ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਪੱਤਰ ਪ੍ਰੇਰਕ
ਜਲੰਧਰ, 29 ਅਕਤੂਬਰ
ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਖਿਲਾਫ਼ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ ਪਿਆਰਾ ਸਿੰਘ, ਪੁਸ਼ਪਿੰਦਰ ਕੁਮਾਰ ਵਿਰਦੀ, ਹਰਿੰਦਰ ਸਿੰਘ ਚੀਮਾ ਤੇ ਅਵਤਾਰ ਸਿੰਘ ਦੀ ਅਗਵਾਈ ਵਿੱਚ ਅੱਜ ਡਿਪਟੀ ਕਮਿਸ਼ਨਰ ਜਲੰਧਰ ਦੇ ਦਫ਼ਤਰ ਦੇ ਸਾਹਮਣੇ ਪੁੱਡਾ ਗਰਾਊਂਡ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ।
ਇਕੱਠ ਨੂੰ ਸੰਬੋਧਨ ਕਰਦਿਆਂ ਤੀਰਥ ਸਿੰਘ ਬਾਸੀ, ਬਲਵਿੰਦਰ ਕੁਮਾਰ, ਵਿਜੇ ਕੁਮਾਰ, ਦਵਿੰਦਰ ਪਾਲ ਸਿੰਘ, ਵਿਜੇ ਕੁਮਾਰ ਤੇ ਸੁਭਾਸ਼ ਮੱਟੂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਬਹੁਤ ਸਾਰੇ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਰ-ਵਾਰ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਗੱਲਬਾਤ ਦਾ ਸਮਾਂ ਤੈਅ ਕਰਕੇ ਮੀਟਿੰਗਾਂ ਕਰਨ ਤੋਂ ਮੁਨਕਰ ਹੋ ਗਏ ਹਨ ਜਿਸ ਕਾਰਨ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਵਿੱਚ ਰੋਸ ਹੈ।
ਆਗੂਆਂ ਐਲਾਨ ਕੀਤਾ ਕਿ 3 ਨਵੰਬਰ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਆਪੋ-ਆਪਣੇ ਸਾਧਨਾਂ ਰਾਹੀਂ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡਾਂ ਤੇ ਸ਼ਹਿਰ ਵਿੱਚ ਝੰਡਾ ਮਾਰਚ ਕਰ ਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉਮੀਦਵਾਰ ਦਾ ਲੋਕ ਵਿਰੋਧੀ ਚਿਹਰਾ ਲੋਕਾਂ ਵਿੱਚ ਜਾ ਕੇ ਨੰਗਾ ਕਰਨਗੇ।