ਕਿਸਾਨ ਜਥੇਬੰਦੀਆਂ ਨੇ ਮੰਡੀਆਂ ਵੱਲ ਪਾਏ ਚਾਲੇ
ਪਰਸ਼ੋਤਮ ਬੱਲੀ
ਬਰਨਾਲਾ, 15 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੀ ਜ਼ਿਲ੍ਹਾ ਬਰਨਾਲਾ ਕਮੇਟੀ ਨੇ ਤਿੰਨੋਂ ਬਲਾਕ ਪ੍ਰਧਾਨਾਂ ਨਾਨਕ ਸਿੰਘ ਅਮਲਾ ਸਿੰਘ ਵਾਲਾ, ਭੋਲਾ ਸਿੰਘ ਛੰਨਾਂ, ਬਾਬੂ ਸਿੰਘ ਖੁੱਡੀ ਕਲਾਂ ਦੀ ਅਗਵਾਈ ਵਿੱਚ ਕਿਸਾਨੀ ਨੂੰ ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ।
ਜਥੇਬੰਦੀ ਦਾ ਕਾਫ਼ਲਾ ਬਰਨਾਲਾ ਅਨਾਜ ਮੰਡੀ ਤੋਂ ਮਾਰਚ ਸ਼ੁਰੂ ਕਰ ਕੇ ਜ਼ਿਲ੍ਹੇ ਦੀਆਂ ਕਈ ਮੰਡੀਆਂ ਵਿੱਚ ਦਸ-ਦਸ ਦਿਨਾਂ ਤੋਂ ਪੁੱਤਾਂ ਵਾਂਗ ਪਾਲੀ ਫ਼ਸਲ ਦੇ ਵਿਕਣ ਦੀ ਉਡੀਕ ਵਿੱਚ ਬੈਠੇ ਅਨੇਕਾਂ ਕਿਸਾਨਾਂ ਨੂੰ ਮਿਲਿਆ। ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਨੇ ਕਿਹਾ ਕਿ ਬਹੁਤ ਸਾਰੇ ਕਿਸਾਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਸ਼ੈੱਲਰ ਮਾਲਕਾਂ ਵੱਲੋਂ 100 ਗੱਟੇ ਪਿੱਛੇ 6 ਗੱਟੇ ਵਾਧੂ ਮੰਗਣ ਦੀ ਗੱਲ ਆਖੀ। ਜਦੋਂ ਇਸ ਸਬੰਧੀ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਸਾਨਾਂ ਦੀ ਗੱਲ ਦੀ ਪੁਸ਼ਟੀ ਕੀਤੀ। ਮਾਰਚ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਸਾਹਿਬ ਸਿੰਘ ਬਡਬਰ ਅਤੇ ਸੀਨੀਅਰ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਲੜੇ ਗਏ ਇਤਿਹਾਸਕ ਕਿਸਾਨ ਘੋਲ ਦੀ ਜਿੱਤ ਨਾਲ, ਕਿਸਾਨ ਜਥੇਬੰਦੀਆਂ ਦੇ ਬਣੇ ਹੋਏ ਮਾਣ ਸਨਮਾਨ ਅਤੇ ਪੁੱਗਤ ਨੂੰ ਸਰਕਾਰਾਂ ਸਹਿਣ ਨਹੀਂ ਕਰ ਰਹੀਆਂ ਅਤੇ ਇਸ ਨੂੰ ਰੋਲਣ ਲਈ ਹਰ ਹੀਲਾ ਵਰਤ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਮੰਡੀ ਸਿਸਟਮ ਨੂੰ ਤਬਾਹ ਕਰਕੇ, ਖੇਤੀ ਖੇਤਰ ’ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣ ਦੀ ਸਾਜਿਸ਼ ਹੈ ਪਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਇਸ ਸਾਜਿਸ਼ ਨੂੰ ਕਿਸੇ ਵੀ ਹਾਲਤ ਵਿੱਚ ਸਫ਼ਲ ਨਹੀਂ ਹੋਣ ਦੇਣਗੀਆਂ। ਜਥੇਬੰਦੀ ਦੇ ਜ਼ਿਲ੍ਹਾ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਸੁਣਾਏ ਜਾ ਰਹੇ ਇੱਕ ਪਾਸੜ ਫੁਰਮਾਨਾਂ ਦੀ ਵੀ ਸਖ਼ਤ ਨਿਖੇਧੀ ਕੀਤੀ। ਆਗੂਆਂ ਆਗੂਆਂ ਨੇ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਇਕੱਠੀ ਕਰਨ, ਢੋਆ-ਢੁਆਈ ਅਤੇ ਖ਼ਪਤ ਦੇ ਪ੍ਰਬੰਧ ਕਰਨੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।