ਬੇਅਦਬੀ ਮਾਮਲੇ ’ਚ ਡੇਰਾ ਆਗੂ ਨੇ ਬਿਆਨ ਦਰਜ ਕਰਵਾਏ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਮਾਰਚ
ਡੇਰਾ ਸਿਰਸਾ ਦੇ ਸਿਆਸੀ ਵਿੰਗ ਦੇ ਮੁਖੀ ਪ੍ਰਦੀਪ ਕਲੇਰ ਨੇ ਚੰਡੀਗੜ੍ਹ ਦੀ ਅਦਾਲਤ ਵਿਚ ਧਾਰਾ 164 ਤਹਿਤ ਬਿਆਨ ਦਰਜ ਕਰਵਾਏ ਹਨ ਜਿਸ ਵਿਚ ਬੇਅਦਬੀ ਦੀਆਂ ਘਟਨਾਵਾਂ ਲਈ ਡੇਰਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਨੂੰ ਮੁੱਖ ਸਾਜ਼ਿਸ਼ਘਾੜਾ ਦੱਸਿਆ ਗਿਆ ਹੈ। ਦੱਸਣਾ ਬਣਦਾ ਹੈ ਕਿ ਵਿਸ਼ੇਸ਼ ਜਾਂਚ ਟੀਮ ਤੇ ਫਰੀਦਕੋਟ ਪੁਲੀਸ ਨੇ ਪ੍ਰਦੀਪ ਕਲੇਰ ਨੂੰ ਕੁਝ ਸਮਾਂ ਪਹਿਲਾਂ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਪ੍ਰਦੀਪ ਕਲੇਰ ਨੇ ਬਿਆਨਾਂ ਵਿਚ ਦੱਸਿਆ ਕਿ ਉਹ ਭਗੌੜਾ ਨਹੀਂ ਸੀ ਤੇ ਡੇਰੇ ਵਿਚ ਹੀ ਮੌਜੂਦ ਸੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਨੀਪ੍ਰੀਤ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਡੇਰਾ ਮੁਖੀ ਨੂੰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਪੰਜਾਬ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵੋਟਾਂ ਖ਼ਾਤਰ ਡੇਰਾ ਮੁਖੀ ਨੂੰ ਬਚਾਉਂਦੇ ਰਹੇ ਸਨ।