ਮੰਡੀ ਬੋਰਡ ਦੇ ਮੁਲਾਜ਼ਮਾਂ ਨੇ ਮੁੱਖ ਦਫ਼ਤਰ ਘੇਰਿਆ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 11 ਨਵੰਬਰ
ਪੰਜਾਬ ਸਰਕਾਰ ਵੱਲੋਂ ਪੰਜਾਬ ਮੰਡੀ ਬੋਰਡ ਦੀਆਂ ਲਗਪਗ 30 ਅਸਾਮੀਆਂ ਖ਼ਤਮ ਕਰਨ ਦੀ ਭਿਣਕ ਮਿਲਦਿਆਂ ਹੀ ਫ਼ੀਲਡ ਅਫ਼ਸਰਾਂ ਅਤੇ ਕਰਮਚਾਰੀਆਂ ਨੇ ਅੱਜ ਮੁਹਾਲੀ ਸਥਿਤ ਮੁੱਖ ਦਫ਼ਤਰ ਬਾਹਰ ਸੂਬਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ।
ਧਰਨੇ ਦੀ ਅਗਵਾਈ ਪੰਜਾਬ ਮੰਡੀ ਬੋਰਡ ਅਫਸਰ ਐਸੋਸੀਏਸ਼ਨ ਅਤੇ ਪੰਜਾਬ ਮਾਰਕੀਟ ਕਮੇਟੀ ਕਰਮਚਾਰੀ ਯੂਨੀਅਨ ਨੇ ਕੀਤੀ। ਫੀਲਡ ਅਫ਼ਸਰਾਂ ਨੇ ਹੁਕਮਰਾਨਾਂ ਅਤੇ ਮੰਡੀ ਬੋਰਡ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਲੜੀਵਾਰ ਪੱਕਾ ਮੋਰਚਾ ਸ਼ੁਰੂ ਕਰਨ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਮੰਡੀ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਡਿਪਟੀ ਜਨਰਲ ਮੈਨੇਜਰ ਦੀਆਂ ਪ੍ਰਵਾਨਿਤ 6 ਅਸਾਮੀਆਂ ਘਟਾ ਕੇ 4 ਕਰਨ, ਜ਼ਿਲ੍ਹਾ ਮੰਡੀ ਅਫ਼ਸਰ ਦੀ ਇੱਕ ਅਤੇ ਡਿਪਟੀ ਮੰਡੀ ਅਫ਼ਸਰ ਦੀਆਂ 24 ਅਸਾਮੀਆਂ ਖ਼ਤਮ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਹਾਲਾਂਕਿ ਪਹਿਲਾਂ ਸਰਕਾਰ ਨੇ ਇਤਰਾਜ਼ ਲਗਾ ਕੇ ਇਹ ਫਾਈਲ ਵਾਪਸ ਮੋੜ ਦਿੱਤੀ ਸੀ ਪਰ ਬੋਰਡ ਹੁਣ ਟੇਬਲ ਏਜੰਡਾ ਰਾਹੀਂ ਇਨ੍ਹਾਂ ਅਸਾਮੀਆਂ ਨੂੰ ਖ਼ਤਮ ਕਰਨ ਦੇ ਰੌਂਅ ਵਿੱਚ ਹੈ।
ਆਗੂਆਂ ਕਿਹਾ ਕਿ ਇਸ ਨਾਲ ਜਿੱਥੇ ਮਾਰਕੀਟਿੰਗ ਅਤੇ ਐਨਫੋਰਸਮੈਂਟ ਦਾ ਕੰਮ ਪ੍ਰਭਾਵਿਤ ਹੋਵੇਗਾ, ਉੱਥੇ ਬੋਰਡ ਦੀ ਆਮਦਨ ’ਤੇ ਵੀ ਮਾੜਾ ਅਸਰ ਪਵੇਗਾ। ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਨੇ ਦੋਵੇਂ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਸਾਰੀਆਂ ਮੰਗਾਂ ਪ੍ਰਤੀ ਵਿਸਥਾਰ ਵਿੱਚ ਵਿਚਾਰ-ਚਰਚਾ ਕਰਨ ਲਈ ਜਲਦੀ ਹੀ ਢੁਕਵਾਂ ਸਮਾਂ ਦੇਣ ਦਾ ਭਰੋਸਾ ਦਿੱਤਾ। ਇਸ ਮਗਰੋਂ ਦੋਵੇਂ ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਪ੍ਰੋਗਰਾਮ ਮੁਲਤਵੀ ਕੀਤਾ ਗਿਆ।