ਬਿਜਲੀ ਕਾਮਿਆਂ ਵੱਲੋਂ ਪਾਵਰਕੌਮ ਮੈਨੇਜਮੈਂਟ ਖਿਲਾਫ਼ ਨਾਅਰੇਬਾਜ਼ੀ
ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 30 ਜੁਲਾਈ
ਪਾਵਰਕੌਮ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ ’ਤੇ ਅੱਜ ਇੱਥੇ ਪਾਵਰਕੌਮ ਡਿਵੀਜ਼ਨ ਦਫਤਰ ਵਿੱਚ ਬਿਜਲੀ ਕਾਮਿਆਂ ਵੱਲੋਂ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਡਿਵੀਜ਼ਨ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਅਤੇ ਮੰਡਲ ਪ੍ਰਧਾਨ ਦਵਿੰਦਰ ਸਿੰਘ ਵੜੈਚ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਰੈਲੀ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਮੰਨੀਆਂ ਮੰਗਾਂ ਲਾਗੂ ਨਾ ਕਰਕੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ, ਇਸ ਕਰਕੇ ਮੁਲਾਜ਼ਮਾਂ ’ਚ ਰੋਸ ਹੈ। ਪ੍ਰਧਾਨ ਸਹਾਏਪੁਰ ਨੇ ਦੱਸਿਆ ਭਲਕੇ 31 ਜੁਲਾਈ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਬਿਜਲੀ ਮੰਤਰੀ ਅਤੇ ਪਾਵਰਕੌਮ ਮੈਨੇਜਮੈਂਟ ਨਾਲ ਤੈਅ ਹੋਈ ਮੀਟਿੰਗ ਦੌਰਾਨ ਜੇ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੂਬੇ ਭਰ ਵਿੱਚ ਤਿੱਖਾ ਸਘੰਰਸ਼ ਕੀਤਾ ਜਾਵੇਗਾ।
ਤਰਨ ਤਾਰਨ (ਪੱਤਰ ਪ੍ਰੇਰਕ): ਬਿਜਲੀ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਦਾਰੇ ਦੇ ਸਰਕਲ ਦਫਤਰ ਸਾਹਮਣੇ ਅੱਜ ਦੂਸਰੇ ਦਿਨ ਵੀ ਰੈਲੀ ਕੀਤੀ| ਮੁਲਾਜ਼ਮਾਂ ਨੇ ਅਦਾਰੇ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖਿਲਾਫ਼ ਆਪਣੇ ਰੋਹ ਦਾ ਪ੍ਰਗਟਾਵਾ ਕਰਦਿਆਂ ਮੰਗਾਂ ਦੇ ਨਾ ਮੰਨੇ ਜਾਣ ’ਤੇ ਆਪਣਾ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ| ਸੰਘਰਸ਼ ਕਰਦੀਆਂ ਬਿਜਲੀ ਕਰਮਚਾਰੀਆਂ ਦੀਆਂ ਜਥੇਬੰਦੀਆਂ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੂਬਾ ਆਗੂ ਪੂਰਨ ਦਾਸ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ।