ਮੁਲਾਜ਼ਮਾਂ ਨੇ ਮੁੱਖ ਮੰਤਰੀ ਦੀ ਕੋਠੀ ਨੇੜੇ ਪੁਤਲਾ ਫ਼ੂਕਿਆ
ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਅਕਤੂਬਰ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਝੰਡੇ ਹੇਠ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਚੱਲ ਰਹੇ ਪੈਨਸ਼ਨ ਪ੍ਰਾਪਤੀ ਮੋਰਚੇ ਦੇ ਦੂਜੇ ਦਿਨ ਸ਼ਾਮ ਨੂੰ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਆਦਮ ਕੱਦ ਪੁਤਲਾ ਫ਼ੂਕਿਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ 1972 ਦੇ ਪੈਨਸ਼ਨ ਐਕਟ ਵਾਲੀ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਇੰਨ-ਬਿੰਨ ਲਾਗੂ ਕਰਨ ਦੀ ਮੰਗ ਕੀਤੀ। ਇਸ ਦੌਰਾਨ ਪੂਰਾ ਦਿਨ ਚੱਲੀ ਸਟੇਜ ਦੌਰਾਨ ਐੱਨਪੀਐੱਸ, ਯੂਪੀਐੱਸ, ਓਪੀਐੱਸ ਸਬੰਧੀ ਖੁੱਲ੍ਹੀ ਚਰਚਾ ਕੀਤੀ ਗਈ ਅਤੇ ਦੇਸ਼ ਵਿੱਚ ਭਾਰੂ ਮੁਲਾਜ਼ਮ ਮਾਰੂ ਤੇ ਕਾਰਪੋਰੇਟ ਪੱਖੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ ਗਈ। ਆਗੂਆਂ ਨੇ ਐਲਾਨ ਕੀਤਾ ਕਿ ਭਲਕੇ 3 ਅਕਤੂਬਰ ਨੂੰ ਮੋਰਚੇ ਦੇ ਆਖ਼ਰੀ ਦਿਨ ਸੂਬਾਈ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ। ਤਿੰਨ ਦਿਨਾਂ ਪੈਨਸ਼ਨ ਪ੍ਰਾਪਤੀ ਮੋਰਚੇ ਦੇ ਦੂਜੇ ਦਿਨ ਸ਼ਾਮ ਨੂੰ ਮੁਲਾਜ਼ਮਾਂ ਵੱਲੋਂ ਰੋਸ ਮਾਰਚ ਕੀਤਾ ਗਿਆ ਅਤੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ‘ਆਪ’ ਸੁਪਰੀਮੋ ਦਾ ਵੱਡ ਆਕਾਰੀ ਪੁਤਲਾ ਫ਼ੂਕਦਿਆਂ ਪ੍ਰਦਰਸ਼ਨ ਕੀਤਾ ਗਿਆ। ਫਰੰਟ ਦੇ ਆਗੂਆਂ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ, ਮੁਲਾਜ਼ਮ ਆਗੂ ਵਿਕਰਮ ਦੇਵ ਸਿੰਘ, ਮਹਿਮਾ ਸਿੰਘ, ਗੁਰਦੀਪ ਛੰਨਾ ਨੇ ਕਿਹਾ ਕਿ ‘ਆਪ’ ਸਰਕਾਰ ਦੇ ਢਾਈ ਸਾਲ ਬੀਤਣ ਦੇ ਬਾਵਜੂਦ ਕਿਸੇ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੁੱਲ੍ਹਿਆ ਬਲਕਿ ਨਵੀਆਂ ਭਰਤੀਆਂ ਉੱਤੇ ਵੀ ਐੱਨਪੀਐੱਸ ਸਕੀਮ ਲਾਗੂ ਕੀਤੀ ਜਾ ਰਹੀ ਹੈ। ‘ਆਪ’ ਸਰਕਾਰ ਵੱਲੋਂ 18 ਨਵੰਬਰ 2022 ਨੂੰ ਜਾਰੀ ਕੀਤਾ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਵੀ ਇੱਕ ਕਾਗਜ਼ੀ ਜੁਮਲਾ ਸਾਬਤ ਹੋਇਆ ਹੈ।
ਦੂਜੇ ਪਾਸੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਜਵੀਜ਼ਤ ਯੂਪੀਐੱਸ ਪੈਨਸ਼ਨ ਸਕੀਮ ਐੱਨ.ਪੀ.ਐੱਸ ਮੁਲਾਜ਼ਮਾਂ ਦੇ ਸੰਘਰਸ਼ ਦੀ ਅੰਸ਼ਕ ਪ੍ਰਾਪਤੀ ਜ਼ਰੂਰ ਹੈ ਪਰ ਨਵੀਂ ਪੈਨਸ਼ਨ ਸਕੀਮ ਦੀ ਅਧੂਰੀ ਨਕਲ ਹੈ ਜਿਸਨੂੰ ਪੰਜਾਬ ਦੇ ਮੁਲਾਜ਼ਮ ਪੁਰਾਣੀ ਪੈਨਸ਼ਨ ਦੇ ਬਦਲ ਵਜੋਂ ਕਦੇ ਵੀ ਸਵੀਕਾਰ ਨਹੀਂ ਕਰਨਗੇ।
ਮੋਰਚੇ ਨੂੰ ਮੁਲਾਜ਼ਮਾਂ ਦਾ ਭਰਵਾਂ ਹੁੰਗਾਰਾ ਮਿਲਿਆ
ਮੋਰਚੇ ਵਿੱਚ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਫਰੰਟ ਦੇ ਆਗੂਆਂ ਰਮਨਦੀਪ ਸਿੰਗਲਾ ਅਤੇ ਸਤਪਾਲ ਸਮਾਣਵੀ ਨੇ ਕਿਹਾ ਕਿ ਪੈਨਸ਼ਨ ਦੇ ਮੁੱਦੇ ਤੇ ਸੰਗਰੂਰ ਵਿੱਚ ਲੱਗੇ ਮੋਰਚੇ ਨੂੰ ਸੂਬਾ ਭਰ ਵਿੱਚੋਂ ਮੁਲਾਜ਼ਮਾਂ ਦਾ ਵੱਡਾ ਹੁੰਗਾਰਾ ਮਿਲਿਆ ਹੈ। ਮੋਰਚੇ ਵਿੱਚ ਮਹਿਲਾ ਮੁਲਾਜ਼ਮਾਂ ਅਤੇ ਵੈਟਰਨਰੀ ਇੰਸਪੈਕਟਰ ਐਸਸੀਏਸ਼ਨ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ।