ਕਿਸਾਨਾਂ ਨੇ ਜ਼ਿਮਨੀ ਚੋਣ ’ਚ ਹਾਕਮ ਧਿਰ ਨੂੰ ਸਬਕ ਸਿਖਾਉਣ ਦਾ ਮਨ ਬਣਾਇਆ
ਰਵਿੰਦਰ ਰਵੀ
ਬਰਨਾਲਾ 1 ਨਵੰਬਰ
ਪਿਛਲੇ ਕਈ ਦਿਨਾਂ ਤੋਂ ਆਪਣੀ ਝੋਨੇ ਦੀ ਫਸਲ ਦੀ ਖਰੀਦ ਸਬੰਧੀ ਮੰਡੀਆਂ ’ਚ ਰੁਲ ਰਹੇ ਕਿਸਾਨਾਂ ਨੇ ਸੂਬੇ ਦੀਆਂ ਚਾਰ ਜ਼ਿਮਨੀ ਚੋਣਾਂ ’ਚ ਸਰਕਾਰ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ। ਬਰਨਾਲਾ ਹਲਕੇ ’ਚ ਪਿਛਲੇ 10 ਦਿਨਾਂ ਤੋਂ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਸਾਬਕਾ ਕੈਬਨਿਟ ਮੰਤਰੀ ’ਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਮੰਡੀਆਂ ’ਚ ਬੈਠੇ ਕਿਸਾਨਾਂ ਨੇ ਕਿਹਾ ਕਿ ਮੰਡੀਆਂ ’ਚ ਝੋਨੇ ਦੀ ਫਸਲ ਦੇ ਲੱਗੇ ਢੇਰ ਮੌਜੂਦਾ ਸਰਕਾਰ ਦੇ ਮੰਤਰੀਆਂ ਨੂੰ ਦਿਖਾਈ ਨਹੀਂ ਦੇ ਰਹੇ ਅਤੇ ਇਸ ਕਿਸਾਨ ਆਪਣੇ ਪਰਿਵਾਰਾਂ ਨਾਲ ਦੀਵਾਲੀ ਤੱਕ ਨਹੀਂ ਮਨਾ ਸਕੇ।
ਕਈ ਕਿਸਾਨਾਂ ਨੇ ਦੱਸਿਆ ਕਿ ਪਹਿਲੀ ਵਾਰ ਹੋ ਰਿਹਾ ਹੈ ਕਿ ਝੋਨੇ ਦੀ ਫਸਲ ਨੂੰ ਵੇਚਣ ਲਈ ਕਈ ਕਈ ਦਿਨ ਮੰਡੀਆਂ ’ਚ ਰੁਲਣਾ ਪੈ ਰਿਹਾ ਹੈ ਅਤੇ ਸਰਕਾਰ ਝੂਠੇ ਵਾਅਦਿਆਂ ਨਾਲ ਡੰਗ ਟਪਾ ਰਹੀ ਹੈ। ਕਿਸਾਨਾਂ ਦੇ ਰੋਹ ਦਾ ਸਾਹਮਣਾ ਸਭ ਤੋਂ ਜ਼ਿਆਦਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਕਰਨਾ ਪੈ ਰਿਹਾ ਹੈ। ਪਾਰਟੀ ਦਾ ਕੋਈ ਵੀ ਆਗੂ ਮੰਡੀਆਂ ’ਚ ਕਿਸਾਨਾਂ ਦੀ ਹੋ ਰਹੀ ਦੁਰਦਿਸ਼ਾ ਬਾਰੇ ਜਾਨਣ ਤੋਂ ਗੁਰੇਜ਼ ਕਰ ਰਿਹਾ ਹੈ। ਜਦਕਿ ਪਾਰਟੀ ਤੋਂ ਬਾਗੀ ਹੋਏ ਅਤੇ ਲੋਕਾਂ ਦੇ ਹਰਮਨ ਪਿਆਰੇ ਆਗੂ ਗੁਰਦੀਪ ਸਿੰਘ ਬਾਠ ਨੂੰ ਪਿੰਡਾਂ ਦੇ ਨਾਲ ਨਾਲ ਸ਼ਹਿਰ ’ਚ ਵੀ ਚੰਗਾ ਹੁੰਗਾਰਾ ਮਿਲ ਰਿਹਾ ਹੈ। ਦੂਜੇ ਪਾਸੇ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨਾਲ ਹਲਕੇ ਦੇ ਭਾਜਪਾ ਆਗੂਆਂ ਨੇ ਚੱਲਣ ਤੋਂ ਕਿਨਾਰਾ ਕੀਤਾ ਹੋਇਆ ਹੈ ਜਿਸ ਦੀ ਚਰਚਾ ਸ਼ਹਿਰ ’ਚ ਕਾਫ਼ੀ ਹੋ ਰਹੀ ਹੈ। ਭਾਜਪਾ ਉਮੀਦਵਾਰ ਦੀ ਟੇਕ ਸ਼ਹਿਰੀ ਵੋਟਰਾਂ ’ਤੇ ਜ਼ਿਆਦਾ ਟਿਕੀ ਹੋਈ ਹੈ। ਭਾਜਪਾ ਤੇ ਕਾਂਗਰਸ ਉਮੀਦਵਾਰ ਇੱਕ ਦੂਜੇ ਨੂੰ ਭੰਡ ਜ਼ਿਆਦਾ ਰਹੇ ਹਨ।