ਕਿਸਾਨਾਂ ਨੂੰ ਰੋਕਣ ਦੇ ਵਿਰੋਧ ’ਚ ਸਰਕਾਰ ਦਾ ਪੁਤਲਾ ਸਾੜਿਆ
ਪੱਤਰ ਪ੍ਰੇਰਕ
ਗੂਹਲਾ ਚੀਕਾ, 10 ਦਸੰਬਰ
ਇੱਥੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਮੈਂਬਰਾਂ ਨੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਕਿਸਾਨਾਂ ’ਤੇ ਲਾਠੀਚਾਰਜ ਕੀਤੇ ਜਾਣ ਦੇ ਵਿਰੋਧ ਵਿੱਚ ਐੱਸਡੀਐੱਮ ਦਫ਼ਤਰ ਗੂਹਲਾ ਅੱਗੇ ਪੁਤਲਾ ਫੂਕਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਜ਼ਾਹਰੇ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਕਰਨੈਲ ਸਿੰਘ ਭਾਟੀਆ ਨੇ ਕੀਤੀ। ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਕੰਵਰਜੀਤ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਬੈਠੇ ਕਿਸਾਨਾਂ ’ਤੇ ਲਗਾਤਾਰ ਜ਼ੁਲਮ ਕਰ ਰਹੀ ਹੈ। ਕੁਝ ਸਮਾਂ ਪਹਿਲਾਂ ਇਨ੍ਹਾਂ ਹੀ ਸਰਕਾਰ ਨੇ ਮੰਨਿਆ ਸੀ ਕਿ ਜੇ ਕਿਸਾਨ ਟਰੈਕਟਰ ਟਰਾਲੀਆਂ ਲੈਣ ਦੀ ਬਜਾਏ ਕਿਸੇ ਹੋਰ ਤਰੀਕੇ ਨਾਲ ਦਿੱਲੀ ਜਾਂਦੇ ਹਨ ਤਾਂ ਉਨ੍ਹਾਂ ਲਈ ਸਰਹੱਦਾਂ ਖੋਲ੍ਹ ਦਿੱਤੀਆਂ ਜਾਣਗੀਆਂ ਪਰ ਜਦੋਂ ਕਿਸਾਨ ਜਥੇਬੰਦੀਆਂ ਨੇ ਪੈਦਲ ਦਿੱਲੀ ਵੱਲ ਮਾਰਚ ਕੀਤਾ ਤਾਂ ਸਰਕਾਰ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਮੌਕੇ ਬਲਾਕ ਖਜ਼ਾਨਚੀ ਅਵਤਾਰ ਸਿੰਘ ਬਾਊਪੁਰ ਨੇ ਕਿਹਾ ਕਿ ਕਿਸਾਨ ਮੰਗਾਂ ਮਨਵਾਉਣ ਲਈ ਦਿੱਲੀ ਜਾਣਾ ਚਾਹੁੰਦੇ ਹਨ ਪਰ ਹਰਿਆਣਾ ਸਰਕਾਰ ਉਨ੍ਹਾਂ ਤੋਂ ਦਿੱਲੀ ਵਿੱਚ ਧਰਨਾ ਦੇਣ ਦੀ ਇਜਾਜ਼ਤ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਵੱਲੋਂ ਕਿਸਾਨਾਂ ਦੇ ਜਮਹੂਰੀ ਹੱਕਾਂ ਨੂੰ ਇਸੇ ਤਰ੍ਹਾਂ ਦਬਾਇਆ ਜਾਂਦਾ ਰਿਹਾ ਤਾਂ ਇਸ ਦੇ ਨਤੀਜੇ ਚੰਗੇ ਨਹੀਂ ਹੋਣਗੇ। ਪ੍ਰਦਰਸ਼ਨ ਵਿੱਚ ਸੂਬਾ ਕਮੇਟੀ ਮੈਂਬਰ ਚਰਨਜੀਤ ਕੌਰ, ਦਵਿੰਦਰ ਕੌਰ, ਜਸਵੰਤ ਸਿੰਘ, ਕਰਮ ਸਿੰਘ, ਸੁਰੇਸ਼ ਕੁਮਾਰ, ਮਲਕੀਤ ਸਿੰਘ, ਸ਼ਰਨਜੀਤ ਸਿੰਘ, ਭਗਵਾਨ ਸਿੰਘ, ਕੁਲਵੰਤ ਸਿੰਘ, ਬਲਬੀਰ ਸਿੰਘ, ਸ਼ੀਸ਼ਨ ਰਾਮ, ਕਰਮਜੀਤ ਸਿੰਘ ਅਤੇ ਮਨਜੀਤ ਸਿੰਘ ਹਾਜ਼ਰ ਸਨ ।