ਕਿਸਾਨ ਜਥੇਬੰਦੀਆਂ ਨੇ ਡੀਸੀ ਦਫ਼ਤਰ ਬਾਹਰ ਧਰਨਾ ਲਾ ਕੇ ਪਰਾਲੀ ਸਾੜੀ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 20 ਨਵੰਬਰ
ਸੰਯੁਕਤ ਕਿਸਾਨ ਮੋਰਚਾ ਦੀ ਅਪੀਲ ’ਤੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਖ਼ਿਲਾਫ਼ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ ਤਹਿਤ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਕਿਸਾਨ ਜਵਾਨ ਭਲਾਈ ਯੂਨੀਅਨ ਅਤੇ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਵਾਲੀ ਜਥੇਬੰਦੀ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਪਰਾਲੀ ਸਾੜ ਕੇ ਰੋਸ ਜ਼ਾਹਿਰ ਕੀਤਾ।
ਇਸ ਮੌਕੇ ਕਿਸਾਨ ਆਗੂ ਮੇਹਰ ਸਿੰਘ ਥੇੜੀ, ਰਵਿੰਦਰ ਸਿੰਘ ਦੇਹਕਲਾਂ ਅਤੇ ਕੁਲਦੀਪ ਸਿੰਘ ਭਾਗੋਮਾਜਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਾਤਾਵਰਨ ਦੀ ਆੜ ਵਿੱਚ ਕਿਸਾਨਾਂ ਨੂੰ ਜੁਰਮਾਨੇ ਕਰਨ ਅਤੇ ਹੋਰ ਵੱਖ-ਵੱਖ ਤਰ੍ਹਾਂ ਦੀਆਂ ਸਜ਼ਾਵਾਂ ਦੇ ਕੇ ਉਨ੍ਹਾਂ ਨੂੰ ਸਮਾਜ ਵਿਰੋਧੀ ਨਾ ਬਣਾਇਆ ਜਾਵੇ ਬਲਕਿ ਉਨ੍ਹਾਂ ਦੀ ਮਜਬੂਰੀ ਨੂੰ ਸਮਝਿਆ ਜਾਵੇ। ਕਿਸਾਨਾਂ ਨੇ ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਨੂੰ ਇਕ ਮੰਗ ਪੱਤਰ ਵੀ ਦਿੱਤਾ, ਜਿਸ ਰਾਹੀਂ ਮੰਗ ਕੀਤੀ ਗਈ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਿਸਾਨਾਂ ਖ਼ਿਲਾਫ਼ ਕਾਰਵਾਈ ’ਤੇ ਫੌਰੀ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਲਈ ਸਰਕਾਰ ਵੱਲੋਂ ਦਿੱਤੇ ਬੇਲਰ ਅਤੇ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀ ਗਈ ਮਸ਼ੀਨਰੀ ਵੀ ਪਰਾਲੀ ਦੇ ਪ੍ਰਬੰਧਨ ਲਈ ਬਹੁਤ ਘੱਟ ਹੈ ਅਤੇ ਸਰਕਾਰ ਖ਼ੁਦ ਵੀ ਇਸ ਗੱਲ ਤੋਂ ਭਲੀਭਾਂਤ ਜਾਣੂ ਹੈ। ਉਨ੍ਹਾਂ ਕਿਹਾ ਕਿ ਗਰੀਨ ਟ੍ਰਿਬਿਊਨਲ ਅਤੇ ਅਦਾਲਤ ਦੇ ਫ਼ੈਸਲੇ ਅਨੁਸਾਰ ਸਰਕਾਰ ਵੱਲੋਂ ਕਿਸਾਨਾਂ ਨੂੰ 100 ਰੁਪਏ ਪ੍ਰਤੀ ਕੁਇੰਟਲ ਬੋਨਸ ਜਾਂ ਪਰਾਲੀ ਪ੍ਰਬੰਧਨ ਦਾ ਮੁਆਵਜ਼ਾ ਜਾਂ ਕੋਈ ਵੀ ਵਿੱਤੀ ਸਹਾਇਤਾ ਨਹੀਂ ਦਿੱਤੀ ਜਾਂਦੀ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਬਹੁਗਿਣਤੀ ਛੋਟੇ ਕਿਸਾਨ ਹਨ, ਜਿਨ੍ਹਾਂ ਕੋਲ ਛੋਟੇ ਟਰੈਕਟਰ ਹਨ। ਇਹ ਕਿਸਾਨ ਨਾ ਤਾਂ ਪਰਾਲੀ ਪ੍ਰਬੰਧਨ ਦੀ ਵੱਡੀ ਮਸ਼ੀਨ ਖਰੀਦ ਸਕਦੇ ਹਨ ਅਤੇ ਨਾ ਹੀ ਚਲਾ ਸਕਦੇ ਹਨ। ਉਹ ਸਿਰਫ਼ ਕਿਰਾਏ ’ਤੇ ਲੈ ਸਕਦੇ ਹਨ ਜਦੋਂਕਿ ਸਰਕਾਰ ਸਿਰਫ਼ ਮਸ਼ੀਨਰੀ ਦੀ ਕੀਮਤ ’ਤੇ ਮਦਦ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਵੱਲੋਂ ਇਹ ਮਸ਼ੀਨਰੀ ਖ਼ਰੀਦਣ ਲਈ ਸਰਕਾਰ ਕੋਲ ਪੈਸੇ ਜਮ੍ਹਾਂ ਕਰਵਾਏ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਮਸ਼ੀਨਰੀ ਮੁਹੱਈਆ ਨਹੀਂ ਹੋਈ।
ਆਗੂਆਂ ਨੇ ਕਿਹਾ ਕਿ ਹੜ੍ਹਾਂ ਕਾਰਨ ਕਿਸਾਨਾਂ ਦੀਆਂ ਜ਼ਮੀਨਾਂ ਬਰਬਾਦ ਹੋ ਗਈਆਂ ਅਤੇ ਡੇਰਾਬੱਸੀ, ਲਾਲੜੂ ਏਰੀਏ ਵਿੱਚ ਬਹੁਤ ਸਾਰੇ ਪਿੰਡਾਂ ਵਿੱਚ ਫ਼ਸਲ ਦੇ ਨਾਲ ਜ਼ਮੀਨ ਵੀ ਰੁੜ੍ਹ ਗਈ, ਜਿਸ ਕਾਰਨ ਕਿਸਾਨ ਪੂਰੀ ਤਰ੍ਹਾਂ ਬਰਬਾਦ ਹੋ ਗਏ ਪਰ ਕਿਸਾਨਾਂ ਨੂੰ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਿਰਫ਼ ਪੰਜ ਏਕੜ ਦਾ ਮੁਆਵਜ਼ਾ ਮਿਲਦਾ ਹੈ। ਘੱਟੋ-ਘੱਟ ਰੁੜ੍ਹੀਆਂ ਜ਼ਮੀਨਾਂ ਦੇ ਮਾਲਕ ਜੋ ਕਿ ਕਣਕ ਦੀ ਫ਼ਸਲ ਵੀ ਨਹੀਂ ਬੀਜ ਸਕੇ, ਉਨ੍ਹਾਂ ਨੂੰ ਹੋਰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿ ਕਿਸਾਨਾਂ ’ਤੇ ਕੀਤੇ ਪਰਚੇ, ਜੁਰਮਾਨੇ ਅਤੇ ਰੈੱਡ ਐਂਟਰੀਆਂ ਰੱਦ ਕੀਤੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਨੂੰ ਤੰਗ ਕਰਨਾ ਬੰਦ ਨਾ ਕੀਤਾ ਤਾਂ ਸੰਯੁਕਤ ਕਿਸਾਨ ਮੋਰਚਾ ਦੀ ਸਲਾਹ ਨਾਲ ਉੱਤਰੀ ਭਾਰਤ ਦੀਆਂ 18 ਕਿਸਾਨ ਯੂਨੀਅਨਾਂ ਵੱਲੋਂ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।
ਪਰਾਲੀ ਦੀਆਂ ਟਰਾਲੀਆਂ ਭਰ ਕੇ ਐੱਸਡੀਐੱਮ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ
ਖਮਾਣੋਂ (ਜਗਜੀਤ ਕੁਮਾਰ): ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਵੱਲੋਂ ਐੱਸਡੀਐੱਮ ਦਫਤਰ ਖਮਾਣੋਂ ਅੱਗੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਐੱਸਡੀਐੱਮ ਖਮਾਣੋਂ ਨੂੰ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਰਾਹੀਂ ਮੰਗ ਪੱਤਰ ਦਿੱਤਾ ਗਿਆ। ਜ਼ਿਲ੍ਹਾ ਮੀਤ ਪ੍ਰਧਾਨ ਉੱਤਮ ਸਿੰਘ ਬਰਵਾਲੀ, ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾਂ ਨੀਵਾਂ ਅਤੇ ਕਿਰਪਾਲ ਸਿੰਘ ਬਦੇਸ਼ ਕਲਾਂ ਨੇ ਦੱਸਿਆ ਕਿ ਇਸ ਮੰਗ ਪੱਤਰ ਵਿੱਚ ਪਰਾਲੀ ਸਾੜਨ ਦੇ ਪਰਚੇ, ਰੈੱਡ ਐਂਟਰੀਆਂ, ਜੁਰਮਾਨੇ ਰੱਦ ਕਰਨ ਆਦਿ ਮੰਗਾਂ ਕੀਤੀਆਂ ਗਈਆਂ। ਇਸ ਦੌਰਾਨ ਇਲਾਕੇ ਦੇ ਕਿਸਾਨ ਵੱਡੀ ਗਿਣਤੀ ਵਿੱਚ ਟਰਾਲੀਆਂ ਵਿੱਚ ਪਰਾਲੀ ਲੈ ਕੇ ਪਹੁੰਚੇ ਅਤੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਰਨੈਲ ਸਿੰਘ ਜਟਾਣਾ ਬਲਾਕ ਪ੍ਰਧਾਨ, ਜਰਨਲ ਸਕੱਤਰ ਕਿਰਪਾਲ ਸਿੰਘ ਬਦੇਸ਼ਾ, ਮੋਹਨ ਸਿੰਘ ਭੁੱਟਾ ਆਦਿ ਹਾਜ਼ਰ ਸਨ।