ਡੇਰਾ ਮੁਖੀ ਦੀ ਪੈਰੋਲ ਨੂੰ ਚੋਣ ਕਮਿਸ਼ਨ ਨੇ ਦਿੱਤੀ ਪ੍ਰਵਾਨਗੀ
* ਤਿੰਨ ਸ਼ਰਤਾਂ ਨਾਲ ਦਿੱਤੀ ਮਨਜ਼ੂਰੀ
* ਅੱਜ ਜੇਲ੍ਹ ਤੋਂ ਬਾਹਰ ਆਉਣ ਦੀ ਸੰਭਾਵਨਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਸਤੰਬਰ
ਜਬਰ-ਜਨਾਹ ਅਤੇ ਹੱਤਿਆ ਦਾ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਹਰਿਆਣਾ ਵਿਧਾਨ ਸਭਾ ਦੀਆਂ 5 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ 20 ਦਿਨਾਂ ਦੀ ਪੈਰੋਲ ’ਤੇ ਭਲਕੇ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਚੋਣ ਕਮਿਸ਼ਨ ਨੇ ਸੋਮਵਾਰ ਸ਼ਾਮ ਤਿੰਨ ਸ਼ਰਤਾਂ ਨਾਲ ਉਸ ਨੂੰ ਪੈਰੋਲ ਦੇਣ ਦੀ ਮਨਜ਼ੂਰੀ ਦਿੱਤੀ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ ਹੈ ਅਤੇ ਡੇਰਾ ਮੁਖੀ ਪੈਰੋਲ ਦੌਰਾਨ ਸਿਆਸੀ ਸਰਗਰਮੀਆਂ ’ਚ ਹਿੱਸਾ ਨਹੀਂ ਲਵੇਗਾ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਉਸ ਦੀ ਕੋਈ ਸਰਗਰਮੀ ਜਾਂ ਚੋਣ ਸਬੰਧੀ ਬਿਆਨ ਨਹੀਂ ਆਉਣਾ ਚਾਹੀਦਾ ਹੈ। ਮੰਨਿਆ ਜਾ ਰਿਹਾ ਹੈ ਕਿ ਮੰਗਲਵਾਰ ਸਵੇਰੇ ਸੁਨਾਰੀਆ ਜੇਲ੍ਹ ਤੋਂ ਡੇਰਾ ਮੁਖੀ ਯੂਪੀ ਸਥਿਤ ਬਰਨਾਵਾ ਆਸ਼ਰਮ ਲਈ ਰਵਾਨਾ ਹੋਵੇਗਾ। ਜੇ ਡੇਰਾ ਮੁਖੀ ਜੇਲ੍ਹ ਤੋਂ ਬਾਹਰ ਆਉਂਦਾ ਹੈ ਤਾਂ ਇਹ ਪੈਰੋਲ ਜਾਂ ਫਰਲੋ ’ਤੇ ਉਸ ਦੀ 11ਵੀਂ ਵਾਰ ਰਿਹਾਈ ਹੋਵੇਗੀ। ਉਹ ਸੂਬੇ ’ਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ 13 ਅਗਸਤ ਨੂੰ 21 ਦਿਨ ਦੀ ਫਰਲੋ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਡੇਰਾ ਮੁਖੀ ਹੁਣ ਤੱਕ ਆਪਣੀ ਸਜ਼ਾ ’ਚੋਂ ਅੱਠ ਮਹੀਨੇ ਤੋਂ ਵਧ ਦਾ ਸਮਾਂ ਜੇਲ੍ਹ ਤੋਂ ਬਾਹਰ ਕੱਟ ਚੁੱਕਿਆ ਹੈ ਅਤੇ ਦੋ ਮਹੀਨਿਆਂ ’ਚ ਇਹ ਦੂਜੀ ਵਾਰ ਹੋਵੇਗਾ ਜਦੋਂ ਉਹ ਜੇਲ੍ਹ ਤੋਂ ਬਾਹਰ ਆਵੇਗਾ।