਾ, ਮਾਛੀਵਾੜਾ ਅਤੇ ਕੂੰਮ ਕਲਾਂ ਖੇਤਰ ਦੇ ਕਈ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਮੁਲਾਂਕਣ ਤੋਂ ਬਾਅਦ ਜੇਕਰ ਕੋਈ ਪੁਲ/ਪੁਲੀ ਅਸੁਰੱਖਿਅਤ ਜਾਪਦੇ ਹਨ ਤਾਂ ਉਨ੍ਹਾਂ ਨੂੰ ਕਿਸੇ ਵੀ ਮੰਦਭਾਗੀ ਘਟਨਾ ਤੋਂ ਬਚਣ ਲਈ ਆਰਜ਼ੀ ਤੌਰ ’ਤੇ ਬੰਦ ਕਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੁਲਾਂ ਦੇ ਨਾਲ-ਨਾਲ ਸੰਭਾਵਿਤ ਹੜ੍ਹ ਪ੍ਰਭਾਵੀ ਖੇਤਰਾਂ ਵਿਚ ਵੀ ਜਾਣ ਤੋਂ ਗੁਰੇਜ਼ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇੱਕ ਹੋਰ ਦਨਿ ਤੱਕ ਬੁੱਢਾ ਦਰਿਆ ਵਿਚ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ ਕਿਉਂਕਿ ਖੇਤਾਂ ’ਚੋਂ ਹੜ੍ਹ ਦਾ ਪਾਣੀ ਹੁਣ ਬੁੱਢਾ ਦਰਿਆ ਵਿਚ ਜਾਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੁੱਢਾ ਦਰਿਆ ਨੇੜੇ ਪੈਂਦੇ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਚਿੰਤਾ ਨਾ ਕਰਨ ਕਿਉਂਕਿ ਪ੍ਰਸ਼ਾਸਨ ਸੁਖਾਵੀਂ ਸਥਿਤੀ ਕਾਇਮ ਕਰਨ ਲਈ ਸੁਹਿਰਦ ਯਤਨ ਕਰ ਰਿਹਾ ਹੈ। ਪਿੰਡ ਕੀਮਾ ਭੈਣੀ ਵਿਖੇ ਆਪਣੇ ਦੌਰੇ ਮੌਕੇ ਡਿਪਟੀ ਕਮਿਸ਼ਨਰ ਨੇ ਮਨਰੇਗਾ ਮਜ਼ਦੂਰਾਂ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ, ਜੋ ਕਿ ਹੜ੍ਹਾਂ ਤੋਂ ਬਚਾਅ ਲਈ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕਰ ਰਹੇ ਹਨ। ਡਿਪਟੀ ਕਮਿਸ਼ਨਰ ਵਲੋਂ ਉਨ੍ਹਾਂ ਖੇਤਰਾਂ ਦੇ ਬਿਜਲੀ ਸਬ ਸਟੇਸ਼ਨਾਂ ਦਾ ਵੀ ਦੌਰਾ ਕੀਤਾ ਗਿਆ ਜਿੱਥੇ ਪਾਣੀ ਦੇ ਓਵਰਫਲੋ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਅਧਿਕਾਰੀਆਂ ਨੂੰ ਹਰ ਹੀਲੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਲਾਕਾ ਨਿਵਾਸੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।