ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ
ਪੱਤਰ ਪ੍ਰੇਰਕ
ਫਿਲੌਰ, 6 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਥੇ ਆਮਦ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਸੂਬਾ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਸਾਂਝਾ ਫਰੰਟ ਪੰਜਾਬ ਨਾਲ ਮੀਟਿੰਗ ਕਰਨ ਦੇ ਕਈ ਵਾਰ ਦਿੱਤੇ ਭਰੋਸੇ ਨੂੰ ਤੋੜਨ ਕਾਰਨ ਗੁੱਸੇ ਅਤੇ ਰੋਹ ਵਿੱਚ ਆਏ ਇਨ੍ਹਾਂ ਮੁਲਾਜ਼ਮਾਂ ਦੇ ਇਕੱਠ ਨੂੰ ਸਾਂਝਾ ਫਰੰਟ ਦੇ ਸੂਬਾਈ ਆਗੂ ਤੀਰਥ ਸਿੰਘ ਬਾਸੀ, ਨਿਰਮੋਲਕ ਸਿੰਘ ਹੀਰਾ, ਕੁਲਦੀਪ ਵਾਲੀਆ, ਬਲਵਿੰਦਰ ਕੁਮਾਰ, ਤਾਰਾ ਸਿੰਘ ਬੀਕਾ ਆਦਿ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਪਹਿਲਾਂ 25 ਜੁਲਾਈ ਤੇ ਹੁਣ 2 ਅਗਸਤ ਦੀ ਮੀਟਿੰਗ ਮੁਲਤਵੀ ਕਰ ਕੇ ਪੰਜਾਬ ਦੇ 7 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕੀਤਾ ਗਿਆ ਹੈ, ਜਿਸ ਕਰਕੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਅੰਦਰ ਭਾਰੀ ਰੋਸ ਹੈ। ਸਾਂਝਾ ਫਰੰਟ ਦੇ ਆਗੂਆਂ ਨੇ ਕਿਹਾ ਕਿ ਸਾਂਝਾ ਫਰੰਟ ਪੰਜਾਬ ਦੀ 10 ਅਗਸਤ ਨੂੰ ਹੋ ਰਹੀ ਮੀਟਿੰਗ ਵਿੱਚ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਤਲਵਾੜਾ (ਪੱਤਰ ਪ੍ਰੇਰਕ): ਇੱਥੇ ਨੀਮ ਪਹਾੜੀ ਕਸਬਾ ਕਮਾਹੀ ਦੇਵੀ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਮੁਲਾਜ਼ਮਾਂ/ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ। ਇਸ ਮੌਕੇ ਪੈਨਸ਼ਨਰ ਆਗੂ ਤਿਲਕ ਰਾਜ, ਬਲਵੰਤ ਸਿੰਘ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੋਂ ਜਸਬੀਰ ਤਲਵਾੜਾ, ਚਮਨ ਲਾਲ, ਸਤਪਾਲ ਆਦਿ ਨੇ ‘ਆਪ’ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਤਿੱਖੇ ਸ਼ਬਦਾਂ ’ਚ ਨਿਖੇਧੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਮੁਲਾਜ਼ਮ/ਪੈਨਸ਼ਨਰ ਮੰਗਾਂ ਦੇ ਨਿਪਟਾਰੇ ਲਈ ਮੀਟਿੰਗ ਦਾ ਵਾਰ-ਵਾਰ ਸਮਾਂ ਦੇ ਕੇ ਮੀਟਿੰਗ ਨਾ ਕਰਨ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਉਪਰੰਤ ਇਕੱਤਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕਮਾਹੀ ਦੇਵੀ ਦੇ ਬਾਜ਼ਾਰਾਂ ’ਚ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਚੁੱਕ ਕੇ ਰੋਸ ਮਾਰਚ ਕੀਤਾ। ਇਸ ਮੌਕੇ ਜੋਗਿੰਦਰ ਰਾਜਿੰਦਰ, ਕਿਰਨ ਭਾਟੀਆ, ਰਾਮ ਪ੍ਰਸਾਦ, ਸਰਬਜੀਤ ਦਿਵੇਦੀ, ਦਵਿੰਦਰ ਸਿੰਘ, ਸੰਦੀਪ ਵਾਲੀਆ, ਰਾਕੇਸ਼ ਕੁਮਾਰ, ਸੋਹਨ ਲਾਲ, ਰਾਜ ਕੁਮਾਰ, ਅਰੁਣ ਕੁਮਾਰ, ਜਨਕ ਰਾਜ ਰਾਣਾ, ਤਰਸੇਮ ਸਿੰਘ, ਸਵਰਨ ਸਿੰਘ ਆਦਿ ਹਾਜ਼ਰ ਸਨ।