ਆੜ੍ਹਤੀਆਂ ਤੇ ਸ਼ੈੱਲਰ ਮਾਲਕਾਂ ਵੱਲੋਂ ਐਲਾਨੀ ਹੜਤਾਲ ਤੋਂ ਜ਼ਿਲ੍ਹਾ ਪ੍ਰਸ਼ਾਸਨ ਚਿੰਤਤ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਸਤੰਬਰ
ਆੜ੍ਹਤੀਆ ਐਸੋਸੀਏਸ਼ਨ, ਮੰਡੀ ਮਜ਼ਦੂਰ ਯੂਨੀਅਨ ਅਤੇ ਸ਼ੈੱਲਰ ਐਸੋਸੀਏਸ਼ਨ ਵੱਲੋਂ ਪਹਿਲੀ ਅਕਤੂਬਰ ਤੋਂ ਮੁਕੰਮਲ ਹੜਤਾਲ ਦੇ ਕੀਤੇ ਐਲਾਨ ਤੋਂ ਬਾਅਦ ਝੋਨੇ ਦੀ ਖਰੀਦ ਪ੍ਰਭਾਵਿਤ ਹੋਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਆੜ੍ਹਤੀਆ ਅਤੇ ਸ਼ੈੱਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਖ਼ਰੀਦ ਪ੍ਰਕਿਰਿਆ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਹੋਰ ਸਬੰਧਤ ਵਰਗਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਆੜ੍ਹਤੀਆਂ ਅਤੇ ਸ਼ੈੱਲਰ ਮਾਲਕਾਂ ਦੇ ਝੋਨੇ ਦੀ ਖ਼ਰੀਦ ਸਬੰਧੀ ਸਾਰੇ ਮਸਲੇ ਸੁਣੇ ਤੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਸਰਕਾਰ ਪੱਧਰ ਤੱਕ ਦੇ ਸਾਰੇ ਮਸਲੇ ਗੱਲਬਾਤ ਰਾਹੀਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਮੰਡੀਆਂ ਦੇ ਨਾਲ-ਨਾਲ ਹੋਰ ਬਹੁਤ ਸਾਰੀਆਂ ਢੁੱਕਵੀਆਂ ਥਾਂਵਾਂ ਨੂੰ ਜਲਦ ਮੰਡੀ ਯਾਰਡ ਵਜੋਂ ਸੂਚਿਤ ਕੀਤਾ ਜਾਵੇਗਾ।