ਕਿਸਾਨਾਂ ਨੇ ਪਰਾਲੀ ਫੂਕਣ ਤੋਂ ਰੋਕਣ ਪੁੱਜੀ ਪ੍ਰਸ਼ਾਸਨਿਕ ਟੀਮ ਘੇਰੀ
ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਨਵੰਬਰ
ਭਾਵੇਂ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਸਮੇਤ ਸਮੁੱਚਾ ਜ਼ਿਲ੍ਹਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਪਰਾਲੀ ਸਾੜਨ ਤੋਂ ਰੋਕਣ ਵਾਸਤੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪੱਬਾਂ ਭਾਰ ਹੈ ਅਤੇ ਨਿੱਤ ਦਿਨ ਪ੍ਰਸ਼ਾਸਨਿਕ ਟੀਮਾਂ ਪਿੰਡ-ਪਿੰਡ ਪੁੱਜ ਰਹੀਆਂ ਹਨ ਪਰ ਕਿਸਾਨਾਂ ਦੇ ਤੇਵਰ ਨਰਮ ਨਹੀਂ ਪੈ ਰਹੇ ਜਿਸ ਦਾ ਪ੍ਰਤੱਖ ਸਬੂਤ ਅੱਜ ਉਸ ਸਮੇਂ ਦੇਖਣ ਲਈ ਮਿਲਿਆ ਜਦੋਂ ਨੇੜਲੇ ਪਿੰਡ ਲੱਡੀ ਪੁੱਜੀ ਪ੍ਰਸ਼ਾਸਨ ਦੀ ਟੀਮ ਦਾ ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਇਕੱਠੇ ਹੋਏ ਕਿਸਾਨਾਂ ਨੇ ਘਿਰਾਓ ਕਰ ਲਿਆ। ਤਹਿਸੀਲਦਾਰ ਸਮੇਤ ਟੀਮ ਨੂੰ ਕਰੀਬ ਡੇਢ ਘੰਟੇ ਤੱਕ ਰੋਕੀਂ ਰੱਖਿਆ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਵਿਰੋਧ ਕੀਤਾ ਗਿਆ।
ਅੱਜ ਬਾਅਦ ਦੁਪਹਿਰ ਤਹਿਸੀਲਦਾਰ ਸੰਗਰੂਰ ਦੀ ਅਗਵਾਈ ਹੇਠ ਟੀਮ ਪੁਲੀਸ ਸਮੇਤ ਨੇੜਲੇ ਪਿੰਡ ਲੱਡੀ ’ਚ ਪਰਾਲੀ ਸਾੜਨ ਦੇ ਮਾਮਲਿਆ ਦਾ ਜਾਇਜ਼ਾ ਲੈਣ ਪੁੱਜੀ ਸੀ। ਇਸਦਾ ਪਤਾ ਲੱਗਦਿਆਂ ਹੀ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨ ਤੁਰੰਤ ਇਕੱਠੇ ਹੋ ਗਏ ਅਤੇ ਸੜਕ ਦੇ ਕਿਨਾਰੇ ਹੀ ਘਿਰਾਓ ਕਰ ਲਿਆ। ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਜਗਤਾਰ ਸਿੰਘ ਲੱਡੀ ਅਤੇ ਪਿੰਡ ਇਕਾਈ ਪ੍ਰਧਾਨ ਕੁਲਵਿੰਦਰ ਸਿੰਘ ਨੇ ਕਿਹਾ ਕਿ ਤਹਿਸੀਲਦਾਰ ਸੰਗਰੂਰ ਦੀ ਅਗਵਾਈ ਹੇਠ ਟੀਮ ਪਿੰਡ ਲੱਡੀ ’ਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਪੁੱਜੀ ਅਤੇ ਖੇਤਾਂ ਦੀਆਂ ਤਸਵੀਰਾਂ ਖਿੱਚੀਆਂ ਜਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਖ਼ਿਲਾਫ ਕੇਸ ਦਰਜ ਕੀਤੇ ਜਾ ਰਹੇ ਹਨ ਜਦੋਂ ਕਿ ਪਰਾਲੀ ਸਾੜਨਾ ਕਿਸਾਨਾਂ ਦੀ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਬਜਿਾਈ ਦਾ ਸਮਾਂ ਹੈ ਪਰ ਕਿਸਾਨਾਂ ਦੇ ਖੇਤਾਂ ਵਿਚ ਬਣੀਆਂ ਪਰਾਲੀ ਦੀਆਂ ਗੱਠਾਂ ਨੂੰ ਉਠਾਇਆ ਨਹੀਂ ਜਾ ਰਿਹਾ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਵੀ ਪ੍ਰਸ਼ਾਸ਼ਨ ਵਲੋਂ ਪਿੰਡ ਵਿੱਚ ਅਨਾਉੂਂਸਮੈਂਟ ਕਰਵਾਈ ਗਈ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੀ ਧੱਕੇਸ਼ਾਹੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸ਼ਾਂਤਮਈ ਢੰਗ ਨਾਲ ਡਟ ਕੇ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਸਰਪੰਚ ਚਮਕੌਰ ਸਿੰਘ, ਸੰਦੀਪ ਸਿੰਘ, ਅਵਤਾਰ ਸਿੰਘ, ਗੁਰਜੰਟ ਸਿੰਘ, ਕੁਲਜਿੰਦਰ ਸਿੰਘ, ਮਹਿੰਦਰ ਕੌਰ, ਮਹਿਲਾ ਇਕਾਈ ਪ੍ਰਧਾਨ ਅਮਰਜੀਤ ਕੌਰ, ਸੁਰਜੀਤ ਕੌਰ, ਸੁਖਪਾਲ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ, ਨਛੱਤਰ ਕੌਰ ਆਦਿ ਮੌਜੂਦ ਸਨ। ਇਸ ਮੌਕੇ ਪ੍ਰਸ਼ਾਸਨਿਕ ਟੀਮ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਪੁੱਜੇ ਸੀ ਅਤੇ ਕਿਸੇ ਕਿਸਾਨ ਖ਼ਿਲਾਫ਼ ਕੋਈ ਕਾਰਵਾਈ ਕਰਨ ਲਈ ਨਹੀਂ ਪੁੱਜੇ ਸਨ। ਕੋਈ ਕਾਰਵਾਈ ਨਾ ਕਰਨ ਦੇ ਦਿੱਤੇ ਭਰੋਸੇ ਮਗਰੋਂ ਕਿਸਾਨਾਂ ਵਲੋਂ ਘਿਰਾਓ ਖਤਮ ਕੀਤਾ ਗਿਆ।