ਪੰਚਾਇਤੀ ਜ਼ਮੀਨ ਦੇ ਮਾਮਲੇ ’ਚ ਦੋ ਧਿਰਾਂ ਦੀ ਲੜਾਈ; ਔਰਤ ਸਮੇਤ ਤਿੰਨ ਜ਼ਖਮੀ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 28 ਮਾਰਚ
ਪਿੰਡ ਹਾਮਝੇੜੀ ਵਿੱਓ ਪੰਚਾਇਤੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਹੋਈ ਲੜਾਈ ਵਿੱਚ ਔਰਤ ਸਮੇਤ ਤਿੰਨ ਵਿਅਕਤੀ ਜ਼ਖਮੀ ਹੋ ਗਏ।
ਜ਼ਖਮੀਆਂ ਨੂੰ ਤੁਰੰਤ ਪਾਤੜਾਂ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰ ਵੱਲੋਂ ਮੁਢਲੀ ਸਹਾਇਤਾ ਦੇਣ ਉਪਰੰਤ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਲੜਾਈ ਨੂੰ ਲੈ ਕੇ ਦੋਨਾਂ ਧਿਰਾਂ ਵੱਲੋਂ ਇੱਕ ਦੂਜੇ ਵਿਰੁੱਧ ਦੋਸ਼ ਲਗਾਏ ਜਾ ਰਹੇ ਹਨ।
ਹਸਪਤਾਲ ਵਿੱਚ ਜ਼ੇਰੇ ਇਲਾਜ ਪਿੰਡ ਹਾਮਝੇੜੀ ਵਾਸੀ ਮੇਘਾ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਪੰਚਾਇਤੀ ਜ਼ਮੀਨ ਨੂੰ ਲੈ ਕੇ ਦੋਵਾਂ ਧਿਰਾਂ ਦਰਮਿਆਨ ਅਦਾਲਤ ਵਿੱਚ ਕੇਸ ਦੇ ਚਲਦਿਆਂ ਜੀਤ ਸਿੰਘ ਦੇ ਪੁੱਤਰ ਦਵਿੰਦਰ ਸਿੰਘ ਨੇ ਉਸ ਵਕਤ ਉਸ ਉੱਤੇ ਹਮਲਾ ਕਰ ਦਿੱਤਾ ਜਦੋਂ ਉਹ ਆਟਾ ਚੱਕੀ ਉੱਤੇ ਗਿਆ ਹੋਇਆ ਸੀ। ਲੋਕਾਂ ਨੇ ਛੁਡਾ ਕੇ ਜਦੋਂ ਉਸ ਨੂੰ ਘਰ ਭੇਜ ਦਿੱਤਾ ਤਾਂ ਰਸਤੇ ਵਿੱਚ ਆਉਂਦਿਆ ਦਵਿੰਦਰ ਸਿੰਘ ਨੇ ਮੁੜ ਉਸ ’ਤੇ ਉਸਦੀ ਪਤਨੀ ਸੁਨੀਤਾ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਹੈ।
ਦੂਜੇ ਪਾਸੇ ਹਸਪਤਾਲ ਵਿੱਚ ਦਾਖਲ ਜੀਤ ਸਿੰਘ ਦੇ ਪੁੱਤਰ ਦਵਿੰਦਰ ਸਿੰਘ ਨੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਉਸ ਦੇ ਪਿਤਾ ਉੱਤੇ ਮੇਘਾ ਸਿੰਘ ਨੇ ਕਾਤਲਾਨਾ ਹਮਲਾ ਕੀਤਾ। ਪਿਤਾ ਵੱਲੋਂ ਰੌਲਾ ਪਾਉਣ ਤੇ ਮੌਕੇ ਉੱਤੇ ਉਹ ਪਹੁੰਚ ਗਿਆ। ਉਸ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਉੱਤੇ ਦੋਵੇਂ ਧਿਰਾਂ ਕਾਬਜ਼ ਹਨ ਪਰ ਮੇਘਾ ਸਿੰਘ ਜਾਣ ਬੁਝ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੈ।
ਇਲਾਜ ਕਰ ਰਹੇ ਡਾਕਟਰ ਨੇ ਦੱਸਿਆ ਕਿ ਤਿੰਨੋ ਜ਼ਖਮੀਆਂ ਦੀ ਹਾਲਤ ਸਥਿਰ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਪਰ ਮੁੱਢਲੀ ਸਹਾਇਤਾ ਦੇਣ ਉਪਰੰਤ ਤਿੰਨਾਂ ਮਰੀਜ਼ਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਜਾ ਰਿਹਾ ਹੈ।