ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਪੱਤਰ ਪ੍ਰੇਰਕ
ਬਠਿੰਡਾ, 10 ਨਵੰਬਰ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਅੱਜ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਮੂਹਰੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਦੱਸਣਯੋਗ ਹੈ ਕਿ ਜਥੇਬੰਦੀ ਨੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦੀ ‘ਚੁੱਪ’ ਖ਼ਿਲਾਫ਼ ਕੈਬਨਿਟ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਦੇ ਘਰਾਂ ਅੱਗੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਹੈ। ਇਸੇ ਤਹਤਿ ਅੱਜ ਜ਼ਿਲ੍ਹਾ ਬਠਿੰਡਾ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਨ।
ਇਸ ਮੌਕੇ ਸੂਬਾ ਕਨਵੀਨਰ ਸਾਥੀ ਗਗਨਦੀਪ ਸਿੰਘ ਭੁੱਲਰ, ਦਰਸ਼ਨ ਮੌੜ, ਮੱਖਣ ਸਿੰਘ ਖਣਗਵਾਲ, ਮਨਜੀਤ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਬਿਲਕੁਲ ਵੀ ਗਭੀਰ ਨਹੀਂ ਹੈ। ਉਲਟਾ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲਿਆਂ ਪ੍ਰਤੀ ‘ਸਾਜ਼ਿਸ਼ੀ ਚੁੱਪ ਧਾਰੀ ਹੋਈ ਹੈ।’ ਪੰਜਾਬ ਕੈਬਨਿਟ ਦੀ 6 ਨਵੰਬਰ ਦੀ ਮੀਟਿੰਗ ਵਿੱਚ ਇਸ ਵਰਗ ਨੂੰ ਕਾਫੀ ਆਸ ਸੀ ਕਿ ਸਰਕਾਰ ਕੁੱਝ ਮੁਲਾਜ਼ਮ/ਪੈਨਸ਼ਨਰ ਪੱਖੀ ਫੈਸਲੇ ਲਵੇਗੀ। ਸਾਂਝੇ ਫਰੰਟ ਦੇ ਆਗੂ ਸਿਕੰਦਰ ਸਿੰਘ ਧਾਲੀਵਾਲ ਨੇ ਆਖਿਆ ਕਿ ਮੁਲਾਜ਼ਮਾਂ ਪੈਨਸ਼ਨਰਾਂ ਨੂੰ ਮਹਿੰਗਾਈ ਭੱਤਾ ਨਾ ਦੇ ਕੇ ਤਨਖਾਹ ਅਤੇ ਪੈਨਸ਼ਨ ਨੂੰ 12 ਪ੍ਰਤੀਸ਼ਤ ਖੋਰਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕੱਚੇ ਮੁਲਾਜ਼ਮ ਕੱਚੇ ਦੇ ਕੱਚੇ ਹਨ, ਮਾਣ-ਭੱਤਾ/ਇਨਸੈਂਟਿਵ ਮੁਲਾਜ਼ਮਾਂ ਤੇ ਘੱਟੋ-ਘੱਟ ਉਜਰਤਾਂ ਦਾ ਕਾਨੂੰਨ ਲਾਗੂ ਨਹੀ ਹੋਇਆ, ਪੁਰਾਣੀ ਪੈਨਸ਼ਨ ਦਾ ਸਿਰਫ ਕਾਗਜ਼ੀ ਐਲਾਨ ਹੀ ਕੀਤਾ ਗਿਆ।