ਬਜ਼ੁਰਗਾਂ ਦੇ ਤਜਰਬਿਆਂ ਨੂੰ ਲੋਕ ਹਿੱਤ ਵਿੱਚ ਵਰਤਿਆ ਜਾਵੇਗਾ: ਕਟਾਰੀਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਦਸੰਬਰ
ਇਥੇ ਚੰਡੀਗੜ੍ਹ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਸੈਕਟਰ-37 ਵਿੱਚ ਸਥਿਤ ਲਾਅ ਭਵਨ ਵਿੱਚ ਕੌਮਾਂਤਰੀ ਬਜ਼ੁਰਗ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ੍ਰੀ ਕਟਾਰੀਆ ਨੇ ਕਿਹਾ ਕਿ ਬਜ਼ੁਰਗਾਂ ਦੇ ਤਜਰਬਿਆਂ ਨੂੰ ਲੋਕ ਹਿੱਤ ਵਿੱਚ ਵਰਤਿਆ ਜਾਵੇਗਾ। ਇਸ ਲਈ ਵੱਖ-ਵੱਖ ਖੇਤਰਾਂ ਵਿੱਚ ਪੂਰੀ ਜ਼ਿੰਦਗੀ ਕੰਮ ਕਰਨ ਵਾਲੇ ਬਜ਼ੁਰਗਾਂ ਨੂੰ ਯੂਟੀ ਪ੍ਰਸ਼ਾਸਨ ਦੀ ਐਡਵਾਈਜ਼ਰੀ ਵਿੱਚ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਚੰਡੀਗੜ੍ਹ ਵਿੱਚ ਸਿਹਤ, ਸਿੱਖਿਆ, ਇੰਜਨੀਅਰਿੰਗ, ਅਪਰਾਧਕ ਰੋਕਥਾਮ ਸਣੇ ਵੱਖ-ਵੱਖ ਖੇਤਰਾਂ ਸਬੰਧੀ ਫ਼ੈਸਲੇ ਲੈਣ ਸਮੇਂ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਜਾ ਸਕੇ। ਪੰਜਾਬ ਦੇ ਰਾਜਪਾਲ ਤੇ ਯੂਟੀ ਪ੍ਰਸ਼ਾਸਕ ਵੱਲੋਂ 85 ਸਾਲ ਤੋਂ ਵੱਧ ਉਮਰ ਦੀਆਂ 10 ਔਰਤਾਂ ਤੇ 90 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਬਜ਼ੁਰਗਾਂ ਦਾ ਸਨਮਾਨ ਕਰਨ ਅਤੇ ਦੇਖ-ਭਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਦਲਦੇ ਸਾਮਾਜ ਦੇ ਢਾਂਚੇ ਵਿੱਚ ਬਜ਼ੁਰਗਾਂ ਨੂੰ ਘਰਾਂ ਵਿੱਚ ਇਕੱਲੇ ਹੀ ਸਮਾਂ ਗੁਜ਼ਾਰਨਾ ਪੈਂਦਾ ਹੈ। ਇਸ ਲਈ ਨੌਜਵਾਨ ਪੀੜ੍ਹੀ ਨੂੂੰ ਵਿਸ਼ੇਸ਼ ਤੌਰ ’ਤੇ ਧਿਆਨ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਘਰ ਵਿੱਚ ਕੋਈ ਬਜ਼ੁਰਗ ਇਕੱਲਾ ਨਾ ਰਹੇ। ਇਸ ਮੌਕੇ ਭਾਜਪਾ ਆਗੂ ਸੰਜੇ ਟੰਡਨ ਨੇ ਚੰਡੀਗੜ੍ਹ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਬਜ਼ੁਰਗਾਂ ਦੇ ਹਿੱਤਾਂ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਬਾਦੀ ਵਧਣ ਦੇ ਨਾਲ-ਨਾਲ ਵੱਡੀ ਉਮਰ ਦੇ ਵਿਅਕਤੀਆਂ ਦੀਆਂ ਮੁਸ਼ਕਲਾਂ ਵੀ ਵਧਦੀਆਂ ਜਾ ਰਹੀਆਂ ਹਨ।
ਯੂਟੀ ਪ੍ਰਸ਼ਾਸਕ ਵੱਲੋਂ ਸੈਕਟਰ 32 ਅਤੇ 48 ਦੇ ਹਸਪਤਾਲਾਂ ਦਾ ਦੌਰਾ
ਚੰਡੀਗੜ੍ਹ (ਕੁਲਦੀਪ ਸਿੰਘ): ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਸੈਕਟਰ-32 ਅਤੇ ਸੈਕਟਰ 48 ਸਥਿਤ ਸਰਕਾਰੀ ਮੈਡੀਕਲ ਕਾਲਜ ਹਸਪਤਾਲਾਂ ਦਾ ਦੌਰਾ ਕੀਤਾ। ਆਪਣੇ ਦੌਰੇ ਦੌਰਾਨ ਉਨ੍ਹਾਂ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਹਾਜ਼ਰ ਡਾਕਟਰਾਂ ਨਾਲ ਗੱਲਬਾਤ ਕਰਕੇ ਦੋਵਾਂ ਹਸਪਤਾਲਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਸੈਕਟਰ-32 ਦੇ ਹਸਪਤਾਲ ਵਿੱਚ ਐਮਰਜੈਂਸੀ ਸੰਭਾਲ ਵਧਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਪ੍ਰਸ਼ਾਸਕ ਨੇ ਕਿਹਾ ਕਿ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ 280 ਬੈੱਡਾਂ ਵਾਲਾ ਨਵਾਂ ਐਮਰਜੈਂਸੀ ਵਿੰਗ ਜੋੜਿਆ ਜਾ ਰਿਹਾ ਹੈ। ਨਵੀਂ ਐਮਰਜੈਂਸੀ ਇਮਾਰਤ, ਜਿਸ ਨੂੰ ਪਹਿਲਾਂ 31 ਦਸੰਬਰ ਤੱਕ ਪੂਰਾ ਕਰਨ ਦਾ ਟੀਚਾ ਸੀ, ਦੇਰੀ ਹੋ ਗਈ ਹੈ ਪਰ ਹੁਣ 31 ਮਾਰਚ ਤੱਕ ਤਿਆਰ ਹੋਣ ਦੀ ਉਮੀਦ ਹੈ। ਸ੍ਰੀ ਕਟਾਰੀਆ ਨੇ ਸਬੰਧਤ ਇੰਜਨੀਅਰਿੰਗ ਵਿੰਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵੀਂ ਸੁਵਿਧਾ ’ਤੇ ਐਮਰਜੈਂਸੀ ਸੇਵਾਵਾਂ ਅਪਰੈਲ ਤੱਕ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਹੋਣ ਨੂੰ ਯਕੀਨੀ ਬਣਾਉਣ। ਸੈਕਟਰ-48 ਦੇ ਹਸਪਤਾਲ ਵਿੱਤ ਰਾਜਪਾਲ ਨੇ ਸਿਹਤ ਸੰਭਾਲ ਨੂੰ ਵਧਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਸਿਹਤ ਵਿਭਾਗ ਨੂੰ ਡਾਕਟਰਾਂ, ਸਟਾਫ਼ ਅਤੇ ਮੈਡੀਕਲ ਉਪਕਰਨਾਂ ਦੀ ਗਿਣਤੀ ਵਧਾਉਣ ਬਾਰੇ ਵਿਸਥਾਰਤ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਜਦੋਂ ਕਿ ਹਸਪਤਾਲ ਦੀ ਸਮਰੱਥਾ 150 ਬਿਸਤਰਿਆਂ ਦੀ ਹੈ, ਪ੍ਰਸ਼ਾਸਕ ਨੇ ਸ਼ਹਿਰ ਵਾਸੀਆਂ ਦੀ ਪ੍ਰਭਾਵਸ਼ਾਲੀ ਸੇਵਾ ਲਈ ਇਸ ਸਮਰੱਥਾ ਦੀ ਪੂਰੀ ਵਰਤੋਂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।