ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਸਤੰਬਰ
ਜਮਹੂਰੀ ਕਿਸਾਨ ਸਭਾ ਪੰਜਾਬ ਦੇ ਵਫ਼ਦ ਨੇ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧਾਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੂੰ ਮੰਗ ਪੱਤਰ ਦਿੱਤਾ। ਵਫਦ ਵਿੱਚ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਅਮਰੀਕ ਸਿੰਘ ਜੜਤੌਲੀ, ਗੁਰਉਪਦੇਸ਼ ਸਿੰਘ ਘੁੰਗਰਾਣਾ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਸੁਰਜੀਤ ਸਿੰਘ ਸੀਲੋਂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਕੁੱਝ ਦਿਨਾਂ ਵਿੱਚ ਮੰਡੀਆਂ ਵਿੱਚ ਆ ਜਾਵੇਗੀ। ਇਸ ਲਈ ਮੰਡੀਆਂ ਵਿੱਚ ਕਿਸਾਨਾਂ ਨੂੰ ਪੀਣ ਵਾਲੇ ਪਾਣੀ, ਸੇਵਾਦਾਰਾਂ, ਛਾਂ ਤੇ ਬਾਥਰੂਮਾਂ ਦੇ ਅਨਾਜ ਮੰਡੀਆਂ ਵਿੱਚ ਪ੍ਰਬੰਧ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਿਣਸ ਕੰਪਿਊਟਰ ਕੰਢੇ ਨਾਲ ਤੋਲੀ ਜਾਵੇ ਅਤੇ ਝੋਨਾ ਬਿਨਾਂ ਕਿਸੇ ਦੇਰੀ ਦੇ ਖ਼ਰੀਦਿਆਂ ਜਾਵੇ। ਉਨ੍ਹਾਂ ਮੰਡੀਆਂ ’ਚ ਬੋਲੀ ਇੰਸਪੈਕਟਰ ਵੱਲੋਂ ਕਰਨ, ਸ਼ੈੱਲਰ ਵਾਲਿਆਂ ਦੀ ਮੰਡੀਆਂ ਵਿੱਚ ਦਖ਼ਲਅੰਦਾਜ਼ੀ ਬੰਦ ਕਰਨ, ਝੋਨਾ ਵੱਧ ਤੋਲਣ ਵਾਲੇ ਆੜ੍ਹਤੀਆਂ ਅਤੇ ਤੋਲੇ ਉੱਪਰ ਚੋਰੀ ਦਾ ਪਰਚਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ, ਡੀਏਪੀ ਖਾਦ ਨਾਲ ਵਾਧੂ ਸਾਮਾਨ ਦੇਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਕਰਨ, ਨਕਲੀ ਖਾਦਾਂ, ਬੀਜ, ਦਵਾਈਆਂ ਦੀ ਵਿਕਰੀ ਰੋਕਣ ਲਈ ਕੰਪਨੀਆਂ ਦੇ ਜ਼ਿਲ੍ਹਾ ਪੱਧਰੀ ਸਟੋਰਾਂ ਦੀ ਚੈਕਿੰਗ ਕਰਕੇ ਸੈਂਪਲ ਭਰੇ ਜਾਣ ਅਤੇ ਸੜਕ ’ਤੇ ਪਸ਼ੂ ਲੈ ਕੇ ਘੁੰਮ ਰਹੇ ਤੇ ਬੂਟੇ ਖਰਾਬ ਕਰਨ ਵਾਲਿਆਂ ਨੂੰ ਰੋਕਿਆ ਜਾਵੇ। ਵਫ਼ਦ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਅਗਲੇ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਇਸ ਮੌਕੇ ਮਲਕੀਤ ਸਿੰਘ ਗਰੇਵਾਲ, ਨਛੱਤਰ ਸਿੰਘ, ਸਰਬਪ੍ਰੀਤ ਸਿੰਘ, ਹਰਜਿੰਦਰ ਸਿੰਘ ਤੇ ਜਸਵੀਰ ਸਿੰਘ ਵੀ ਹਾਜ਼ਰ ਸਨ।