ਗੁਰੂ ਗੋਬਿੰਦ ਸਿੰਘ ਸਟੇਡੀਅਮ ਦੀ ਨੁਹਾਰ ਬਦਲੇਗੀ: ਵਿਧਾਇਕ
ਪੱਤਰ ਪ੍ਰੇਰਕ
ਮਾਛੀਵਾੜਾ, 2 ਫਰਵਰੀ
ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਮਾਛੀਵਾੜਾ ਇਲਾਕੇ ਦੇ ਖੇਡ ਪ੍ਰੇਮੀਆਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਇੱਕ ਨਵਾਂ ਤੋਹਫ਼ਾ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੀ ਨੁਹਾਰ ਬਦਲਣ ਲਈ 3 ਕਰੋੜ ਰੁਪਏ ਖਰਚ ਕੀਤੇ ਜਾਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਿਆਲਪੁਰਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਦੇਸ਼ ਨੌਜਵਾਨਾਂ ਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਲਈ ਪ੍ਰੇਰਿਤ ਕਰਨਾ ਹੈ ਜਿਸ ਤਹਿਤ ਇਤਿਹਾਸਕ ਸ਼ਹਿਰ ਮਾਛੀਵਾੜਾ ਦੇ ਸਟੇਡੀਅਮ ਲਈ 3 ਕਰੋੜ ਰੁਪਏ ਦੀ ਗ੍ਰਾਂਟ ਮਨਜ਼ੂਰ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 3 ਕਰੋੜ ਰੁਪਏ ਦੀ ਲਾਗਤ ਨਾਲ ਐਸਟ੍ਰੋਟਰਫ ਹਾਕੀ ਦਾ ਮੈਦਾਨ ਤਿਆਰ ਕੀਤਾ ਜਾਵੇਗਾ ਅਤੇ ਇਸ ਅਧੁਨਿਕ ਤਕਨੀਕ ਨਾਲ ਬਣੇ ਮੈਟ ’ਤੇ ਖਿਡਾਰੀ ਹੁਣ ਹਾਕੀ ਖੇਡ ਸਕਣਗੇ। ਇਸ ਤੋਂ ਇਲਾਵਾ ਸਟੇਡੀਅਮ ਵਿਚ ਫੁਟਬਾਲ ਦਾ ਵੀ ਇੱਕ ਨਵਾਂ ਮੈਦਾਨ ਤਿਆਰ ਕੀਤਾ ਜਾਵੇਗਾ। ਵਿਧਾਇਕ ਦਿਆਲਪੁਰਾ ਨੇ ਦੱਸਿਆ ਕਿ ਸਟੇਡੀਅਮ ਵਿਚ ਆਧੁਨਿਕ ਵੱਡੀਆਂ ਲਾਈਟਾਂ ਵੀ ਲਗਾਈਆਂ ਜਾਣਗੀਆਂ ਤਾਂ ਜੋ ਖਿਡਾਰੀ ਦੇਰ ਸ਼ਾਮ ਤੱਕ ਇੱਥੇ ਖੇਡ ਸਕਣ।