ਨਗਰ ਨਿਗਮ ਦੇ ਸਫ਼ਾਈ ਮੁਲਾਜ਼ਮਾਂ ਦਾ ਧਰਨਾ ਦਸਵੇਂ ਦਿਨ ਵੀ ਜਾਰੀ
ਪੱਤਰ ਪ੍ਰੇਰਕ
ਫਗਵਾੜਾ, 26 ਸਤੰਬਰ
ਨਗਰ ਨਿਗਮ ਦੇ ਸਫ਼ਾਈ ਤੇ ਸੀਵਰੇਜ ਕਰਮੀਆਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਕਰਮਚਾਰੀਆਂ ਵੱਲੋਂ ਸ਼ੁਰੂ ਕੀਤਾ ਗਿਆ ਧਰਨਾ ਅੱਜ 10ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਨਗਰ ਨਿਗਮ ਦਫ਼ਤਰ ਦੇ ਬਾਹਰ ਕਰਮਚਾਰੀਆਂ ਨੇ ਨਾਅਰੇਬਾਜ਼ੀ ਕਰ ਕੇ ਆਪਣਾ ਰੋਸ ਜ਼ਾਹਰ ਕੀਤਾ।
ਨਗਰ ਨਿਗਮ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਧਰਮਵੀਰ ਸੇਠੀ, ਰੋਸ਼ਨ ਲਾਲ ਸੇਠੀ, ਪ੍ਰਦੀਪ ਕੁਮਾਰ, ਪ੍ਰਿੰਸ ਘਈ, ਵਿਪਨ ਲਾਹੋਰੀਆ, ਵਿਜੈ ਸਰਵਟਾ, ਗੌਰਵ ਘਈ, ਸਨੀ ਸੇਠੀ ਤੇ ਕਾਲਾ ਸਲਹੋਤਰਾ ਆਦਿ ਨੇ ਕਿਹਾ ਕਿ ਪਿਛਲੇ 9 ਦਿਨਾਂ ਤੋਂ ਬਾਅਦ ਵੀ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨਹੀਂ ਸੁਣੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਨਗਰ ਨਿਗਮ ’ਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਸਫ਼ਾਈ ਕਰਮਚਾਰੀਆਂ ਵੱਲੋਂ ਕੀਤੀ ਚੁੱਕੀ ਜਾ ਰਹੀ ਹੈ ਜਦਕਿ ਪੰਜਾਬ ਭਰ ’ਚ ਸਾਰੇ ਕਰਮਚਾਰੀਆਂ ਨੂੰ ਡੀ.ਸੀ. ਰੇਟ ’ਤੇ ਪੱਕੇ ਕਰ ਦਿੱਤਾ ਗਿਆ ਹੈ ਤੇ ਸਿਰਫ਼ ਫਗਵਾੜਾ ਵਿਖੇ ਹੀ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਿਆ ਜਾਵੇ।