ਕਿਸਾਨ ਜਥੇਬੰਦੀਆਂ ਨੇ ਡੀਸੀ ਨੂੰ ਮੰਗ ਪੱਤਰ ਸੌਂਪਿਆ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 18 ਜੁਲਾਈ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਕਿਸਾਨਾਂ ਦੀਆਂ ਮੰਗਾਂ ਦੇ ਸਬੰਧ ’ਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਮੰਗ ਪੱਤਰ ਦਿੱਤਾ ਗਿਆ। ਵਫ਼ਦ ਨੇ ਮੰਗ ਕੀਤੀ ਕਿ ਮੱਕੀ ਤੇ ਮੂੰਗੀ ਦੀ ਫ਼ਸਲ ਦੀ ਸਰਕਾਰ ਦੁਆਰਾ ਤੈਅ ਐਮ.ਐਸ.ਪੀ ’ਤੇ ਖਰੀਦੀ ਜਾਵੇ, ਕੇਰਲ ਸਰਕਾਰ ਦੀ ਤਰਜ਼ ’ਤੇ ਤੇਲ ਬੀਜਾਂ, ਦਾਲਾਂ ਅਤੇ ਸਬਜੀਆਂ ਦੀ ਖਰੀਦ ਲਈ ਐਮ.ਐਸ.ਪੀ ਗਰੰਟੀ ਕਾਨੂੰਨ ਬਣਾਇਆ ਜਾਵੇ, ਅਬਾਦਕਾਰ ਕਿਸਾਨਾਂ ਮਜ਼ਦੂਰਾਂ ਦੀਆਂ ਜ਼ਮੀਨਾਂ ’ਤੇ ਹਮਲੇ ਰੋਕ ਕੇ ਪੱਕੇ ਮਾਲਕੀ ਹੱਕ ਦਿੱਤੇ ਜਾਣ, ਪ੍ਰੀਪੇਡ ਮੀਟਰ ਦੀ ਨੀਤੀ ਵਾਪਸ ਲਈ ਜਾਵੇ, ਕਾਮਿਆਂ ਦੀ ਰੈਗੂਲਰ ਭਰਤੀ ਕੀਤੀ ਜਾਵੇ, ਹੜ੍ਹ ਪੀੜਤ ਕਿਸਾਨਾਂ ਦਾ ਸਮੁੱਚਾ ਕਰਜ਼ਾ ਮਾਫ਼ ਕੀਤਾ ਜਾਵੇ ਅਤੇ ਤਬਾਹ ਹੋਈਆਂ ਫ਼ਸਲਾਂ ਦਾ ਉੱਚਿਤ ਮੁਆਵਜ਼ਾ ਦਿੱਤਾ ਜਾਵੇ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਨੇ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿਚ ਕਿਸਾਨ ਜਥੇਬੰਦੀਆਂ ਵਲੋਂ 24 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ ਅਤੇ ਜੇਕਰ ਫਿਰ ਵੀ ਸੁਣਵਾਈ ਨਹੀਂ ਹੁੰਦੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਰੇਲਵੇ ਲਾਈਨਾਂ ’ਤੇ ਧਰਨੇ ਦਿੱਤੇ ਜਾਣਗੇ। ਵਫ਼ਦ ਵਿਚ ਦਵਿੰਦਰ ਸਿੰਘ ਕਾਹਲੋਂ, ਲਖਵੀਰ ਸਿੰਘ, ਅਮਨਦੀਪ ਕੌਰ, ਕਸ਼ਮੀਰ ਸਿੰਘ, ਰਾਮ ਸਿੰਘ ਭਾਨਾ, ਕੁਲਵਿੰਦਰ ਸਿੰਘ, ਜਗਦੀਪ ਸਿੰਘ ਗਿੱਲ ਆਦਿ ਸ਼ਾਮਲ ਸਨ।