ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਦਾ ਘਿਰਾਓ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 28 ਨਵੰਬਰ
ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀ ਲੰਮੇ ਸਮੇਂ ਤੋਂ ਰੈਗੂਲਰ ਹੋਣ ਲਈ ਸਮੇਂ ਦੀਆਂ ਸਰਕਾਰਾਂ ਦੇ ਹਾੜੇ ਕੱਢਦੇ ਆ ਰਹੇ ਹਨ ਪਰ ਉਨ੍ਹਾਂ ਦੇ ਪੱਕੇ ਹੋਣ ਦੀ ਉਡੀਕ ਲਗਾਤਾਰ ਲੰਮੀ ਹੁੰਦੀ ਜਾ ਰਹੀ ਹੈ, ਜਿਸ ਦੇ ਰੋਸ ਵਜੋਂ ਦਫ਼ਤਰੀ ਸਟਾਫ਼ ਨੇ ਅੱਜ ਸਮੂਹਿਕ ਛੁੱਟੀ ਲੈ ਕੇ ਸਿੱਖਿਆ ਭਵਨ ਦਾ ਘਿਰਾਓ ਕਰਕੇ ਵਿਖਾਵਾ ਕੀਤਾ। ਸਰਵ ਸਿੱਖਿਆ ਅਭਿਆਨ ਮਿਡ-ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ, ਪ੍ਰਵੀਨ ਸ਼ਰਮਾ, ਜਗਮੋਹਨ ਸਿੰਘ, ਵਰਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਰਮਨ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ 21 ਅਪਰੈਲ 2022 ਅਤੇ ਕੈਬਨਿਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਜਾਇਜ਼ ਮੰਗਾਂ ਮੰਨਣ ਦੇ ਬਾਵਜੂਦ ਅਧਿਕਾਰੀ ਟਾਲ-ਮਟੋਲ ਕਰ ਰਹੇ ਹਨ। ਵਿੱਤ ਮੰਤਰੀ ਦੇ ਕਹਿਣ ’ਤੇ ਜਥੇਬੰਦੀ ਨੇ ਡੀਜੀਐੱਸਈ ਨੂੰ ਹਲਫ਼ਨਾਮਾ ਵੀ ਦਿੱਤਾ ਸੀ ਪ੍ਰੰਤੂ ਹਾਲੇ ਤੱਕ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਗਈਆਂ ਜਦੋਂਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਚੋਣਾਂ ਤੋਂ ਐਨ ਪਹਿਲਾਂ ਮੁਹਾਲੀ ਧਰਨੇ ਵਿੱਚ ਪਹੁੰਚ ਕੇ ਐਲਾਨ ਕੀਤਾ ਸੀ ਕਿ ਸੱਤਾ ਵਿੱਚ ਆਉਣ ’ਤੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਹੁਣ ਉਨ੍ਹਾਂ ਨੇ ਕੱਚੇ ਮੁਲਾਜ਼ਮਾਂ ਤੋਂ ਮੂੰਹ ਫੇਰ ਲਿਆ ਹੈ।
ਬੁਲਾਰਿਆਂ ਨੇ ਕਿਹਾ ਕਿ ਡਿਪਟੀ ਮੈਨੇਜਰ ਰਾਜਵੀਰ ਸਿੰਘ ’ਤੇ ਬੇਬੁਨਿਆਦ ਦੋਸ਼ ਲਾ ਕੇ ਨੌਕਰੀ ਤੋਂ ਕੱਢ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ 6 ਨਵੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਦੁਬਾਰਾ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਸਿੱਖਿਆ ਵਿਭਾਗ ਨੂੰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਤਨਖ਼ਾਹ ਕਟੌਤੀ ਦੂਰ ਕਰਨ ਦੇ ਆਦੇਸ਼ ਦਿੱਤੇ ਗਏ ਸਨ ਪਰ ਅਫ਼ਸਰਸ਼ਾਹੀ ਨੇ ਮੁਲਾਜ਼ਮ ਮਸਲਿਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਹੁਣ ਉਹ ਲਾਰਿਆਂ ਵਿੱਚ ਨਹੀਂ ਆਉਣਗੇ ਅਤੇ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨਗੇ ਅਤੇ ਰੈਗੂਲਰ ਹੋਣ ਤੱਕ ਪੱਕਾ ਧਰਨਾ ਲਾਇਆ ਜਾਵੇਗਾ।
ਮੁਹਾਲੀ ਪ੍ਰਸ਼ਾਸਨ ਨੇ ਯੂਨੀਅਨ ਆਗੂਆਂ ਦੀ ‘ਆਪ’ ਦੇ ਸੂਬਾ ਪ੍ਰਧਾਨ ਨਾਲ ਮੀਟਿੰਗ ਕਰਵਾਈ
ਮੁਹਾਲੀ ਪ੍ਰਸ਼ਾਸਨ ਵੱਲੋਂ ਯੂਨੀਅਨ ਆਗੂਆਂ ਦੀ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੈਅ ਕਰਵਾਈ ਗਈ। ਮੰਤਰੀ ਨੇ ਮੌਕੇ ’ਤੇ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ, ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਅਤੇ ਡੀਜੀਐੱਸਈ ਵਿਨੈ ਬੁਵਲਾਨੀ ਨਾਲ ਗੱਲ ਕਰਦਿਆਂ ਹਦਾਇਤ ਕੀਤੀ ਕਿ ਇਸ ਸਬੰਧੀ ਕਾਰਵਾਈ ਆਰੰਭੀ ਜਾਵੇ। ਸ੍ਰੀ ਅਰੋੜਾ ਨੇ ਵਫਦ ਨੂੰ 2 ਦਸੰਬਰ ਨੂੰ ਸਿੱਖਿਆ ਸਕੱਤਰ ਨਾਲ ਮੀਟਿੰਗ ਦਾ ਸਮਾਂ ਦਿੱਤਾ। ਯੂਨੀਅਨ ਆਗੂ ਰਾਜਿੰਦਰ ਸਿੰਘ ਨੇ ਦੱਸਿਆ ਕਿ ਭਾਵੇਂ ਸ੍ਰੀ ਅਰੋੜਾ ਨੇ ਭਰੋਸਾ ਦਿੱਤਾ ਹੈ ਪਰ ਸ਼ਾਂਤਮਈ ਧਰਨਾ ਜਾਰੀ ਰਹੇਗਾ। ਜੇ ਮੀਟਿੰਗ ’ਚ ਮਸਲਾ ਹੱਲ ਨਹੀਂ ਹੁੰਦਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਬਾਰੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।