ਚੋਣ ਕਮਿਸ਼ਨ ਵੱਲੋਂ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਸਫਲ ਚੋਣਾਂ ਲਈ ਵਧਾਈ
ਨਵੀਂ ਦਿੱਲੀ, 8 ਅਕਤੂਬਰ
ਭਾਰਤ ਦੇ ਚੋਣ ਕਮਿਸ਼ਨ ਨੇ ਅੱਜ ਜੰਮੂ ਅਤੇ ਕਸ਼ਮੀਰ ਦੇ ਲੋਕਾਂ ਨੂੰ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਦੇ ਸਫਲਤਾਪੂਰਵਕ ਮੁਕੰਮਲ ਹੋਣ ’ਤੇ ਵਧਾਈ ਦਿੱਤੀ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਸ਼ਾਂਤੀਪੂਰਨ ਚੋਣ ਪ੍ਰਕਿਰਿਆ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ। ਚੋਣ ਕਮਿਸ਼ਨ ਨੇ ਕਿਹਾ ਕਿ ਸੂਬਾ ਵਾਸੀਆਂ ਨੇ 'ਆਪਣੀਆਂ ਵੋਟਾਂ ਰਾਹੀਂ ਨਾ ਸਿਰਫ਼ ਜਮਹੂਰੀਅਤ ਦੀਆਂ ਨੀਹਾਂ ਨੂੰ ਮਜ਼ਬੂਤ ਕੀਤਾ ਹੈ ਸਗੋਂ ਇਸ ਖੇਤਰ ਲਈ ਤਰੱਕੀ ਦਾ ਰਾਹ ਵੀ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਦੇ ਆਖਰੀ ਦੋ ਪੜਾਵਾਂ ਵਿੱਚ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਉਨ੍ਹਾਂ ਇਸ ਮਤਦਾਨ ਨੂੰ ਆਪਣੇ ਆਪ ਵਿੱਚ ਇੱਕ ਇਤਿਹਾਸਕ ਪ੍ਰਾਪਤੀ ਦੱਸਿਆ। ਜ਼ਿਕਰਯੋਗ ਹੈ ਕਿ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਨੇ ਵਿਧਾਨ ਸਭਾ ਚੋਣਾਂ ਦੀਆਂ 90 ਵਿੱਚੋਂ 49 ਸੀਟਾਂ ਹਾਸਲ ਕੀਤੀਆਂ ਹਨ। ਇਨ੍ਹਾਂ ਵਿੱਚੋਂ 42 ਸੀਟਾਂ ਨੈਸ਼ਨਲ ਕਾਨਫਰੰਸ, 6 ਕਾਂਗਰਸ ਅਤੇ ਇਕ ਸੀਟ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਨੇ ਜਿੱਤੀ ਹੈ। ਜੰਮੂ ਕਸ਼ਮੀਰ ਵਿਚ ਇੱਕ ਦਹਾਕੇ ਦੇ ਲੰਬੇ ਵਕਫ਼ੇ ਤੋਂ ਬਾਅਦ ਚੋਣਾਂ ਹੋਈਆਂ ਹਨ। ਇਹ ਚੋਣਾਂ ਤਿੰਨ ਪੜਾਵਾਂ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਮੁਕੰਮਲ ਹੋਈਆਂ। ਸੂਬੇ ਵਿਚ ਧਾਰਾ 370 ਨੂੰ ਖ਼ਤਮ ਕੀਤੇ ਜਾਣ ਤੋਂ ਬਾਅਦ ਇਹ ਪਹਿਲੀ ਵਿਧਾਨ ਸਭਾ ਚੋਣ ਸੀ। ਜੰਮੂ ਤੇ ਕਸ਼ਮੀਰ ਵਿਚ ਇਸ ਵਾਰ ਉਮਰ ਅਬਦੁੱਲਾ ਨੂੰ ਮੁੱਖ ਮੰਤਰੀ ਬਣਾਏ ਜਾਣ ਦੇ ਚਰਚੇ ਹਨ। ਏਐੱਨਆਈ