ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਾਰ ਦੇ ‘ਲਾਰਿਆਂ ਦੀ ਪੰਡ’ ਫੂਕੀ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 24 ਅਗਸਤ
ਇੱਥੋਂ ਦੇ ਫੇਜ਼-1 ਸਥਿਤ ਬਾਗ਼ਬਾਨੀ ਵਿਭਾਗ ਦੀ ਨਰਸਰੀ ਵਿੱਚ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨੇ ਅੱਜ ਪੰਜਾਬ ਸਰਕਾਰ ਦੇ ‘ਲਾਰਿਆਂ ਦੀ ਪੰਡ’ ਫੂਕ ਕੇ ਰੋਸ ਮੁਜ਼ਾਹਰਾ ਕੀਤਾ। ‘ਆਪ’ ਸਰਕਾਰ ਦੇ ਲਾਰਿਆਂ ਦੀ ਪੰਡ ਨੂੰ ਅੱਗ ਸੂਬਾ ਕਨਵੀਨਰ ਕਰਮ ਸਿੰਘ ਧਨੋਆ ਨੇ ਲਾਈ। ਇਸ ਤੋਂ ਪਹਿਲਾਂ ਮੁਲਾਜ਼ਮ ਲਹਿਰ ਦੇ ਆਗੂ ਵੇਦ ਪ੍ਰਕਾਸ਼ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੁਨਕਰ ਹੋਣ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮ ਤੇ ਪੈਨਸ਼ਨਰ ਵਰਗ ਵਿੱਚ ਆਪਣੀਆਂ ਭਰੋਸੇਯੋਗਤਾ ਗੁਆ ਚੁੱਕੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜ਼ਿਮਨੀ ਚੋਣਾਂ ਵਿੱਚ ਉਹ ‘ਆਪ’ ਸਰਕਾਰ ਦੇ ਖ਼ਿਲਾਫ਼ ਪ੍ਰਚਾਰ ਕਰਨਗੇ। ਬੁਲਾਰਿਆਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਚੋਣਾਂ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਵਿਸਾਰ ਦਿੱਤੇ ਹਨ, ਜਿਸ ਵਿੱਚ ਹਰਿਆਣਾ ਪੈਟਰਨ ਦੇ ਬਰਾਬਰ ਮੁਲਾਜ਼ਮਾਂ ਨੂੰ ਸਨਮਾਨ ਜਨਕ ਮਾਣਭੱਤਾ ਦੇਣਾ ਅਤੇ ਵੱਖ-ਵੱਖ ਵਿਭਾਗਾਂ ਵਿੱਚ ਲੰਮੇ ਸਮੇਂ ਤੋਂ ਕੰਮ ਕਰਦੇ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਣੇ ਹੋਰ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ। ਆਗੂਆਂ ਨੇ ਤਿੰਨ ਸਤੰਬਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਵੀ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਫੈਡਰੇਸ਼ਨ ਆਗੂਆਂ ਕਰਮਾਪੁਰੀ, ਦਿਲਦਾਰ ਸਿੰਘ ਸੋਹਾਣਾ, ਤਰਸੇਮ ਲਾਲ ਦੱਪਰ, ਸੁਰੇਸ਼ ਠਾਕੁਰ, ਸ਼ਿਵੰਦਰ ਕੁਮਾਰ, ਹਨੂਮਾਨ, ਅਜਮੇਰ ਸਿੰਘ ਲੌਂਗੀਆਂ, ਦਰਸ਼ਨ ਬਾਬਾ ਚਨਾਲੋਂ, ਗੌਰਮਿੰਟ ਟੀਚਰਜ਼ ਯੂਨੀਅਨ (ਜੀਟੀਯੂ) ਦੇ ਸਾਬਕਾ ਪ੍ਰੈੱਸ ਸਕੱਤਰ ਹਰਨੇਕ ਸਿੰਘ ਮਾਵੀ ਨੇ ਵੀ ਸੰਬੋਧਨ ਕੀਤਾ।